Breaking News
Home / ਪੰਜਾਬ / ਭਾਜਪਾ ‘ਚ ਸ਼ਾਮਲ ਹੋ ਰਹੇ ਆਗੂਆਂ ਨੂੰ ਵੀ ਮਿਲੇਗਾ 2024 ‘ਚ ਮੌਕਾ : ਸ਼ੇਖਾਵਤ

ਭਾਜਪਾ ‘ਚ ਸ਼ਾਮਲ ਹੋ ਰਹੇ ਆਗੂਆਂ ਨੂੰ ਵੀ ਮਿਲੇਗਾ 2024 ‘ਚ ਮੌਕਾ : ਸ਼ੇਖਾਵਤ

ਮੁਹਾਲੀ/ਬਿਊਰੋ ਨਿਊਜ਼ : ਭਾਜਪਾ ਵੱਲੋਂ ਪਾਰਟੀ ‘ਚ ਸ਼ਾਮਲ ਹੋ ਰਹੇ ਵੱਖੋ-ਵੱਖ ਸਿਆਸੀ ਪਾਰਟੀਆਂ ਦੇ ਵੱਡੇ ਆਗੂਆਂ ਨੂੰ ਸਾਲ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਮੌਕਾ ਦਿੱਤਾ ਜਾ ਸਕਦਾ ਹੈ। ਇਹ ਸੰਕੇਤ ਮੁਹਾਲੀ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਗੱਲਬਾਤ ਦੌਰਾਨ ਦਿੱਤੇ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿਖੇ ਵਿੱਚ ਨਤਮਸਤਕ ਹੋਏ ਅਤੇ ਉੱਥੇ ਕਾਫ਼ੀ ਸਮਾਂ ਬੈਠ ਕੇ ਸ਼ਬਦ ਕੀਰਤਨ ਸੁਣਿਆ। ਐੱਸਜੀਪੀਸੀ ਵੱਲੋਂ ਮੈਨੇਜਰ ਭਾਈ ਰਾਜਿੰਦਰ ਸਿੰਘ ਟੌਹੜਾ ਨੇ ਸਿਰੋਪਾ ਦੇ ਕੇ ਕੇਂਦਰੀ ਮੰਤਰੀ ਦਾ ਸਨਮਾਨ ਕੀਤਾ।
ਇਸ ਤੋਂ ਬਾਅਦ ਆਗਾਮੀ ਲੋਕ ਸਭਾ ਚੋਣਾਂ ਬਾਰੇ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਟਿਕਟ ਦੇਣ ਜਾਂ ਭਾਜਪਾ ਦੇ ਪੁਰਾਣੇ ਵਰਕਰਾਂ ਨੂੰ ਹੀ ਚੋਣ ਮੈਦਾਨ ਵਿੱਚ ਉਤਾਰਨ ਬਾਰੇ ਮੀਡੀਆ ਵਲੋਂ ਪੁੱਛੇ ਜਾਣ ‘ਤੇ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਵੀ ਮੌਕਾ ਦਿੱਤਾ ਜਾਵੇਗਾ ਕਿਉਂਕਿ ਹੁਣ ਉਹ ਵੀ ਭਾਜਪਾ ਪਰਿਵਾਰ ਦਾ ਅਹਿਮ ਹਿੱਸਾ ਬਣ ਗਏ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਲਈ ਭਾਜਪਾ ਪੂਰੀ ਤਰ੍ਹਾਂ ਤਿਆਰ ਹੈ ਅਤੇ ਪ੍ਰਧਾਨ ਮੰਤਰੀ ਦੀਆਂ ਲੋਕ ਪੱਖੀ ਤੇ ਦੂਰਅੰਦੇਸ਼ੀ ਨੀਤੀਆਂ ਕਾਰਨ ਵਿਰੋਧੀ ਧਿਰ ਦੇ ਵੱਡੇ ਆਗੂ ਤੇ ਆਮ ਲੋਕ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।
ਪੰਜਾਬ ਭਾਜਪਾ ਦੀ ਲੀਡਰਸ਼ਿਪ ਵਿੱਚ ਬਦਲਾਅ ਸਬੰਧੀ ਚੱਲ ਰਹੀ ਚਰਚਾ ਬਾਰੇ ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਭਾਜਪਾ ਵਿੱਚ ਤੁਰੰਤ ਬਦਲਾਅ ਲਿਆਉਣ ਦਾ ਫਿਲਹਾਲ ਕੋਈ ਵਿਚਾਰ ਨਹੀਂ ਹੈ। ਉਂਜ ਉਨ੍ਹਾਂ ਕਿਹਾ ਕਿ ਜਥੇਬੰਦਕ ਢਾਂਚੇ ਵਿੱਚ ਬਦਲਾਅ ਦੀ ਪ੍ਰਕਿਰਿਆ ਪਾਰਟੀ ਦੀ ਪੁਰਾਣੀ ਪਰੰਪਰਾ ਹੈ।
ਪੰਜਾਬ ਵਿੱਚ ਭਾਜਪਾ ਆਗੂਆਂ ਦੇ ਗੇੜੇ ਮਾਰਨ ਤੇ ਗੁਰਦੁਆਰਾ ਸਾਹਿਬ ਆਉਣ ਬਾਰੇ ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਤਮਨਿਰਭਰ ਬਣਾਉਣ ਅਤੇ ਸਰਬੱਤ ਦਾ ਭਲਾ ਮੰਗਣ ਲਈ ਉਹ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਆਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਆਪਣੇ ਵਰਕਰਾਂ ਵਿੱਚ ਨਵਾਂ ਜੋਸ਼ ਭਰਨ ਲਈ ਸ਼ਹਿਰਾਂ ਤੇ ਪਿੰਡਾਂ ਵਿੱਚ ਨਿਰੰਤਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਅਗਾਮੀ ਲੋਕ ਸਭਾ ਚੋਣਾਂ ‘ਚ ਪੰਜਾਬ ਵਿਚ ਕਮਲ ਖਿੜੇਗਾ: ਸ਼ੇਖਾਵਤ
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਦਾਅਵਾ ਕੀਤਾ ਕਿ ਸਾਲ 2024 ਦੀਆਂ ਲੋਕ ਸਭਾ ਚੋਣਾਂ ਅਤੇ ਸਾਲ 2027 ਦੀਆਂ ਅਸੈਂਬਲੀ ਚੋਣਾਂ ਵਿੱਚ ਪੰਜਾਬ ਵਿਚ ‘ਕਮਲ’ ਖਿੜੇਗਾ ਅਤੇ ਭਾਜਪਾ ਵੱਡੀ ਜਿੱਤ ਦਰਜ ਕਰੇਗੀ। ਕੇਂਦਰੀ ਮੰਤਰੀ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀ ਆਪਣੀ ਦੋ ਰੋਜ਼ਾ ਫੇਰੀ ਦੌਰਾਨ ਖਰੜ ਵਿਖੇ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਸ਼ੇਖਾਵਤ ਨੇ ਕਿਹਾ ਕਿ ਭਾਜਪਾ ਪੰਜਾਬ ਵਿਚ ਸਾਢੇ ਚਾਰ ਸਾਲ ਇੱਕ ਸਾਰਥਕ ਵਿਰੋਧੀ ਪਾਰਟੀ ਵਜੋਂ ਕੰਮ ਕਰੇਗੀ ਅਤੇ ਲੋਕਾਂ ਦਾ ਵਿਸ਼ਵਾਸ ਜਿੱਤੇਗੀ।
ਗੁਰਦੁਆਰਾ ਅੰਬ ਸਾਹਿਬ ‘ਚ ਨਤਮਸਤਕ ਹੋਏ ਗਜੇਂਦਰ ਸ਼ੇਖਾਵਤ
ਮੁਹਾਲੀ : ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਸੋਮਵਾਰ ਸਵੇਰੇ ਕਰੀਬ ਸਾਢੇ 10 ਵਜੇ ਮੁਹਾਲੀ ਸਥਿਤ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ, ਫੇਜ-8 ਵਿਖੇ ਨਤਮਸਤਕ ਹੋਏ। ਇਸ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੇਅਰ ਅਮਰਜੀਤ ਸਿੰਘ ਸਿੱਧੂ, ਭਾਜਪਾ ਦੇ ਸੁਭਾਸ਼ ਸ਼ਰਮਾ, ਸੁਖਵਿੰਦਰ ਸਿੰਘ, ਸੰਜੀਵ ਵਸ਼ਿਸ਼ਟ, ਅਮਨਜੋਤ ਕੌਰ ਰਾਮੂਵਾਲੀਆ, ਅਰੁਣ ਸ਼ਰਮਾ, ਅਸ਼ੋਕ ਝਾਅ, ਸੁਸ਼ੀਲ ਰਾਣਾ, ਹਰਦੇਵ ਸਿੰਘ ਉਭਾ ਸਮੇਤ ਹਗਰ ਆਗੂ ਮੌਜੂਦ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਰਜਿੰਦਰ ਸਿੰਘ ਟੌਹੜਾ ਨੇ ਸ਼ੇਖਾਵਤ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਗਜੇਂਦਰ ਸ਼ੇਖਾਵਤ ਨੇ ਗੁਰੂ ਗਰੰਥ ਸਹਿਬ ਦੀ ਹਜ਼ੂਰੀ ਵਿੱਚ ਬੈਠ ਕੇ ਕੀਰਤਨ ਸੁਣਿਆ।

Check Also

ਤੇਜਿੰਦਰ ਪਾਲ ਸਿੰਘ ਬਿੱਟੂ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ

ਬਿੱਟੂ ਦੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਦੀ ਉਮੀਦ ਨਵੀਂ ਦਿੱਲੀ/ਬਿਊਰੋ ਨਿਊਜ਼ : ਆਲ …