14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ
ਲੁਧਿਆਣਾ/ਬਿੳੂਰੋ ਨਿੳੂਜ਼
ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਬਹੁ ਕਰੋੜੀ ਟੈਂਡਰ ਘੁਟਾਲਾ ਮਾਮਲੇ ’ਚ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਮੁੜ ਲੁਧਿਆਣਾ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਜਿੱਥੇ ਮਾਣਯੋਗ ਜੱਜ ਵਲੋਂ ਆਸ਼ੂ ਨੂੰ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਹੁਣ ਵਿਜੀਲੈਂਸ ਵਲੋਂ ਭਾਰਤ ਭੂਸ਼ਣ ਆਸ਼ੂ ਨੂੰ ਜੇਲ੍ਹ ’ਚ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਆਸ਼ੂ ਨੂੰ ਲੁਧਿਆਣਾ ਦੀ ਸੈਂਟਰਲ ਜੇਲ੍ਹ ਵਿਚ ਨਹੀਂ ਸਗੋਂ ਪੰਜਾਬ ਦੀ ਕਿਸੇ ਹੋਰ ਜੇਲ੍ਹ ਵਿਚ ਭੇਜਣ ਦੀ ਸੰਭਾਵਨਾ ਹੈ। ਧਿਆਨ ਰਹੇ ਕਿ ਅਨਾਜ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘਪਲੇ ਵਿਚ ਭਾਰਤ ਭੂਸ਼ਣ ਆਸ਼ੂ ਦੇ ਕਰੀਬੀਆਂ ’ਤੇ ਵੀ ਵਿਜੀਲੈਂਸ ਦਾ ਸ਼ਿਕੰਜਾ ਕੱਸਦਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਘਿਰਦੇ ਜਾ ਰਹੇ ਹਨ। ਇਸੇ ਦੌਰਾਨ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਗਿ੍ਰਫਤਾਰੀ ਹੋ ਚੁੱਕੀ ਹੈ ਅਤੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਵੀ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਘਿਰੇ ਹੋਏ ਹਨ।