ਕਰੋਨਾ ਸੰਕਟ ਦੌਰਾਨ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਸਹਿਯੋਗ ਦੀ ਸ਼ਲਾਘਾ ਕੀਤੀ
ਸੰਗਰੂਰ/ਬਿਊਰੋ ਨਿਊਜ਼ : ਕੇਂਦਰੀ ਸਿਹਤ ਰਾਜ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਕਿ ਪੀਜੀਆਈ ਸੈਟੇਲਾਈਟ ਸੈਂਟਰ ਤੇ ਹਸਪਤਾਲ ਨੂੰ ਜਨਵਰੀ-2023 ਵਿੱਚ ਪੂਰਨ ਰੂਪ ਵਿੱਚ ਚਾਲੂ ਕਰ ਦਿੱਤਾ ਜਾਵੇਗਾ। ਪੀਜੀਆਈ ਸੈਟੇਲਾਈਟ ਸੈਂਟਰ ਵਿਚ ਮਰੀਜ਼ਾਂ ਲਈ ਹੁਣ ਸਿਰਫ਼ ਓਪੀਡੀ ਹੀ ਚਾਲੂ ਹੈ ਪਰ ਜਨਵਰੀ-2023 ਤੱਕ ਅਪਰੇਸ਼ਨ ਤੇ ਹੋਰ ਮੈਡੀਕਲ ਸਹੂਲਤਾਂ ਚਾਲੂ ਹੋ ਜਾਣਗੀਆਂ। ਮਾਂਡਵੀਆ ਨੇ ਪੀਜੀਆਈ ਸੈਟੇਲਾਈਟ ਸੈਂਟਰ ਘਾਬਦਾਂ ਦਾ ਦੌਰਾ ਕਰਨ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਵੀ ਕੀਤਾ।
ਕੇਂਦਰੀ ਮੰਤਰੀ ਨੇ ਇੱਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਜੈਨਰਿਕ ਦਵਾਈਆਂ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਦੇਸ਼ ਵਿਚ ਕਰੀਬ ਅੱਠ ਹਜ਼ਾਰ ਜਨ-ਔਸ਼ਧੀ ਕੇਂਦਰ ਚੱਲ ਰਹੇ ਹਨ। ਪੀਜੀਆਈ ਸੈਟੇਲਾਈਟ ਸੈਂਟਰ ਘਾਬਦਾਂ ਵਿੱਚ ਵੀ ਜਨ-ਔਸ਼ਧੀ ਕੇਂਦਰ ਚਾਲੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਵਿਚ ਜੈਨਰਿਕ ਦਵਾਈਆਂ ਦੇ ਪਾਸਾਰ ਲਈ ਕੰਮ ਕਰ ਰਹੀ ਹੈ। ਡਾਕਟਰਾਂ ਨੂੰ ਜਨ-ਔਸ਼ਧੀ ਮੈਡੀਸਨ ਨੂੰ ਤਰਜੀਹ ਦੇਣ ਲਈ ਕਿਹਾ ਗਿਆ ਹੈ। ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਨੂੰ ਵੀ ਆਦੇਸ਼ ਦਿੱਤੇ ਗਏ ਹਨ ਕਿ ਕੰਪਨੀ ਦੇ ਨਾਮ ਨਾਲੋਂ ਦਵਾਈਆਂ ਦਾ ਨਾਮ ਵੱਡੇ ਆਕਾਰ ਵਿੱਚ ਛਾਪਿਆ ਜਾਵੇ। ਮਾਂਡਵੀਆ ਨੇ ਕਿਹਾ ਕਿ ਆਯੁਰਵੈਦਿਕ ਅਤੇ ਹੋਮਿਓਪੈਥੀ ਨੂੰ ਵੀ ਦੇਸ਼ ਵਿੱਚ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸਰਕਾਰ ਆਯੁਰਵੈਦਿਕ ਅਤੇ ਹੋਮਿਓਪੈਥੀ ਕੇਂਦਰਾਂ ਦੀ ਗਿਣਤੀ ਵਧਾ ਰਹੀ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਦੇਸ਼ ਵਿਚ ਕਰੀਬ 10 ਕਰੋੜ ਪਰਿਵਾਰ ਪ੍ਰਤੀ ਸਾਲ ਪੰਜ ਲੱਖ ਰੁਪਏ ਦੇ ਇਲਾਜ ਦਾ ਲਾਭ ਉਠਾ ਰਹੇ ਹਨ। ਸਰਕਾਰ ਯਤਨਸ਼ੀਲ ਹੈ ਕਿ ਵੱਧ ਤੋਂ ਵੱਧ ਗ਼ਰੀਬ ਤੇ ਲੋੜਵੰਦ ਪਰਿਵਾਰ ਇਸ ਸਕੀਮ ਨਾਲ ਜੁੜਨ। ਉਨ੍ਹਾਂ ਕਿਹਾ ਕਿ ਜੇ ਚੰਗੇ ਪ੍ਰਾਈਵੇਟ ਹਸਪਤਾਲ ਵੀ ਇਸ ਸਕੀਮ ਨਾਲ ਜੁੜਨਾ ਚਾਹੁਣ ਤਾਂ ਉਨ੍ਹਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਰੋਨਾ ਸੰਕਟ ਦੌਰਾਨ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵੈਕਸੀਨੇਸ਼ਨ ਵਿਚ ਭਾਰਤ ਨੇ ਦੁਨੀਆ ਭਰ ‘ਚ ਸਭ ਤੋਂ ਵੱਧ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਬੂਸਟਰ ਡੋਜ਼ ਲਗਵਾਉਣ ਦੀ ਅਪੀਲ ਕੀਤੀ। ਇਸ ਮੌਕੇ ਭਾਜਪਾ ਆਗੂ ਦਿਆਲ ਸਿੰਘ ਸੋਢੀ, ਸਾਬਕਾ ਵਿਧਾਇਕ ਅਰਵਿੰਦ ਖੰਨਾ, ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਅਤੇ ਪੀਜੀਆਈ ਸੈਟੇਲਾਈਟ ਸੈਂਟਰ ਦੇ ਅਧਿਕਾਰੀ ਮੌਜੂਦ ਸਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …