ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੰਗਾਰਦਿਆਂ ਕਿਹਾ ਕਿ ਜੇਕਰ ਉਹ ਸਹੀ ਮਾਅਨਿਆਂ ਵਿੱਚ ਇਮਾਨਦਾਰ ਹਨ ਤਾਂ ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਹੋਏ 3400 ਕਰੋੜ ਰੁਪਏ ਦੇ ਕਥਿਤ ਘੁਟਾਲੇ ਦੀ ਜਾਂਚ ਕਰਵਾਉਣ। ਉਨ੍ਹਾਂ ਕਿਹਾ ਕਿ ਮੋਤੀ ਮਹਿਲ ‘ਚ ਵਿਜੀਲੈਂਸ ਭੇਜ ਕੇ ਇਸ ਕਥਿਤ ਗਬਨ ਤੋਂ ਪਰਦਾ ਚੁੱਕਿਆ ਜਾਵੇ। ਉਂਜ ਬਾਜਵਾ ਨੇ ਦਿੱਲੀ ਦੀ ਆਬਕਾਰੀ ਨੀਤੀ ਨੂੰ ਲੈ ਕੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ਼ ਦਰਜ ਸੀਬੀਆਈ ਕੇਸ ਦੇ ਹਵਾਲੇ ਨਾਲ ਪੰਜਾਬ ਦੀ ‘ਆਪ’ ਸਰਕਾਰ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਸਲਾਹ ਵੀ ਦਿੱਤੀ।
ਅਮਰਿੰਦਰ ਸਿੰਘ ਦੇ ਪਿੱਤਰੀ ਸ਼ਹਿਰ ਪਟਿਆਲਾ ‘ਚ ਆ ਕੇ ਨਵੀਂ ਬਹਿਸ ਛੇੜਦਿਆਂ ਬਾਜਵਾ ਨੇ ਕਿਹਾ ਕਿ ਕੈਪਟਨ ਸਰਕਾਰ ਦੌਰਾਨ ਕਾਂਗਰਸੀ ਵਿਧਾਇਕ ਰਣਦੀਪ ਸਿੰਘ ਨਾਭਾ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਖੇਤੀਬਾੜੀ ਮਸ਼ੀਨਰੀ ਨਾਲ ਸਬੰਧਤ ਬਠਿੰਡਾ ਵਿੱਚ 12,000 ਕਰੋੜ ਨਾਲ ਬਣਨ ਵਾਲੇ 34 ਬੈਂਕਾਂ ਦੇ ਮਾਮਲੇ ਵਿੱਚ 3400 ਕਰੋੜ ਰੁਪਏ ਦੇ ਕਥਿਤ ਗਬਨ ਦਾ ਮਾਮਲਾ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਦਾ ਕਥਿਤ ਭ੍ਰਿਸ਼ਟਾਚਾਰ ਖੁਦ ਮੁੱਖ ਮੰਤਰੀ ਵੱਲੋ ਬੇਨਕਾਬ ਕੀਤੇ ਜਾਣ ਦੇ ਬਾਵਜੂਦ ਅੱਜ ਉਹੀ ਵਿਜੈ ਸਿੰਗਲਾ ‘ਆਪ’ ਦੀਆਂ ਮੀਟਿੰਗਾਂ ਅਤੇ ਸਰਕਾਰੀ ਸਮਾਗਮਾਂ ਦਾ ਸ਼ਿੰਗਾਰ ਬਣਦਾ ਆ ਰਿਹਾ ਹੈ। ਬਾਜਵਾ ਨੇ ਅਜਿਹੀਆਂ ਹੋਰ ਮਿਸਾਲਾਂ ਦਿੰਦਿਆਂ ‘ਆਪ’ ਸਰਕਾਰ ‘ਤੇ ਦੋਹਰੇ ਮਾਪਦੰਡ ਅਪਣਾਉਣ ਦੇ ਆਰੋਪ ਵੀ ਲਾਏ।
ਪਰਨੀਤ ਕੌਰ ਨੂੰ ਕਾਂਗਰਸ ਦਾ ਖਹਿੜਾ ਛੱਡਣ ਦੀ ਅਪੀਲ
ਪ੍ਰਤਾਪ ਸਿੰਘ ਬਾਜਵਾ ਨੇ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਨੂੰ ਕਾਂਗਰਸ ਦਾ ਖਹਿੜਾ ਛੱਡਣ ਦੀ ਅਪੀਲ ਕੀਤੀ ਹੈ। ਬਾਜਵਾ ਨੇ ਕਿਹਾ ਕਿ ਪਰਨੀਤ ਕੌਰ ਹੁਣ ਕਾਂਗਰਸ ਦਾ ਹਿੱਸਾ ਨਹੀਂ ਹਨ ਅਤੇ ਉਹ ਸਿਰਫ਼ ਲੋਕ ਸਭਾ ਮੈਂਬਰੀ ਬਚਾਉਣ ਲਈ ਹੀ ਪਾਰਟੀ ਨਾਲ ਜੁੜੇ ਹੋਏ ਹਨ। ਇਥੇ ਸਰਕਟ ਹਾਊਸ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਬਾਜਵਾ ਨੇ ਕਿਹਾ ਕਿ ਪਰਨੀਤ ਕੌਰ ਦਾ ਇਖਲਾਕੀ ਫ਼ਰਜ਼ ਬਣ ਜਾਂਦਾ ਹੈ ਕਿ ਉਹ ਹੁਣ ਕਾਂਗਰਸ ਦਾ ਖਹਿੜਾ ਛੱਡ ਦੇਣ। ਉਨ੍ਹਾਂ ਕਿਹਾ ਕਿ ਕਾਂਗਰਸ ਤੋਂ ਬਿਨਾਂ ਮੋਤੀ ਮਹਿਲ ਦਾ ਕੋਈ ਆਧਾਰ ਨਹੀਂ ਹੈ।
Home / ਪੰਜਾਬ / ਕੈਪਟਨ ਅਮਰਿੰਦਰ ਸਰਕਾਰ ਵੇਲੇ ਹੋਏ ਕਰੋੜਾਂ ਦੇ ਗਬਨ ਦੀ ਜਾਂਚ ਕਰਵਾਉਣ ਭਗਵੰਤ ਮਾਨ: ਪ੍ਰਤਾਪ ਸਿੰਘ ਬਾਜਵਾ
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …