ਰਾਸ਼ਟਰਪਤੀ ਨੂੰ ਮੁੱਖ ਮੰਤਰੀ ਨੇ ਪੰਜਾਬ ਆਉਣ ਲਈ ਦਿੱਤਾ ਸੱਦਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੇਸ਼ ਦੀ ਰਾਸ਼ਟਰਪਤੀ ਦਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਦਰੌਪਦੀ ਮੁਰਮੂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਇਹ ਪਹਿਲੀ ਮੁਲਾਕਾਤ ਸੀ। ਇਸ ਮੁਲਾਕਾਤ ਦੌਰਾਨ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੌਪਦੀ ਮੁਰਮੂ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ, ਜਿਸ ਨੂੰ ਰਾਸ਼ਟਰਪਤੀ ਨੇ ਖਿੜੇ ਮੱਥੇ ਪ੍ਰਵਾਨ ਕੀਤਾ ਅਤੇ ਉਨ੍ਹਾਂ ਪੰਜਾਬ ਆਉਣ ਦਾ ਵਾਅਦਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਰਾਸ਼ਟਰਪਤੀ ਨੂੰ ਪੰਜਾਬ ਦੀਆਂ ਰਵਾਇਤਾਂ ਅਤੇ ਸੱਭਿਆਚਾਰ ਤੋਂ ਰਾਸ਼ਟਰਪਤੀ ਨੂੰ ਜਾਣੂ ਕਰਵਾਇਆ ਅਤੇ ਇਹ ਉਨ੍ਹਾਂ ਦੀ ਰਸਮੀ ਮੁਲਾਕਾਤ ਸੀ। ਇਸ ਮੁਲਾਕਾਤ ਜਰੀਏ ਉਨ੍ਹਾਂ ਰਾਸ਼ਟਰਪਤੀ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ, ਜਿਸ ਨੂੰ ਉਨ੍ਹਾਂ ਨੇ ਪ੍ਰਵਾਨ ਕਰ ਲਿਆ ਅਤੇ ਉਹ ਅਗਲੇ ਕੁੱਝ ਸਮੇਂ ਵਿਚ ਪੰਜਾਬ ਦਾ ਦੌਰਾ ਕਰਨਗੇ। ਧਿਆਨ ਰਹੇ ਕਿ ਰਾਸ਼ਟਰਪਤੀ ਦਰੌਪਦੀ ਮੁਰਮੂ ਨੇ 15ਵੇਂ ਰਾਸ਼ਟਰਪਤੀ ਵਜੋਂ ਲੰਘੀ 25 ਜੁਲਾਈ ਨੂੰ ਰਾਸ਼ਟਰਪਤੀ ਦਾ ਅਹੁਦਾ ਸੰਭਾਲਿਆ ਸੀ। ਉਨ੍ਹਾਂ ਨੇ ਆਪਣੇ ਵਿਰੋਧੀ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਵੱਡੇ ਫਰਕ ਨਾਲ ਹਰਾ ਦਿੱਤਾ ਸੀ।