Breaking News
Home / ਪੰਜਾਬ / ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਐਸ ਆਈ ਟੀ ਅੱਗੇ ਪੇਸ਼ ਹੋਏ ਸੁਖਬੀਰ ਸਿੰਘ ਬਾਦਲ

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਐਸ ਆਈ ਟੀ ਅੱਗੇ ਪੇਸ਼ ਹੋਏ ਸੁਖਬੀਰ ਸਿੰਘ ਬਾਦਲ

ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਹੇਠ ਟੀਮ ਵੱਲੋਂ ਤਿੰਨ ਘੰਟੇ ਪੁੱਛ-ਪੜਤਾਲ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੰਗਲਵਾਰ ਨੂੰ ਚੰਡੀਗੜ੍ਹ ‘ਚ ਪੰਜਾਬ ਪੁਲਿਸ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਅੱਗੇ ਪੇਸ਼ ਹੋਏ। ਆਈਜੀ ਰੈਂਕ ਦੇ ਪੁਲਿਸ ਅਧਿਕਾਰੀ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਸੁਖਬੀਰ ਬਾਦਲ ਤੋਂ ਤਿੰਨ ਘੰਟੇ ਪੁੱਛਗਿੱਛ ਕੀਤੀ। ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸ਼ਾਸਨ ਦੌਰਾਨ ਵਾਪਰੇ ਇਸ ਗੋਲੀ ਕਾਂਡ ਵਿੱਚ ਦੋ ਵਿਅਕਤੀਆਂ ਦੀ ਪੁਲਿਸ ਗੋਲੀ ਨਾਲ ਜਾਨ ਚਲੇ ਗਈ ਸੀ ਤੇ ਪੁਲਿਸ ਵੱਲੋਂ ‘ਅਣਪਛਾਤੇ ਪੁਲਿਸ ਕਰਮਚਾਰੀਆਂ’ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।
ਸੁਖਬੀਰ ਬਾਦਲ ਉਸ ਵੇਲੇ ਅਕਾਲੀ-ਭਾਜਪਾ ਸਰਕਾਰ ਵਿੱਚ ਗ੍ਰਹਿ ਮੰਤਰੀ ਸਨ। ਇਸ ਲਈ ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਅਕਾਲੀ ਦਲ ਦੇ ਪ੍ਰਧਾਨ ਤੋਂ ਸਮੁੱਚੀ ਪ੍ਰਕਿਰਿਆ ਅਤੇ ਘਟਨਾ ਨਾਲ ਸਬੰਧਤ ਸਵਾਲ ਪੁੱਛੇ ਗਏ। ਸਿਟ ਵੱਲੋਂ ਪੁੱਛਿਆ ਗਿਆ ਕਿ ਗ੍ਰਹਿ ਮੰਤਰੀ ਵਜੋਂ ਇਸ ਗੋਲੀ ਕਾਂਡ ਦੀ ਜਾਣਕਾਰੀ ਕਦੋਂ, ਕਿਵੇਂ ਅਤੇ ਕਿਸ ਰਾਹੀਂ ਮਿਲੀ। ਪੁਲਿਸ ਅਧਿਕਾਰੀਆਂ ਨੇ ਪੁੱਛਿਆ ਕਿ ਜਦੋਂ ਗ੍ਰਹਿ ਮੰਤਰੀ ਹੁੰਦਿਆਂ ਤੁਹਾਨੂੰ ਪਤਾ ਲੱਗ ਗਿਆ ਸੀ ਕਿ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ ਤਾਂ ਉਸ ਤੋਂ ਬਾਅਦ ਕਿਸ ਤਰ੍ਹਾਂ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਪੁਲਿਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸਿਟ ਵੱਲੋਂ ਕੀਤੇ ਜਿਨ੍ਹਾਂ ਸਵਾਲਾਂ ਦਾ ਜਵਾਬ ਦਿੱਤਾ ਗਿਆ ਹੈ ਉਨ੍ਹਾਂ ਦੀ ਪ੍ਰਮਾਣਿਕਤਾ ਦੇਖੀ ਜਾਵੇਗੀ ਤੇ ਪੁਲਿਸ ਦਾ ਰਿਕਾਰਡ ਵੀ ਘੋਖਿਆ ਜਾਵੇਗਾ। ਇਸ ਮੌਕੇ ਸਿਟ ਦੇ ਮੈਂਬਰਾਂ ਵਜੋਂ ਬਟਾਲਾ ਦੇ ਐਸਐਸਪੀ ਸਤਿੰਦਰ ਸਿੰਘ ਅਤੇ ਜਲੰਧਰ ਦਿਹਾਤੀ ਦੇ ਐਸਐਸਪੀ ਸਵਰਨਦੀਪ ਸਿੰਘ ਵੀ ਮੌਜੂਦ ਸਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਹਾਲੇ ਸ਼ੁਰੂ ਹੋਈ ਹੈ ਜਿਸ ਦੀ ਰਿਪੋਰਟ ਲਈ ਉਡੀਕ ਕਰਨੀ ਪਵੇਗੀ। ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਇਸ ਮਾਮਲੇ ਨੂੰ ਜ਼ਿਆਦਾ ਲਮਕਾਉਣਾ ਨਹੀਂ ਚਾਹੁੰਦੀ ਤਾਂ ਕਿ ਅਕਾਲੀਆਂ ਤੇ ਕਾਂਗਰਸੀਆਂ ਵਾਂਗ ਉਹ ਲੋਕਾਂ ਦੇ ਰੋਹ ਦਾ ਸ਼ਿਕਾਰ ਨਾ ਹੋ ਸਕੇ। ਜ਼ਿਕਰਯੋਗ ਹੈ ਕਿ ਪੁਲਿਸ ਗੋਲੀ ਦੀਆਂ ਇਨ੍ਹਾਂ ਦੋਹਾਂ ਘਟਨਾਵਾਂ ਦੇ ਮਾਮਲੇ ‘ਤੇ ਵਿਰੋਧੀਆਂ ਵੱਲੋਂ ਬਾਦਲ ਪਰਿਵਾਰ ਨੂੰ ਲਗਾਤਾਰ ਨਿਸ਼ਾਨੇ ‘ਤੇ ਲਿਆ ਜਾ ਰਿਹਾ ਹੈ।
ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ‘ਆਪ’ ਸਰਕਾਰ ਨੇ ਇਨ੍ਹਾਂ ਕੇਸਾਂ ਵਿਚ ਕੋਈ ਕਾਰਵਾਈ ਨਹੀਂ ਕੀਤੀ ਤੇ ਹੁਣ ਆਪਣੀਆਂ ਅਸਫਲਤਾਵਾਂ ‘ਤੇ ਪਰਦਾ ਪਾਉਣ ਤੇ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਸਿਆਸੀ ਬਦਲਾਖੋਰੀ ‘ਤੇ ਉਤਰ ਆਈ ਹੈ।
ਉਨ੍ਹਾਂ ਕਿਹਾ ਕਿ ਸਿਟ ਨੇ ਜਿਹੜੇ ਸਵਾਲ ਪੁੱਛੇ ਉਨ੍ਹਾਂ ਸਵਾਲਾਂ ਦੇ ਜਵਾਬ ਸਰਕਾਰ ਪਹਿਲਾਂ ਹੀ ਜਾਣਦੀ ਹੈ ਪਰ ਅਕਾਲੀ ਆਗੂ ਇਨ੍ਹਾਂ ਮਾਮਲਿਆਂ ਦੀ ਜਾਂਚ ਕਰ ਰਹੀਆਂ ਵਿਸ਼ੇਸ਼ ਜਾਂਚ ਟੀਮਾਂ ਨਾਲ ਪੂਰਾ ਸਹਿਯੋਗ ਕਰਨ ਲਈ ਤਿਆਰ ਹਨ।

 

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …