ਫਾਜ਼ਿਲਕਾ ਜ਼ਿਲ੍ਹੇ ਦੇ ਪੀੜਤ ਪਰਿਵਾਰਾਂ ਨੂੰ ਦੋ ਸਾਲ ਤੋਂ ਨਹੀਂ ਮਿਲਿਆ ਸੀ ਮੁਆਵਜ਼ਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਸਾਲ 2020 ਦੀ ਬਕਾਇਆ ਰਹਿੰਦੀ 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਹ ਫੈਸਲਾ ਮੁੱਖ ਮੰਤਰੀ ਨੇ ਚੰਡੀਗੜ੍ਹ ‘ਚ ਆਪਣੇ ਦਫਤਰ ਵਿਚ ਫਾਜ਼ਿਲਕਾ ਜ਼ਿਲ੍ਹੇ ਦੇ ਵਿਧਾਇਕਾਂ ਨਾਲ ਮੀਟਿੰਗ ਦੌਰਾਨ ਕੀਤਾ।
ਉਨ੍ਹਾਂ ਦੱਸਿਆ ਕਿ ਸਾਲ 2020 ਵਿੱਚ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹਾਂ ਨਾਲ ਭਾਰੀ ਨੁਕਸਾਨ ਹੋਇਆ ਸੀ ਪਰ ਉਸ ਵੇਲੇ ਦੀ ਸਰਕਾਰ ਨੇ ਸਿਵਾਏ ਲਾਰਿਆਂ ਤੋਂ ਕੁਝ ਨਹੀਂ ਕੀਤਾ ਤੇ ਨਾ ਹੀ ਲੋਕਾਂ ਨੂੰ ਰਾਹਤ ਦਿੱਤੀ। ਉਨ੍ਹਾਂ ਕਿਹਾ ਕਿ ਅਬੋਹਰ, ਅਰਨੀਵਾਲਾ ਅਤੇ ਜਲਾਲਾਬਾਦ ਬਲਾਕਾਂ ਵਿੱਚ ਹੜ੍ਹ ਨੇ ਵੱਡਾ ਨੁਕਸਾਨ ਕੀਤਾ ਸੀ। ਸਰਕਾਰ ਨੇ 28 ਕਰੋੜ ਰੁਪਏ ਦੇ ਫਸਲਾਂ ਦੇ ਨੁਕਸਾਨ ਲਈ ਤੇ ਚਾਰ ਕਰੋੜ ਰੁਪਏ ਘਰੇਲੂ ਨੁਕਸਾਨ ਲਈ ਜਾਰੀ ਕਰਨ ਦੇ ਹੁਕਮ ਦਿੱਤੇ।
ਮੁੱਖ ਮੰਤਰੀ ਨੇ ਮਾਲ ਵਿਭਾਗ ਨੂੰ ਹੁਕਮ ਦਿੱਤੇ ਕਿ ਮੁਆਵਜ਼ਾ ਬਿਨਾਂ ਕਿਸੇ ਦੇਰੀ ਦੇ ਵੰਡਿਆ ਜਾਵੇ।
ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਮਿਊਂਸਪਲ ਭਵਨ ਵਿਚ ਜਲ ਸਪਲਾਈ ਤੇ ਸੈਨੀਟੇਸ਼ਨ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗਾਂ ਵਿਚ ਨਵੇਂ ਭਰਤੀ ਹੋਏ 164 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਨੇ ਕਿਹਾ ਕਿ ਸਿਆਸੀ ਪਰਿਵਾਰਾਂ ਨੇ ਨਿੱਜੀ ਹਿੱਤਾਂ ਲਈ ਸਾਡੇ ਨੌਜਵਾਨਾਂ ਦਾ ਭਵਿੱਖ ਤਬਾਹ ਕਰ ਦਿੱਤਾ ਹੈ। ਇਨ੍ਹਾਂ ਪਰਿਵਾਰਾਂ ਨੇ ਆਪਣੇ ਨਿੱਜੀ ਫਾਇਦਿਆਂ ਲਈ ਸੂਬੇ ਦੇ ਹਿੱਤ ਦਾਅ ‘ਤੇ ਲਾਉਣ ਤੋਂ ਵੀ ਗੁਰੇਜ਼ ਨਹੀਂ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਟਾਟਾ ਗਰੁੱਪ ਲੁਧਿਆਣਾ ਨੇੜੇ 2600 ਕਰੋੜ ਰੁਪਏ ਦੇ ਨਿਵੇਸ਼ ਨਾਲ ਵੱਡਾ ਪ੍ਰਾਜੈਕਟ ਸਥਾਪਤ ਕਰ ਰਿਹਾ ਹੈ। ਟਾਟਾ ਸਟੀਲ ਵੱਲੋਂ ਜਮਸ਼ੇਦਪੁਰ ਤੋਂ ਬਾਅਦ ਵੱਡਾ ਨਿਵੇਸ਼ ਕੀਤਾ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿਚ ਸੂਬੇ ‘ਚ ਹੋਰ ਉਦਯੋਗਿਕ ਪ੍ਰਾਜੈਕਟ ਵੀ ਸਥਾਪਤ ਕੀਤੇ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਰੁਜ਼ਗਾਰ ਮਿਲੇਗਾ।