7 ਕੈਬਨਿਟ ਮੰਤਰੀਆਂ ਅਤੇ 24 ਵਿਧਾਇਕਾਂ ਦੇ ਘਰਾਂ ਦਾ ਕੀਤਾ ਗਿਆ ਘਿਰਾਓ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਦੇ 16 ਜ਼ਿਲ੍ਹਿਆਂ ਵਿਚ 31 ਥਾਵਾਂ ’ਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਨੇ ਅੱਜ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ 7 ਕੈਬਨਿਟ ਮੰਤਰੀਆਂ ਅਤੇ 24 ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਹੈ। ਇਹ ਵੀ ਦੱਸਣਯੋਗ ਹੈ ਕਿ ਸਿਰਫ ਆਮ ਆਦਮੀ ਪਾਰਟੀ ਨਹੀਂ, ਸਗੋਂ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਦੇ ਘਰਾਂ ਬਾਹਰ ਇਹ ਰੋਸ ਪ੍ਰਦਰਸ਼ਨ ਕੀਤੇ ਗਏ ਹਨ। ਕਿਸਾਨਾਂ ਦਾ ਆਰੋਪ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਅਤੇ ਸਰਕਾਰ ਦੀਆਂ ਕੁਝ ਨੀਤੀਆਂ ਪੰਜਾਬ ਵਿਰੋਧੀ ਵੀ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਆਰੋਪ ਲਗਾਇਆ ਕਿ ਪੰਜਾਬ ਸਰਕਾਰ ਨਹਿਰਾਂ ਦੇ ਪਾਣੀ ਨੂੰ ਨਿੱਜੀ ਹੱਥਾਂ ਵਿਚ ਦੇਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਕਿਸਾਨਾਂ ’ਤੇ ਕੀਤੇ ਗਏ ਪਰਚੇ ਰੱਦ ਕਰਾਂਗੇ, ਪਰ ਅਜਿਹਾ ਅਜੇ ਤੱਕ ਨਹੀਂ ਹੋਇਆ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਵਿਚ ਨਸ਼ਾ ਵਧਦਾ ਜਾ ਰਿਹਾ ਹੈ ਅਤੇ ਸਰਕਾਰ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਬਿਲਕੁਲ ਹੀ ਵਿਗੜ ਚੁੱਕੀ ਹੈ। ਜਿਨ੍ਹਾਂ ਮੰੰਤਰੀਆਂ ਦੇ ਘਰਾਂ ਦਾ ਕਿਸਾਨਾਂ ਨੇ ਘਿਰਾਓ ਕੀਤਾ ਹੈ, ਉਨ੍ਹਾਂ ਵਿਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਇੰਦਰਬੀਰ ਸਿੰਘ ਨਿੱਝਰ, ਲਾਲਜੀਤ ਸਿੰਘ ਭੁੱਲਰ, ਲਾਲ ਚੰਦ ਕਟਾਰੂ ਚੱਕ, ਫੌਜਾ ਸਿੰਘ ਸਰਾਰੀ, ਬ੍ਰਹਮ ਸ਼ੰਕਰ ਜੰਪਾ ਅਤੇ ਜਸਵੰਤ ਸਿੰਘ ਗੱਜਣਮਾਜਰਾ ਸ਼ਾਮਲ ਹਨ।