Breaking News
Home / ਪੰਜਾਬ / ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ
ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈਆਂ ਨਤਮਸਤਕ
ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਐਤਵਾਰ ਨੂੰ ਸੰਗਤਾਂ ਵੱਲੋਂ ਸ਼ਰਧਾਪੂਰਨ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਨੇ ਸੰਗਤ ਦੇ ਸਹਿਯੋਗ ਨਾਲ ਪੁਰਾਣੀ ਚੱਲੀ ਆ ਰਹੀ ਰਵਾਇਤ ਮੁਤਾਬਕ ਗੁਰਦੁਆਰਾ ਰਾਮਸਰ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ। ਇਸ ਮੌਕੇ ਪਾਵਨ ਸਰੂਪ ਨੂੰ ਸੁਨਿਹਰੀ ਪਾਲਕੀ ਵਿੱਚ ਸੁਸ਼ੋਭਿਤ ਕਰਕੇ ਸੰਗਤੀ ਜਥਿਆਂ ਵੱਲੋਂ ਸ਼ਬਦ ਗਾਇਨ ਕਰਦਿਆਂ ਅਤੇ ਜੈਕਾਰਿਆਂ ਦੀ ਗੂੰਜ ਵਿੱਚ ਸ੍ਰੀ ਦਰਬਾਰ ਸਾਹਿਬ ਲਿਆਂਦਾ ਗਿਆ।
ਇਸ ਸਬੰਧ ਵਿੱਚ ਗੁਰਦੁਆਰਾ ਰਾਮਸਰ, ਜਿੱਥੇ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਪਾਵਨ ਸਰੂਪ ਦੀ ਸੰਪਾਦਨਾ ਕੀਤੀ ਸੀ, ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਵੱਡੀ ਗਿਣਤੀ ਵਿੱਚ ਜੁੜੀ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ 1604 ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਪਹਿਲਾ ਪ੍ਰਕਾਸ਼ ਕੀਤਾ ਸੀ। ਬਾਬਾ ਬੁੱਢਾ ਜੀ ਨੂੰ ਪਹਿਲੇ ਗ੍ਰੰਥੀ ਥਾਪ ਕੇ ਸੇਵਾ ਸੰਭਾਲ ਦੀਆਂ ਸੇਵਾਵਾਂ ਦਿੱਤੀਆਂ ਤੇ ਸ੍ਰੀ ਹਰਿਮੰਦਰ ਸਾਹਿਬ ਦੀ ਰੋਜ਼ਾਨਾ ਦੀ ਮਰਯਾਦਾ ਕਾਇਮ ਕੀਤੀ। ਉਨ੍ਹਾਂ ਕਿਹਾ ਕਿ ਪਹਿਲੇ ਪ੍ਰਕਾਸ਼ ਮੌਕੇ ਗੁਰੂ ਸਾਹਿਬ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਨਗਰ ਕੀਰਤਨ ਦੇ ਰੂਪ ਵਿੱਚ ਪਾਵਨ ਸਰੂਪ ਨੂੰ ਸ੍ਰੀ ਦਰਬਾਰ ਸਾਹਿਬ ਲਿਆਏ ਸਨ ਤੇ ਗੁਰੂ ਕਾਲ ਤੋਂ ਅੱਜ ਤੱਕ ਇਸੇ ਪ੍ਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਜਾਂਦਾ ਹੈ। ਇਸ ਮੌਕੇ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ।

 

 

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …