ਇਸ ਵਾਰ ਹੁਣ ਤੱਕ 2 ਲੱਖ ਤੋਂ ਵੱਧ ਸ਼ਰਧਾਲੂ ਗੁਰਦੁਆਰਾ ਸਾਹਿਬ ਦੇ ਕਰ ਚੁੱਕੇ ਹਨ ਦਰਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼
ਉਤਰਾਖੰਡ ਸੂਬੇ ’ਚ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਇਸ ਵਾਰ ਹੁਣ ਤੱਕ ਕਰੀਬ 2 ਲੱਖ 15 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਦਰਸ਼ਨ ਕੀਤੇ ਹਨ। ਇਸ ਸਬੰਧੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ 22 ਮਈ ਨੂੰ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹੇ ਗਏ ਸਨ ਤੇ ਯਾਤਰਾ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਯਾਤਰੀਆਂ ਨੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਫੁੱਲਾਂ ਦੀ ਘਾਟੀ ਵਿਖੇ ਵੀ ਆਪਣੀ ਹਾਜ਼ਰੀ ਲਗਾਈ। ਉਨ੍ਹਾਂ ਦੱਸਿਆ ਕਿ ਯਾਤਰੀਆਂ ਦੀ ਸਹੂਲਤ ਅਤੇ ਵੱਡੀ ਪੱਧਰ ’ਤੇ ਆਮਦ ਨੂੰ ਦੇਖਦਿਆਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਨੇ ਫ਼ੈਸਲਾ ਕੀਤਾ ਕਿ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਬਾਅਦ ਦੁਪਹਿਰ 1 ਵਜੇ ਬੰਦ ਕਰ ਦਿੱਤੇ ਜਾਣਗੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 10 ਅਕਤੂਬਰ ਤੱਕ ਆਪਣੀ ਯਾਤਰਾ ਨੂੰ ਨਿਰਵਿਘਨ ਜਾਰੀ ਰੱਖ ਸਕਦੇ ਹਨ।