0.9 C
Toronto
Saturday, January 10, 2026
spot_img
Homeਪੰਜਾਬ'ਖੇਡਾਂ ਵਤਨ ਪੰਜਾਬ ਦੀਆਂ' ਦਾ ਜਲੰਧਰ 'ਚ ਸ਼ਾਨਦਾਰ ਆਗਾਜ਼

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਜਲੰਧਰ ‘ਚ ਸ਼ਾਨਦਾਰ ਆਗਾਜ਼

ਪੰਜਾਬ ਸਰਕਾਰ ਜਲਦੀ ਹੀ ਨਵੀਂ ਖੇਡ ਨੀਤੀ ਲਿਆਏਗੀ : ਭਗਵੰਤ ਮਾਨ
28 ਖੇਡਾਂ ‘ਚ 4 ਲੱਖ ਤੋਂ ਵੱਧ ਖਿਡਾਰੀ ਲੈਣਗੇ ਹਿੱਸਾ
ਜਲੰਧਰ/ਬਿਊਰੋ ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਮਵਾਰ ਨੂੰ ਜਲੰਧਰ ਸਥਿਤ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦਘਾਟਨ ਕਰਨ ਨਾਲ ਵੱਡੇ ਖੇਡ ਮਹਾਂ ਕੁੰਭ ਦਾ ਆਗਾਜ਼ ਹੋ ਗਿਆ। ਮੁੱਖ ਮੰਤਰੀ ਨੇ ਖੇਡਾਂ ਦਾ ਝੰਡਾ ਲਹਿਰਾਉਣ ਤੋਂ ਬਾਅਦ ਵੱਖ-ਵੱਖ ਜ਼ਿਲ੍ਹਿਆਂ ਤੋਂ ਹਿੱਸਾ ਲੈਣ ਵਾਲੀਆਂ ਖਿਡਾਰੀਆਂ ਦੀਆਂ ਟੁਕੜੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ। ਲਗਪਗ ਦੋ ਮਹੀਨੇ ਚੱਲਣ ਵਾਲੇ ਇਸ ਖੇਡ ਕੁੰਭ ਵਿੱਚ ਵੱਖ-ਵੱਖ ਉਮਰ ਵਰਗਾਂ ਦੇ 4 ਲੱਖ ਤੋਂ ਵੱਧ ਖਿਡਾਰੀ ਬਲਾਕ ਤੋਂ ਲੈ ਕੇ ਸੂਬਾ ਪੱਧਰ ਤੱਕ 28 ਖੇਡਾਂ ਵਿੱਚ ਹਿੱਸਾ ਲੈਣਗੇ। ਖੇਡਾਂ ਦੇ ਸੂਬਾ ਪੱਧਰੀ ਜੇਤੂਆਂ ਨੂੰ 6 ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਇਹ ਖੇਡਾਂ ਹਰ ਸਾਲ ਕਰਵਾਈਆਂ ਜਾਣਗੀਆਂ ਤੇ ਉਨ੍ਹਾਂ ਦੀ ਸਰਕਾਰ ਜਲਦੀ ਹੀ ਨਵੀਂ ਖੇਡ ਨੀਤੀ ਲੈ ਕੇ ਆ ਰਹੀ ਹੈ।
ਖਿਡਾਰੀਆਂ ਨੂੰ ਅਭਿਆਸ ਵਾਸਤੇ ਕੌਮਾਂਤਰੀ ਪੱਧਰ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦਾ ਵਾਅਦਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਮੋਹਰੀ ਰਿਹਾ ਹੈ ਤੇ ਭਵਿੱਖ ਵਿੱਚ ਵੀ ਰਹੇਗਾ।
ਜਲੰਧਰ ਦੀ ਖੇਡ ਸਨਅਤ ਵੱਲੋਂ ਤਿਆਰ ਸਾਮਾਨ ਦੀ ਪ੍ਰਸ਼ੰਸਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਥੇ ਬਣੇ ਫੁਟਬਾਲਾਂ ਨਾਲ ਵਿਸ਼ਵ ਕੱਪ ਖੇਡਿਆ ਜਾਂਦਾ ਹੈ ਤੇ ਇੱਥੋਂ ਦੇ ਬਣੇ ਬੱਲੇ ਚੌਕੇ-ਛੱਕੇ ਲਗਾਉਂਦੇ ਹਨ। ਰਗਬੀ ਇੱਥੋਂ ਬਣ ਕੇ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਖੇਡਾਂ ਦੀ ਰਾਜਧਾਨੀ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਲਈ ਵਿਸ਼ੇਸ਼ ਬਜਟ ਦਾ ਪ੍ਰਬੰਧ ਕਰੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੂੰ ਦੇਖ ਕੇ ਦੂਜੇ ਸੂਬਿਆਂ ਦੀਆਂ ਸਰਕਾਰਾਂ ਵੀ ਸੋਚਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਾਸ਼ਟਰਮੰਡਲ ਖੇਡਾਂ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਆਪਣੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਭਾਰਤੀ ਦਲ ਵਿੱਚ ਵੱਧ ਤੋਂ ਵੱਧ ਪੰਜਾਬੀ ਖਿਡਾਰੀਆਂ ਨੂੰ ਸ਼ਾਮਲ ਕਰਨ ਲਈ ਪ੍ਰਭਾਵਸ਼ਾਲੀ ਮੁਹਿੰਮ ਚਲਾਉਣ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਭਾਰਤ ਲਈ ਓਲੰਪਿਕ ਤਗ਼ਮਾ ਜਿੱਤਣ ਦੇ ਯੋਗ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਹ ਦਿਨ ਖੇਡ ਜਗਤ ਵਿਚ ਨਵੀਂ ਸਵੇਰ ਲੈ ਕੇ ਆਏਗਾ। ਉਨ੍ਹਾਂ ਨੇ ਪੰਜਾਬ ਦੇ ਮਹਾਨ ਖਿਡਾਰੀਆਂ ਬਲਬੀਰ ਸਿੰਘ ਸੀਨੀਅਰ, ਪਰਦੁੱਮਣ ਸਿੰਘ, ਓਲੰਪੀਅਨ ਸੁਰਜੀਤ ਸਿੰਘ ਨੂੰ ਚੇਤੇ ਕਰਦਿਆਂ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੇ ਪੰਜਾਬ ਦਾ ਨਾਮ ਕੁੱਲ ਆਲਮ ਵਿਚ ਰੌਸ਼ਨ ਕੀਤਾ। ਇਸ ਦੌਰਾਨ ਸਕੂਲੀ ਬੱਚਿਆਂ ਵੱਲੋਂ ਸਭਿਆਚਾਰਕ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਪੰਜਾਬੀ ਗਾਇਕਾਂ ਨੂਰਾ ਭੈਣਾਂ, ਗਾਇਕ ਅੰਮ੍ਰਿਤ ਮਾਨ ਅਤੇ ਰਣਜੀਤ ਬਾਵਾ ਨੇ ਦਰਸ਼ਕਾਂ ਦਾ ਮਨੋਰੰਜਨ ਕੀਤਾ। ਬੱਚਿਆਂ ਨੇ ਸਕੇਟਿੰਗ ਅਤੇ ਜਿਮਨਾਸਟਿਕ ਦੀ ਪੇਸ਼ਕਾਰੀ ਦਿੱਤੀ। ਇਸ ਤੋਂ ਪਹਿਲਾਂ ਓਲੰਪੀਅਨ ਬਲਜੀਤ ਢਿੱਲੋਂ ਤੇ ਮਨਜੀਤ ਕੌਰ ਖੇਡਾਂ ਦੀ ਮਸ਼ਾਲ ਲੈ ਕੇ ਮੈਦਾਨ ਵਿਚ ਦਾਖਲ ਹੋਏ। ਇਸ ਤੋਂ ਬਾਅਦ ਵਾਰੋ-ਵਾਰੀ ਸੁਮਨ ਸ਼ਰਮਾ, ਰਜਿੰਦਰ ਰਹੇਲੂ, ਵਿਕਾਸ ਠਾਕੁਰ, ਸੁਖਪਾਲ ਪਾਲੀ, ਦਮਨੀਤ ਸਿੰਘ, ਹਰਪ੍ਰੀਤ ਹੈਪੀ, ਗੁਰਪ੍ਰੀਤ ਸਿੰਘ, ਸਵਰਨ ਸਿੰਘ ਵਿਰਕ, ਸਿਮਰਨਜੀਤ ਚਕਰ ਮਸ਼ਾਲ ਲੈ ਕੇ ਦੌੜੇ ਅਤੇ ਅਖੀਰ ਵਿਚ ਓਲੰਪੀਅਨ ਗੁਰਜੀਤ ਕੌਰ ਨੇ ਖੇਡਾਂ ਦੀ ਮਸ਼ਾਲ ਜਗਾਈ। ਇਸ ਮੌਕੇ ਨਵਨੀਤ ਕੌਰ ਨੇ ਸਮੁੱਚੇ ਖਿਡਾਰੀਆਂ ਵੱਲੋਂ ਖੇਡ ਭਾਵਨਾ ਨਾਲ ਖੇਡਣ ਦੀ ਸਹੁੰ ਚੁੱਕੀ। ਇਸ ਮੌਕੇ 23 ਜ਼ਿਲ੍ਹਿਆਂ ਦੇ ਮਾਰਚ ਪਾਸਟ ਦੀ ਅਗਵਾਈ ਕੰਵਰ ਅਜੈ ਸਿੰਘ ਰਾਣਾ ਨੇ ਕੀਤੀ।
ਭਗਵੰਤ ਮਾਨ ਨੇ ਖੇਡਿਆ ਵਾਲੀਬਾਲ ਦਾ ਮੈਚ
ਗੁਰੂ ਗੋਬਿੰਦ ਸਿੰਘ ਸਟੇਡੀਅਮ ਉਸ ਵੇਲੇ ਖੇਡਾਂ ਦੇ ਰੰਗ ਵਿੱਚ ਪੂਰੀ ਤਰ੍ਹਾਂ ਰੰਗਿਆ ਗਿਆ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਵਾਲੀਬਾਲ ਮੈਚ ‘ਚ ਹਿੱਸਾ ਲੈ ਕੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਮੁਕਾਬਲਿਆਂ ਦਾ ਆਗਾਜ਼ ਕੀਤਾ। ਮੁੱਖ ਮੰਤਰੀ ਨੇ ਆਪਣਾ ਭਾਸ਼ਣ ਖਤਮ ਕੀਤਾ ਤਾਂ ਵਾਲੀਬਾਲ ਮੈਚ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਗਿਆ। ਮੰਚ ਸੰਚਾਲਕ ਨੇ ਮੁੱਖ ਮੰਤਰੀ ਨੂੰ ਮੈਚ ਖੇਡਣ ਦੀ ਅਪੀਲ ਕੀਤੀ ਤਾਂ ਉਨ੍ਹਾਂ ਤੁਰੰਤ ਹਾਮੀ ਭਰ ਦਿੱਤੀ। ਮੈਚ ਦੌਰਾਨ ਭਗਵੰਤ ਮਾਨ ਨੇ ਵਾਲੀਬਾਲ ਦੇ ਮੈਦਾਨ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਭਗਵੰਤ ਮਾਨ ਨੇ ਸ਼ਾਨਦਾਰ ਖੇਡ ਭਾਵਨਾ ਦਾ ਮੁਜ਼ਾਹਰਾ ਕਰਦਿਆਂ ਆਪਣੀ ਟੀਮ ਦੀ ਜਿੱਤ ਯਕੀਨੀ ਬਣਾਈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਦੇ ਜੀਵਨ ਦਾ ਸ਼ਾਨਦਾਰ ਤੇ ਯਾਦਗਾਰੀ ਦਿਨ ਹੈ ਕਿਉਂਕਿ ਉਨ੍ਹਾਂ ਦੇ ਜਵਾਨੀ ਦੇ ਦਿਨਾਂ ਦੀਆਂ ਯਾਦਾਂ ਤਰੋ-ਤਾਜ਼ਾ ਹੋ ਗਈਆਂ ਹਨ।

 

 

RELATED ARTICLES
POPULAR POSTS