ਸੈਲੂਨ ‘ਚ ਵਾਲ ਕਟਵਾਉਣ ਦੌਰਾਨ ਵਿਜੀਲੈਂਸ ਨੇ ਹਿਰਾਸਤ ‘ਚ ਲਿਆ
ਲੁਧਿਆਣਾ/ਬਿਊਰੋ ਨਿਊਜ਼ : ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘੁਟਾਲਾ ਮਾਮਲੇ ‘ਚ ਵਿਜੀਲੈਂਸ ਲੁਧਿਆਣਾ ਰੇਂਜ ਦੀ ਟੀਮ ਨੇ ਸੋਮਵਾਰ ਦੇਰ ਸ਼ਾਮ ਗ੍ਰਿਫਤਾਰ ਕਰ ਲਿਆ। ਕਾਂਗਰਸ ਆਗੂ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ, ਜਦੋਂ ਉਹ ਲੁਧਿਆਣਾ ਦੇ ਮਾਲ ਰੋਡ ‘ਤੇ ਇੱਕ ਸੈਲੂਨ ‘ਚ ਵਾਲ ਕਟਵਾ ਰਹੇ ਸਨ। ਇਸ ਦੌਰਾਨ ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਆਪਣੇ ਸਾਥੀਆਂ ਨਾਲ ਉਥੇ ਪੁੱਜੇ ਅਤੇ ਉਨ੍ਹਾਂ ਆਸ਼ੂ ਦੀ ਗ੍ਰਿਫਤਾਰੀ ਦਾ ਵਿਰੋਧ ਕੀਤਾ ਤੇ ਉਨ੍ਹਾਂ ਦੀ ਵਿਜੀਲੈਂਸ ਅਧਿਕਾਰੀਆਂ ਨਾਲ ਬਹਿਸ ਵੀ ਹੋਈ।
ਗੁੱਸੇ ‘ਚ ਆਏ ਬਿੱਟੂ ਨੇ ਵਿਜੀਲੈਂਸ ਅਧਿਕਾਰੀਆਂ ਨੂੰ ਆਪਣੀ ਪਛਾਣ ਜ਼ਾਹਿਰ ਕਰਨ ਲਈ ਆਈਡੀ ਕਾਰਡ ਵੀ ਮੰਗੇ।
ਲੋਕ ਸਭਾ ਮੈਂਬਰ ਰਵਨੀਤ ਬਿੱਟੂ ਨੇ ਆਰੋਪ ਲਾਇਆ ਕਿ ਵਿਜੀਲੈਂਸ ‘ਆਪ’ ਸਰਕਾਰ ਦੇ ਦਬਾਅ ਹੇਠ ਕੰਮ ਰਹੀ ਹੈ। ਇਸ ਮੌਕੇ ਪੁੱਜੇ ਸਾਬਕਾ ਵਿਧਾਇਕ ਸੁਰਿੰਦਰ ਡਾਵਰ ਤੇ ਸੰਜੈ ਤਲਵਾੜ ਨੇ ਕਿਹਾ ਕਿ ਇਹ ਸਰਾਸਰ ਧੱਕਾ ਹੈ ਜਿਸਨੂੰ ਕਾਂਗਰਸ ਬਰਦਾਸ਼ਤ ਨਹੀਂ ਕਰੇਗੀ।
ਜ਼ਿਕਰਯੋਗ ਹੈ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਮੁਹਾਲੀ ਦੇ ਸੈਕਟਰ-68 ਸਥਿਤ ਵਿਜੀਲੈਂਸ ਭਵਨ ਦੇ ਬਾਹਰ ਹੱਲਾ ਬੋਲ ਪ੍ਰਦਰਸ਼ਨ ਦੌਰਾਨ ਆਸ਼ੂ ਵੀ ਮੌਜੂਦ ਸਨ ਅਤੇ ਉਨ੍ਹਾਂ ਵਿਜੀਲੈਂਸ ਨੂੰ ਲਲਕਾਰਦਿਆਂ ਕਿਹਾ ਸੀ ਕਿ ਵਿਜੀਲੈਂਸ ਭ੍ਰਿਸ਼ਟਾਚਾਰ ਕੇਸ ਵਿੱਚ ਨਾਮਜ਼ਦ ਕਰਨ ਬਾਰੇ ਮੀਡੀਆ ‘ਚ ਖ਼ਬਰਾਂ ਪ੍ਰਕਾਸ਼ਿਤ ਕਰਵਾ ਕੇ ਉਸ ਨੂੰ ਬਦਨਾਮ ਕਰਨ ਅਤੇ ਡਰ ਤੇ ਦਹਿਸ਼ਤ ਦਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ। ਜੇ ਉਹ ਦੋਸ਼ੀ ਹਨ ਤਾਂ ਵਿਜੀਲੈਂਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਵੇ।
ਆਸ਼ੂ ਨੇ ਇਹ ਦਾਅਵਾ ਵੀ ਕੀਤਾ ਸੀ ਕਿ ਪਿਛਲੇ 5 ਮਹੀਨਿਆਂ ਤੋਂ ‘ਆਪ’ ਸਰਕਾਰ ਦੇ ਹੁਕਮਾਂ ‘ਤੇ ਵਿਜੀਲੈਂਸ ਨੇ ਉਸ ਕੋਲ ਰਹੇ ਮਹਿਕਮੇ ਦੀਆਂ ਸਾਰੀਆਂ ਫਾਈਲਾਂ ਛਾਣ ਮਾਰੀਆਂ ਹਨ ਪ੍ਰੰਤੂ ਕੁੱਝ ਵੀ ਨਹੀਂ ਮਿਲਿਆ ਹੈ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਉਹ ਸੂਬਾ ਪੱਧਰ ‘ਤੇ ਆਪ ਸਰਕਾਰ ਦੀ ਇਸ ਧੱਕੇਸ਼ਾਹੀ ਦਾ ਜਵਾਬ ਦੇਣਗੇ।
ਟਰਾਂਸਪੋਰਟ ਠੇਕੇਦਾਰਾਂ ਵੱਲੋਂ ਵਿਜੀਲੈਂਸ ਦੇ ਹੱਕ ‘ਚ ਮੁਜ਼ਾਹਰਾ
ਮੁਹਾਲੀ : ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਟੇਸ਼ਨ ਦਾ ਕੰਮ ਕਰਦੇ ਪ੍ਰਾਈਵੇਟ ਠੇਕੇਦਾਰਾਂ ਨੇ ਵਿਜੀਲੈਂਸ ਭਵਨ ਦੇ ਬਾਹਰ ਸਾਬਕਾ ਫੂਡ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਖ਼ਿਲਾਫ਼ ਰੋਸ ਮੁਜ਼ਾਹਰਾ ਕਰਦਿਆਂ ਵਿਜੀਲੈਂਸ ਦੀ ਕਾਰਵਾਈ ਨੂੰ ਬਿਲਕੁਲ ਜਾਇਜ਼ ਦੱਸਿਆ ਹੈ।
ਸੰਘਰਸ਼ ਕਮੇਟੀ ਦੇ ਆਗੂ ਗੁਰਪ੍ਰੀਤ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ‘ਤੇ ਵਿਜੀਲੈਂਸ ਦੀ ਕਾਰਵਾਈ ਵਿੱਚ ਵਿਘਨ ਪਾਉਣ ਅਤੇ ਪ੍ਰਾਈਵੇਟ ਠੇਕੇਦਾਰਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਦਾ ਆਰੋਪ ਲਾਇਆ। ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰਾਂ ਦਾ ਵਿਜੀਲੈਂਸ ਭਵਨ ਦੇ ਬਾਹਰ ਪ੍ਰਦਰਸ਼ਨ ਕਰਨ ਦਾ ਮੰਤਵ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨ ਦੀ ਕਾਰਵਾਈ ਨੂੰ ਪ੍ਰਭਾਵਿਤ ਕਰਨਾ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਕਰੀਬ 5 ਹਜ਼ਾਰ ਠੇਕੇਦਾਰ ਕੰਮ ਕਰਦੇ ਹਨ ਪ੍ਰੰਤੂ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਤਤਕਾਲੀ ਫੂਡ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਉੱਚ ਅਧਿਕਾਰੀਆਂ ਨਾਲ ਕਥਿਤ ਮਿਲੀਭੁਗਤ ਕਰਕੇ ਸਿਰਫ਼ 25-30 ਠੇਕੇਦਾਰਾਂ ਦੀ ਚੋਣ ਕੀਤੀ ਗਈ।
ਉਨ੍ਹਾਂ ਦੋਸ਼ ਲਾਇਆ ਕਿ ਸਾਬਕਾ ਮੰਤਰੀ ਨੇ ਕਮਿਸ਼ਨ ਲੈ ਕੇ ਮੰਡੀਆਂ ਵਿੱਚ ਢੋਆ-ਢੁਆਈ ਦੇ ਕੰਮ ਦੇ ਟੈਂਡਰ ਅਲਾਟ ਕੀਤੇ ਗਏ ਸਨ। ਇਸ ਸਮੁੱਚੀ ਘਪਲੇਬਾਜ਼ੀ ਵਿੱਚ ਵਿਭਾਗ ਦੇ ਉੱਚ ਅਧਿਕਾਰੀ ਰਾਕੇਸ਼ ਸਿੰਗਲਾ ਦੀ ਕਥਿਤ ਮਿਲੀਭੁਗਤ ਰਹੀ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਦੀ ਇਹ ਕਾਰਵਾਈ ਬਿਲਕੁਲ ਦਰੁਸਤ ਅਤੇ ਤੱਥਾਂ ‘ਤੇ ਆਧਾਰਿਤ ਹੈ।
ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਚਾਰ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਲੁਧਿਆਣਾ : ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਟੈਂਡਰ ਘੁਟਾਲਾ ਮਾਮਲੇ ਵਿਚ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਸੀ। ਇਸਦੇ ਚੱਲਦਿਆਂ ਭਾਰਤ ਭੂਸ਼ਣ ਆਸ਼ੂ ਨੂੰ ਮੰਗਲਵਾਰ ਨੂੰ ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਆਸ਼ੂ ਨੂੰ 27 ਅਗਸਤ ਤੱਕ ਚਾਰ ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਵਿਜੀਲੈਂਸ ਦੇ ਵਕੀਲ ਵਲੋਂ ਭਾਰਤ ਭੂਸ਼ਣ ਆਸ਼ੂ ਦੇ 7 ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ, ਪਰ ਅਦਾਲਤ ਨੇ ਆਸ਼ੂ ਨੂੰ ਚਾਰ ਦਿਨਾਂ ਦੇ ਰਿਮਾਂਡ ‘ਤੇ ਭੇਜਿਆ। ਆਸ਼ੂ ਦੀ ਅਦਾਲਤ ਵਿਚ ਪੇਸ਼ੀ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਰਹੇ, ਜਿਨ੍ਹਾਂ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੀ ਸ਼ਾਮਿਲ ਸਨ। ਆਸ਼ੂ ਦੀ ਪੇਸ਼ੀ ਦੇ ਮੱਦੇਨਜ਼ਰ ਅਦਾਲਤੀ ਕੰਪਲੈਕਸ ਨੂੰ ਪੁਲਿਸ ਛਾਉਣੀ ‘ਚ ਤਬਦੀਲ ਕੀਤਾ ਗਿਆ ਸੀ।
ਆਸ਼ੂ ਨੂੰ ਸਿਆਸੀ ਬਦਲਾਖੋਰੀ ਤਹਿਤ ਗ੍ਰਿਫਤਾਰ ਨਹੀਂ ਕੀਤਾ: ਭਗਵੰਤ ਮਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟੈਂਡਰ ਘੁਟਾਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕੀਤੇ ਜਾਣ ‘ਤੇ ਕਿਹਾ ਕਿ ਆਸ਼ੂ ਨੂੰ ਕੋਈ ਸਿਆਸੀ ਬਦਲਾਖੋਰੀ ਤਹਿਤ ਗ੍ਰਿਫਤਾਰ ਨਹੀਂ ਕੀਤਾ ਗਿਆ। ਵਿਜੀਲੈਂਸ ਕੋਲ ਆਸ਼ੂ ਖ਼ਿਲਾਫ਼ ਸਾਰੇ ਸਬੂਤ ਹਨ ਅਤੇ ਸਬੂਤਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁਰਾਣੇ ਵੇਲੇ ਹੋਏ ਘੁਟਾਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਿੰਨਾ ਸਮਾਂ ਕਿਸੇ ਮੰਤਰੀ ਜਾਂ ਅਧਿਕਾਰੀ ਖ਼ਿਲਾਫ਼ ਸਬੂਤ ਨਹੀਂ ਮਿਲਦਾ ਓਨਾ ਸਮਾਂ ਪੰਜਾਬ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਪਰ ਸਬੂਤ ਮਿਲਣ ਤੋਂ ਬਾਅਦ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਆਸ਼ੂ ਦੇ ਹੱਕ ਵਿੱਚ ਡਟੇ ਪੰਜਾਬ ਕਾਂਗਰਸ ਦੇ ਆਗੂ
ਲੁਧਿਆਣਾ : ਟੈਂਡਰ ਘੁਟਾਲਾ ਮਾਮਲੇ ਵਿਚ ਘਿਰੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਹੱਕ ਵਿਚ ਪੰਜਾਬ ਦੇ ਕਾਂਗਰਸੀ ਡਟ ਗਏ ਹਨ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਵਿਧਾਇਕ ਪਰਗਟ ਸਿੰਘ, ਕੁਲਜੀਤ ਸਿੰਘ ਨਾਗਰਾ ਸਣੇ ਹੋਰ ਕਈ ਵੱਡੇ ਆਗੂ ਆਸ਼ੂ ਦੀ ਹਮਾਇਤ ਲਈ ਲੁਧਿਆਣਾ ਪਹੁੰਚੇ। ਇਸ ਦੌਰਾਨ ਸਾਰੇ ਆਗੂਆਂ ਨੇ ਕਿਹਾ ਕਿ ਪੰਜਾਬ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਡਟ ਕੇ ਖੜ੍ਹੀ ਹੈ ਤੇ ਉਹ ਜਲਦੀ ਹੀ ਬਰੀ ਹੋਣਗੇ।
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਦਾਲਤ ‘ਚ ਪੁੱਜੇ ਅਤੇ ਉਨ੍ਹਾਂ ਨਾਲ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਵੀ ਸਨ। ਹਾਲਾਂਕਿ ਪ੍ਰਤਾਪ ਸਿੰਘ ਬਾਜਵਾ ਨੇ ਕਿਸੇ ਨਾਲ ਕੋਈ ਗੱਲ ਨਹੀਂ ਕੀਤੀ। ਇਸ ਤੋਂ ਪਹਿਲਾਂ ਲੋਕ ਸਭਾ ਮੈਂਬਰ ਗੁਰਜੀਤ ਔਜਲਾ ਨੇ ਕਿਹਾ ਕਿ ਪੰਜਾਬ ਸਰਕਾਰ ਬਦਲਾਖੋਰੀ ਤਹਿਤ ਕੰਮ ਕਰ ਰਹੀ ਹੈ। ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਆਸ਼ੂ ਨੂੰ ਗਲਤ ਆਰੋਪ ਲਗਾ ਕੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਕਾਂਗਰਸ ਵੱਲੋਂ ਮੁਹਾਲੀ ਵਿਜੀਲੈਂਸ ਭਵਨ ਅੱਗੇ ਪ੍ਰਦਰਸ਼ਨ
ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਕਾਰਨ ਹੁਣ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਵੀ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸੋਮਵਾਰ ਨੂੰ ਮੁਹਾਲੀ ਦੇ ਸੈਕਟਰ-68 ਸਥਿਤ ਵਿਜੀਲੈਂਸ ਭਵਨ ਦੇ ਬਾਹਰ ਪਾਰਟੀ ਆਗੂਆਂ ਤੇ ਵਰਕਰਾਂ ਨੇ ਹੱਲਾ ਬੋਲ ਪ੍ਰਦਰਸ਼ਨ ਕੀਤਾ। ਇਸ ਮੌਕੇ ਹੁਕਮਰਾਨਾਂ ‘ਤੇ ਸਿਆਸੀ ਬਦਲਾਖੋਰੀ ਤਹਿਤ ਝੂਠੇ ਕੇਸਾਂ ਵਿੱਚ ਫਸਾਉਣ ਦੇ ਦੋਸ਼ ਲਾਏ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਵੇਂ ਹੀ ਰਾਜਾ ਵੜਿੰਗ ਦੀ ਅਗਵਾਈ ਹੇਠ ਵੱਡੀ ਗਿਣਤੀ ਕਾਂਗਰਸ ਦੇ ਸੀਨੀਅਰ ਆਗੂ, ਸਾਬਕਾ ਮੰਤਰੀ ਤੇ ਸਾਬਕਾ ਵਿਧਾਇਕ ਵਿਜੀਲੈਂਸ ਭਵਨ ਪਹੁੰਚੇ ਤਾਂ ਸੁਰੱਖਿਆ ਕਰਮੀਆਂ ਨੇ ਦੋਵੇਂ ਮੁੱਖ ਗੇਟ ਭੇੜ ਲਏ ਤੇ ਕਿਸੇ ਵੀ ਕਾਂਗਰਸੀ ਨੂੰ ਅੰਦਰ ਨਹੀਂ ਜਾਣ ਦਿੱਤਾ। ਇਸ ਮਗਰੋਂ ਕਾਂਗਰਸੀ ਆਗੂਆਂ ਨੇ ਵਿਜੀਲੈਂਸ ਭਵਨ ਦੇ ਬਾਹਰ ਹੀ ਧਰਨਾ ਲਾ ਕੇ ਸਰਕਾਰ ਤੇ ਵਿਜੀਲੈਂਸ ਅਧਿਕਾਰੀਆਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਆਪ ਸਰਕਾਰ ਸਾਨੂੰ ਵਿਜੀਲੈਂਸ ਤੋਂ ਦਬਕੇ ਮਰਵਾ ਕੇ ਡਰਾਉਣ ਦੀ ਬਿਲਕੁਲ ਵੀ ਕੋਸ਼ਿਸ਼ ਨਾ ਕਰੇ। ਉਨ੍ਹਾਂ ਕਿਹਾ ਕਿ ਸਾਨੂੰ ਨਿਆਂ ਪ੍ਰਣਾਲੀ ‘ਤੇ ਪੂਰਾ ਭਰੋਸਾ ਹੈ ਤੇ ਜਦੋਂ ਤੱਕ ਅਦਾਲਤ ਕਿਸੇ ਆਗੂ ਨੂੰ ਦੋਸ਼ੀ ਨਹੀਂ ਠਹਿਰਾਉਂਦੀ ਉਦੋਂ ਤੱਕ ਉਹ ਬੇਗੁਨਾਹ ਹਨ।
ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਨਾਂ ਕਿਸੇ ਸਿਆਸੀ ਦਬਾਅ ਤੋਂ ਆਪਣਾ ਕੰਮ ਕਰੇ ਤਾਂ ਉਹ ਕਿਸੇ ਵੀ ਜਾਂਚ ਵਿੱਚ ਪੂਰਾ ਸਹਿਯੋਗ ਦੇਣਗੇ। ਰਾਜਾ ਵੜਿੰਗ ਨੇ ਕਿਹਾ ਕਿ ਸੀਨੀਅਰ ਆਗੂ ਵਿਜੀਲੈਂਸ ਅਧਿਕਾਰੀਆਂ ਨੂੰ ਮਿਲ ਕੇ ਮੰਗ ਪੱਤਰ ਦੇਣ ਆਏ ਸੀ, ਪਰ ਉਨ੍ਹਾਂ ਨੂੰ ਮਿਲ ਕੇ ਉਨ੍ਹਾਂ ਦਾ ਪੱਖ ਸੁਣਨ ਦੀ ਥਾਂ ਅਧਿਕਾਰੀਆਂ ਨੇ ਤਾਂ ਬੂਹੇ ਹੀ ਬੰਦ ਕਰ ਲਏ।
ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸੱਚੀ ਬਣਨ ਤੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਲਈ ਵਿਜੈ ਸਿੰਗਲਾ ਨੂੰ ਫੜ ਲਿਆ ਤੇ ਮਗਰੋਂ ਜ਼ਮਾਨਤ ‘ਤੇ ਰਿਹਾਅ ਵੀ ਕਰਵਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਾਰਾ ਡਰਾਮਾ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣਾਂ ਜਿੱਤਣ ਲਈ ਕੀਤਾ ਗਿਆ ਹੈ। ਉਨ੍ਹਾਂ ਵਿਜੀਲੈਂਸ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ, ‘ਸਾਨੂੰ ਪੈਂਤੀ ਨਾ ਪੜ੍ਹਾਓ, ਅਸੀਂ ਸਾਰੇ ਪੜ੍ਹੇ ਲਿਖੇ ਹਾਂ।’ ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਉਸ ਖ਼ਿਲਾਫ਼ ਵਿਜੀਲੈਂਸ ਜਾਂਚ ਅਤੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਨਾਮਜ਼ਦ ਕਰਨ ਬਾਰੇ ਮੀਡੀਆ ‘ਚ ਖ਼ਬਰਾਂ ਪ੍ਰਕਾਸ਼ਿਤ ਕਰਵਾ ਕੇ ਸੂਬਾ ਸਰਕਾਰ ਉਨ੍ਹਾਂ ਨੂੰ ਬਦਨਾਮ ਅਤੇ ਡਰ ਤੇ ਦਹਿਸ਼ਤ ਦਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਚੱਲ ਕੇ ਵਿਜੀਲੈਂਸ ਦਫ਼ਤਰ ਪਹੁੰਚੇ ਹਨ, ਜੇ ਉਹ ਦੋਸ਼ੀ ਹਨ ਤਾਂ ਹੁਣ ਵਿਜੀਲੈਂਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਵੇ। ਅਖੀਰ ਤੱਕ ਜਦੋਂ ਵਿਜੀਲੈਂਸ ਨੇ ਕਾਂਗਰਸੀ ਵਫ਼ਦ ਕੋਲੋਂ ਮੰਗ ਪੱਤਰ ਨਹੀਂ ਲਿਆ ਤਾਂ ਉਹ ਜਾਂਦੇ ਹੋਏ ਮੁਹਾਲੀ ਦੇ ਐੱਸਪੀ ਸਿਟੀ ਨੂੰ ਮੰਗ ਪੱਤਰ ਫੜਾ ਕੇ ਚਲੇ ਗਏ।
ਇਸ ਮੌਕੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਹਰਦਿਆਲ ਸਿੰਘ ਕੰਬੋਜ ਸਮੇਤ ਹੋਰ ਸੀਨੀਅਰ ਆਗੂ ਅਤੇ ਵਰਕਰ ਮੌਜੂਦ ਸਨ।