ਕਿਹਾ : ਹਰਿਆਣਾ ਨੂੰ ਦੇਣ ਲਈ ਸਾਡੇ ਕੋਲ ਇਕ ਤੁਪਕਾ ਵੀ ਪਾਣੀ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼ : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮੰਤਰੀ ਕੁਲਦੀਪ ਧਾਲੀਵਾਲ ਨੇ ਹਰਿਆਣਾ ਨੂੰ ਸਖਤ ਸ਼ਬਦਾਂ ਵਿਚ ਚੇਤਾਵਨੀ ਦਿੰਦਿਆਂ ਪਾਣੀ ਦੇਣ ਤੋਂ ਇਨਕਾਰ ਕਰ ਦਿੱਤਾ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸਾਡੇ ਕੋਲ ਹਰਿਆਣਾ ਨੂੰ ਦੇਣ ਲਈ ਇਕ ਤੁਪਕਾ ਵੀ ਪਾਣੀ ਨਹੀਂ, ਕਿਉਂਕਿ ਪੰਜਾਬ ’ਚ ਪਾਣੀ ਦਾ ਲੈਵਲ ਪਹਿਲਾਂ ਹੀ ਬਹੁਤ ਹੇਠਾਂ ਚਲਾ ਗਿਆ ਹੈ, ਜਿਸ ਸਬੰਧੀ ਅਸੀਂ ਸੁਪਰੀਮ ਕੋਰਟ ਨੂੰ ਜਾਣੂ ਕਰਵਾ ਚੁੱਕੇ ਹਾਂ ਅਤੇ ਅਸੀਂ ਫਿਰ ਤੋਂ ਸੁਪਰੀਮ ਕੋਰਟ ਸਾਹਮਣੇ ਆਪਣਾ ਪੱਖ ਰੱਖਾਂਗੇ। ਧਾਲੀਵਾਲ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਅਸੀਂ ਐਸ ਵਾਈ ਐਲ ਦੇ ਮੁੱਦੇ ’ਤੇ ਹਰਿਆਣਾ ਨਾਲ ਮੀਟਿੰਗ ਜ਼ਰੂਰ ਕਰਾਂਗੇ, ਜਿਸ ’ਚ ਮੁੱਖ ਮੰਤਰੀ ਭਗਵੰਤ ਮਾਨ ਹਿੱਸਾ ਲੈਣਗੇ। ਪ੍ਰੰਤੂ ਉਸ ਮੀਟਿੰਗ ਤੋਂ ਪਹਿਲਾਂ ਹੀ ਮੈਂ ਕਹਿ ਦਿੰਦਾਂ ਹਾਂ ਕਿ ਕਿਸੇ ਵੀ ਦੂਜੇ ਸੂਬੇ ਨੂੰ ਦੇਣ ਲਈ ਸਾਡੇ ਕੋਲ ਫਾਲਤੂ ਪਾਣੀ ਨਹੀਂ। ਧਿਆਨ ਰਹੇ ਕਿ ਲੰਘੇ ਕੱਲ੍ਹ ਸੁਪਰੀਮ ਕੋਰਟ ਵਿਚ ਐਸ ਵਾਈ ਐਲ ਦੇ ਮੁੱਦੇ ’ਤੇ ਸੁਣਵਾਈ ਹੋਈ ਸੀ, ਜਿਸ ਦੌਰਾਨ ਕੇਂਦਰ ਸਰਕਾਰ ਨੇ ਪੰਜਾਬ ’ਤੇ ਸਹਿਯੋਗ ਨਾ ਦੇਣ ਦਾ ਆਰੋਪ ਲਗਾਇਆ ਸੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਨੂੰ ਇਸ ਮਾਮਲੇ ’ਤੇ ਮੀਟਿੰਗ ਕਰਨ ਲਈ ਕਿਹਾ ਸੀ ਅਤੇ ਇਸ ਦੀ ਰਿਪੋਰਟ ਸੁਪਰੀਮ ਕੋਰਟ ਨੂੰ ਇਕ ਮਹੀਨੇ ਦੇ ਅੰਦਰ-ਅੰਦਰ ਦੇਣ ਲਈ ਕਿਹਾ ਗਿਆ ਹੈ। ਜਦਕਿ ਇਸ ਮਾਮਲੇ ਦੀ ਅਗਲੀ ਸੁਣਵਾਈ 15 ਜਨਵਰੀ ਨੂੰ ਹੋਵੇਗੀ।