26.4 C
Toronto
Thursday, September 18, 2025
spot_img
Homeਪੰਜਾਬਅਧਿਆਪਕ ਦਿਵਸ ਮੌਕੇ ਪੰਜਾਬ ਭਰ ਵਿੱਚ ਅਧਿਆਪਕਾਂ ਵੱਲੋਂ ਪ੍ਰਦਰਸ਼ਨ

ਅਧਿਆਪਕ ਦਿਵਸ ਮੌਕੇ ਪੰਜਾਬ ਭਰ ਵਿੱਚ ਅਧਿਆਪਕਾਂ ਵੱਲੋਂ ਪ੍ਰਦਰਸ਼ਨ

ਕਾਲੇ ਬਿੱਲੇ ਲਾ ਕੇ ਫੂਕੀ ਸਰਕਾਰੀ ਲਾਰਿਆਂ ਦੀ ਪੰਡ; ਅਧਿਆਪਕਾਂ ਦੀਆਂ ਮੰਗਾਂ ਮਨਜ਼ੂਰ ਕਰਨ ਦੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ‘ਤੇ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਕਾਲੇ ਬਿੱਲੇ ਲਾ ਕੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸੈਂਕੜੇ ਸਕੂਲਾਂ ਵਿੱਚ ਵੱਡੀ ਗਿਣਤੀ ਵਿੱਚ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸਰਕਾਰ ਵੱਲੋਂ ਅਧਿਆਪਕ ਵਰਗ ਨੂੰ ਲਗਾਏ ਗਏ ਲਾਰਿਆਂ ਦੀ ਪੰਡ ਫੂਕ ਕੇ ਸੂਬਾ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ।
ਸੂਬੇ ਵਿੱਚ ਵੱਖ-ਵੱਖ ਥਾਈਂ ਕੀਤੇ ਗਏ ਰੋਸ ਪ੍ਰਦਰਸ਼ਨਾਂ ਨੂੰ ਸੰਬੋਧਨ ਕਰਦਿਆਂ ਸੂਬਾਈ ਕਨਵੀਨਰਾਂ ਤੇ ਕੋ-ਕਨਵੀਨਰਾਂ ਸੁਖਵਿੰਦਰ ਸਿੰਘ ਚਾਹਲ, ਬਲਜੀਤ ਸਿੰਘ ਸਲਾਣਾ, ਬਾਜ ਸਿੰਘ ਖਹਿਰਾ, ਸੁਰਿੰਦਰ ਪੁਆਰੀ, ਸੁਰਿੰਦਰ ਕੰਬੋਜ, ਜਸਵਿੰਦਰ ਸਿੰਘ, ਗੁਰਜੰਟ ਵਾਲੀਆ, ਸੁਖਜਿੰਦਰ ਹਰੀਕੇ, ਕੁਲਵਿੰਦਰ ਸਿੰਘ ਬਾਠ, ਸੁਖਰਾਜ ਸਿੰਘ ਕਾਹਲੋਂ, ਸਮਸ਼ੇਰ ਸਿੰਘ, ਹਰਵੀਰ ਸਿੰਘ, ਪਰਮਵੀਰ ਸਿੰਘ ਤੇ ਅਮਨਵੀਰ ਸਿੰਘ ਗੁਰਾਇਆਂ ਨੇ ਸੰਬੋਧਨ ਕੀਤਾ। ਅਧਿਆਪਕ ਆਗੂਆਂ ਨੇ ਸਾਂਝੇ ਤੌਰ ‘ਤੇ ਕਿਹਾ ਕਿ ਬਦਲਾਅ ਦਾ ਨਾਅਰਾ ਲਗਾ ਕੇ ਪੰਜਾਬ ਦੀ ਸੱਤਾ ‘ਤੇ ਕਾਬਜ਼ ਹੋਈ ‘ਆਪ’ ਸਰਕਾਰ ਨੇ ਅਧਿਆਪਕ ਵਰਗ ਨਾਲ ਕੀਤਾ ਕੋਈ ਵੀ ਵਾਅਦਾ ਹਾਲੇ ਤੱਕ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਯੂਨੀਅਨ ਵੱਲੋਂ ਹੁਣ ਤੱਕ ਪਿਛਲੇ ਸਿੱਖਿਆ ਮੰਤਰੀ ਮੀਤ ਹੇਅਰ ਤੇ ਨਵੇਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਕਈ ਮੀਟਿੰਗਾਂ ਕੀਤੀਆਂ ਹਨ, ਪਰ ਹਾਲੇ ਤੱਕ ਅਧਿਆਪਕਾਂ ਦਾ ਕੋਈ ਵੀ ਮਸਲਾ ਹੱਲ ਨਹੀਂ ਹੋਇਆ, ਸਗੋਂ ਅਧਿਆਪਕਾਂ ਨੂੰ ਨਿੱਤ ਨਵੇਂ ਲਾਰੇ ਲਾ ਕੇ ਮੋੜ ਦਿੱਤਾ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਲੰਬੇ ਸਮੇਂ ਤੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ, ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਮਰਜ ਕਰਨ, ਸੈਕੰਡਰੀ ਵਿਭਾਗ ਦੀਆਂ ਬਦਲੀਆਂ ਦੀ ਲਿਸਟ ਮੋਰਚੇ ਦੇ ਸੁਝਾਵਾਂ ਅਨੁਸਾਰ ਜਾਰੀ ਕਰਵਾਉਣ ਤੇ ਪੁਰਾਣੀਆਂ ਬਦਲੀਆਂ ਨੂੰ ਲਾਗੂ ਕਰਾਉਣ, ਵਿਕਟੇਮਾਈਜ਼ੇਸ਼ਨ ਰੱਦ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 80 ਅਧਿਆਪਕਾਂ ਦਾ ਮਸਲਾ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ, ਪੇਅ-ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ, ਕੱਟੇ ਹੋਏ ਭੱਤੇ ਲਾਗੂ ਕਰਨ, ਅਧਿਆਪਕਾਂ ਤੋਂ ਗ਼ੈਰ ਵਿੱਦਿਅਕ ਕੰਮ ਨਾ ਲੈਣ, ਸਿੱਖਿਆ ਬੋਰਡ ਵੱਲੋਂ ਵਿਦਿਅਰਥੀਆਂ ਦੀ ਕੀਤੀ ਜਾ ਰਹੀ ਅੰਨ੍ਹੀ ਲੁੱਟ ਬੰਦ ਕਰਵਾਉਣ ਆਦਿ ਮੰਗਾਂ ਰੱਖੀਆਂ ਗਈਆਂ ਹਨ।
ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਹੱਲ ਛੇਤੀ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

RELATED ARTICLES
POPULAR POSTS