110 ਟਿਕਾਣਿਆਂ ‘ਤੇ ਲਈ ਤਲਾਸ਼ੀ; ਚੋਣ ਕਮਿਸ਼ਨ ਦੀ ਸਿਫ਼ਾਰਸ਼ ‘ਤੇ ਹੋਈ ਕਾਰਵਾਈ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮਦਨ ਕਰ ਵਿਭਾਗ ਨੇ ਬੁੱਧਵਾਰ ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ (ਆਰਯੂਪੀਪੀ) ਅਤੇ ਉਨ੍ਹਾਂ ਦੇ ਕਥਿਤ ਸ਼ੱਕੀ ਵਿੱਤੀ ਲੈਣ-ਦੇਣ ਖਿਲਾਫ ਟੈਕਸ ਚੋਰੀ ਦੀ ਜਾਂਚ ਲਈ ਕਈ ਰਾਜਾਂ ਵਿੱਚ ਛਾਪੇ ਮਾਰੇ ਹਨ। ਸੂਤਰਾਂ ਨੇ ਕਿਹਾ ਕਿ ਗੁਜਰਾਤ, ਦਿੱਲੀ, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਮੱਧ ਪ੍ਰਦੇਸ਼, ਛੱਤੀਸਗੜ੍ਹ, ਹਰਿਆਣਾ ਅਤੇ ਕੁਝ ਹੋਰ ਸੂਬਿਆਂ ਵਿੱਚ 110 ਟਿਕਾਣਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਮਯੂਰ ਵਿਹਾਰ ਇਲਾਕੇ ‘ਚ ਇਕ ਵਕੀਲ ਦੇ ਦਫ਼ਤਰ ‘ਤੇ ਆਈਟੀ ਟੀਮ ਨੂੰ ਦੇਖਿਆ ਗਿਆ। ਸੂਤਰਾਂ ਨੇ ਦੱਸਿਆ ਕਿ ਆਮਦਨ ਕਰ ਵਿਭਾਗ ਨੇ ਆਰਯੂਪੀਪੀ, ਉਨ੍ਹਾਂ ਦੇ ਪ੍ਰਮੋਟਰਾਂ ਅਤੇ ਇਸ ਨਾਲ ਜੁੜੀਆਂ ਸੰਸਥਾਵਾਂ ਵਿਰੁੱਧ ਸਾਂਝੀ ਕਾਰਵਾਈ ਸ਼ੁਰੂ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਦੀ ਸਿਫ਼ਾਰਿਸ਼ ‘ਤੇ ਵਿਭਾਗ ਵੱਲੋਂ ਅਚਾਨਕ ਇਹ ਕਾਰਵਾਈ ਕੀਤੀ ਗਈ ਹੈ। ਕਮਿਸ਼ਨ ਨੇ ਹਾਲ ਹੀ ਵਿੱਚ ਤਸਦੀਕ ਤੋਂ ਬਾਅਦ ਆਰਯੂਪੀਪੀਜ਼ ਦੀ ਸੂਚੀ ਵਿੱਚੋਂ 198 ਸੰਸਥਾਵਾਂ ਨੂੰ ਹਟਾ ਦਿੱਤਾ ਸੀ। ਚੋਣ ਕਮਿਸ਼ਨ ਨੇ ਐਲਾਨ ਕੀਤਾ ਸੀ ਕਿ ਉਹ ਨਿਯਮਾਂ ਅਤੇ ਚੋਣ ਨਾਲ ਸਬੰਧਤ ਕਾਨੂੰਨਾਂ ਦੀ ਉਲੰਘਣਾ ਕਰਨ ਲਈ 2100 ਤੋਂ ਵੱਧ ਰਜਿਸਟਰਡ ਗ਼ੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਵਿਰੁੱਧ ਕਾਰਵਾਈ ਕਰ ਰਿਹਾ ਹੈ। ਕਮਿਸ਼ਨ ਮੁਤਾਬਕ ਸੂਬਿਆਂ ਦੇ ਮੁੱਖ ਚੋਣ ਅਧਿਕਾਰੀਆਂ ਵੱਲੋਂ ਜਦੋਂ ਇਹ ਦੱਸਿਆ ਗਿਆ ਕਿ ਇਨ੍ਹਾਂ ‘ਚੋਂ ਕਈ ਆਰਯੂਪੀਪੀਜ਼ ਦੀ ਹੋਂਦ ਹੀ ਨਹੀਂ ਸੀ ਤਾਂ ਇਹ ਛਾਪੇ ਮਾਰੇ ਗਏ ਹਨ। ਸਰਕਾਰੀ ਅੰਕੜਿਆਂ ਮੁਤਾਬਕ ਦੇਸ਼ ‘ਚ ਕਰੀਬ 2800 ਰਜਿਸਟਰਡ ਗ਼ੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਹਨ। ਚੋਣ ਕਮਿਸ਼ਨ ਸਰਕਾਰ ‘ਤੇ ਦਬਾਅ ਪਾਉਂਦਾ ਆ ਰਿਹਾ ਹੈ ਕਿ ਉਹ ਇਨ੍ਹਾਂ ਸਿਆਸੀ ਪਾਰਟੀਆਂ ਦੀ ਰਜਿਸਟਰੇਸ਼ਨ ਖ਼ਤਮ ਕਰਨ ਦੀ ਇਜਾਜ਼ਤ ਦੇਵੇ।