ਰਾਜਾ ਵੜਿੰਗ ਅਤੇ ਮਜੀਠੀਆ ਨੇ ਵੀ ਸਰਾਰੀ ਨੂੰ ਤੁਰੰਤ ਬਰਖਾਸਤ ਕਰਨ ਦੀ ਕੀਤੀ ਮੰਗ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਚ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਹੁਣ ਵਿਰੋਧੀ ਧਿਰਾਂ ਦੇ ਨਿਸ਼ਾਨੇ ’ਤੇ ਆ ਗਏ ਹਨ। ਇਸ ਦੇ ਚੱਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਰੱਖਿਆ ਸੇਵਾਵਾਂ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਫੌਜਾ ਸਿੰਘ ਸਰਾਰੀ ਦੀ ਇਕ ਆਡੀਓ ਦੇ ਸਬੰਧ ਵਿਚ ਉਨ੍ਹਾਂ ਨੂੰ ਤੁਰੰਤ ਬਰਖਾਸਤ ਅਤੇ ਗਿ੍ਰਫ਼ਤਾਰ ਕਰਨ ਦੀ ਮੰਗ ਕੀਤੀ ਹੈ। ਜਿਸ ਵਿਚ ਕਥਿਤ ਤੌਰ ’ਤੇ ਪੈਸੇ ਹੜੱਪਣ ਦੀ ਗੱਲ ਕਹੀ ਗਈ ਹੈ। ਇਸ ਆਡੀਓ ਵਿਚ ਅਧਿਕਾਰੀਆਂ ਰਾਹੀਂ ਕੁਝ ਠੇਕੇਦਾਰਾਂ ਨੂੰ ਫਸਾਉਣ ਦੀ ਸਾਜਿਸ਼ ਰਚਣ ਦੀ ਗੱਲ ਸੁਣਾਈ ਦਿੰਦੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਅਜੇ 6 ਮਹੀਨੇ ਵੀ ਪੂਰੇ ਨਹੀਂ ਹੋਏ ਹਨ ਅਤੇ ਇਕ ਹੋਰ ਮੰਤਰੀ ਭਿ੍ਰਸ਼ਟ ਗਤੀਵਿਧੀਆਂ ਵਿਚ ਸ਼ਾਮਲ ਪਾਇਆ ਗਿਆ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਭਿ੍ਰਸ਼ਟ ਗਤੀਵਿਧੀਆਂ ’ਚ ਸ਼ਮੂਲੀਅਤ ਦਾ ਖ਼ੁਲਾਸਾ ਕਰਨ ਵਾਲੀ ਟੇਪ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਮਜੀਠੀਆ ਨੇ ਕਿਹਾ ਕਿ ਸਰਾਰੀ ਨੂੰ ਤੁਰੰਤ ਬਰਖ਼ਾਸਤ ਕਰਕੇ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਵੀ ਸਰਾਰੀ ਨੂੰ ਤੁਰੰਤ ਪੰਜਾਬ ਕੈਬਨਿਟ ਵਿਚੋਂ ਬਰਖਾਸਤ ਕਰਨ ਦੀ ਮੰਗ ਕਰ ਚੁੱਕੇ ਹਨ।