ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਦਾ ਦਾਅਵਾ; ਨੌਜਵਾਨਾਂ ਨੂੰ ਸਹੀ ਸੇਧ ਦੇਣ ‘ਤੇ ਜ਼ੋਰ
ਮੁਹਾਲੀ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਦਾ ਅਹਿਦ ਲਿਆ। ਉਨ੍ਹਾਂ ਕੌਮਾਂਤਰੀ ਹਵਾਈ ਅੱਡੇ ਨੇੜੇ ਐਰੋਸਿਟੀ ਬਲਾਕ ਵਿੱਚ ਕਾਲਕਟ ਭਵਨ ਵਿਚ ਇਨੋਵੇਸ਼ਨ ਮਿਸ਼ਨ ਤਹਿਤ ਕਰਵਾਏ ਸਮਾਗਮ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨ ਨਵੇਂ ਅਤੇ ਨਿਵੇਕਲੇ ਵਿਚਾਰਾਂ ਨਾਲ ਲਬਰੇਜ਼ ਹਨ ਜੋ ਪੰਜਾਬ ਦੇ ਵਿਕਾਸ ਤੇ ਖ਼ੁਸ਼ਹਾਲੀ ਲਈ ਸਹਾਈ ਸਿੱਧ ਹੋ ਸਕਦੇ ਹਨ। ਇਨ੍ਹਾਂ ਵਿਚਾਰਾਂ ਨੂੰ ਉਸਾਰੂ ਦਿਸ਼ਾ ਵਿੱਚ ਲਿਜਾਣ ਦੀ ਲੋੜ ਹੈ ਤਾਂ ਕਿ ਪੰਜਾਬ ਮੋਹਰੀ ਰਾਜ ਵਜੋਂ ਉੱਭਰ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਕਿ ਨੌਜਵਾਨਾਂ ਨੂੰ ਢੁਕਵੇਂ ਮੌਕੇ ਅਤੇ ਬਣਦਾ ਸਹਿਯੋਗ ਮਿਲੇ। ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬੀ ਉੱਦਮੀਆਂ ਨੇ ਵਿਲੱਖਣ ਵਿਚਾਰਾਂ ਨਾਲ ਵੱਡੇ ਕਾਰੋਬਾਰ ਪੈਦਾ ਕੀਤੇ ਹਨ ਅਤੇ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਵੀ ਪੰਜਾਬੀ ਉੱਦਮੀਆਂ ਵੱਲੋਂ ਵੱਡੇ ਸਟਾਰਟਅੱਪ ਸ਼ੁਰੂ ਕੀਤੇ ਗਏ ਹਨ। ਇਸ ਲਈ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਨੌਜਵਾਨਾਂ ਨੂੰ ਉਨ੍ਹਾਂ ਦੇ ਸਟਾਰਟਅੱਪ ਬਣਾਉਣ ਵਿੱਚ ਮਦਦ ਕਰਨ ਲਈ ਸਹੀ ਸੇਧ ਦੇਵੇ।
ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਆਈਐਮ ਪੰਜਾਬ ਐਕਸਲੇਟਰ ਨੌਕਰੀਆਂ ਪੈਦਾ ਕਰਨ, ਨਿਵੇਸ਼ ਲਿਆਉਣ, ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਸੂਬੇ ਵਿੱਚ ਸਕਾਰਾਤਮਕ ਸਮਾਜਿਕ ਤਬਦੀਲੀ ਲਿਆਉਣ ਵਿੱਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ‘ਆਪ’ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਹਨ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੂਬੇ ਨੂੰ ਪਹਿਲੀ ਵਾਰ ਨੌਜਵਾਨ ਮੁੱਖ ਮੰਤਰੀ ਮਿਲਿਆ ਹੈ ਜੋ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਵਿਚਾਰਾਂ ਨਾਲ ਭਰਪੂਰ ਹਨ। ਇਸ ਮੌਕੇ ਆਈਐਮਪੀ ਪੰਜਾਬ ਦੇ ਚੇਅਰਮੈਨ ਪ੍ਰਮੋਦ ਭਸੀਨ, ਵਿਧਾਇਕ ਕੁਲਵੰਤ ਸਿੰਘ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਉਦਯੋਗ ਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਦਿਲੀਪ ਕੁਮਾਰ ਮੌਜੂਦ ਸਨ।