ਸਰਕਾਰ ਦੀ ਨਵੀਂ ਮਾਈਨਿੰਗ ਨੀਤੀ ’ਤੇ ਵੀ ਲਗਾਈ ਰੋਕ
ਚੰਡੀਗੜ੍ਹ/ਬਿਊਰੋ ਨਿਊ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਮਾਈਨਿੰਗ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ ਦਿੱਤਾ ਗਿਆ ਹੈ। ਅਦਾਲਤ ਨੇ ਭਗਵੰਤ ਮਾਨ ਸਰਕਾਰ ਵੱਲੋਂ ਲਿਆਂਦੀ ਗਈ ਨਵੀਂ ਮਾਈਨਿੰਗ ਨੀਤੀ ’ਤੇ ਵੀ ਰੋਕ ਲਗਾ ਦਿੱਤੀ ਹੈ। ਪੰਜਾਬ ਸਰਕਾਰ ਨੇ ਕੇਂਦਰ ਵੱਲੋਂ ਦਿੱਤੀ ਜਾਣ ਵਾਲੀ ਡਿਸਟ੍ਰਰਿਕ ਸਰਵੇ ਰਿਪੋਰਟ ਅਤੇ ਇਨਵਾਇਰਮੈਂਟ ਕਲੀਅਰੈਂਸ ਲਏ ਬਿਨਾ ਪੰਜਾਬ ’ਚ 274 ਠੇਕੇਦਾਰਾਂ ਨੂੰ ਮਾਈਨਿੰਗ ਕਰਨ ਲਈ ਨੋਟਿਸ ਜਾਰੀ ਕਰ ਦਿੱਤੇ ਸਨ। ਇਸ ਨੀਤੀ ਦੇ ਤਹਿਤ ਠੇਕੇਦਾਰਾਂ ਨੇ ਖੁਦਾਈ ਕਰਨੀ ਸੀ ਜਦਕਿ ਰੇਤਾ ਅਤੇ ਬਜਰੀ ਸਰਕਾਰ ਨੇ ਖੁਦ ਵੇਚਣਾ ਸੀ। ਐਡਵੋਕੇਟ ਗਗਨੇਸ਼ਵਰ ਵਾਲੀਆ ਵੱਲੋਂ ਦਾਖਲ ਕੀਤੀ ਗਈ ਜਨਹਿਤ ਪਟੀਸ਼ਨ ’ਤੇ ਚੀਫ਼ ਜਸਟਿਸ ’ਤੇ ਅਧਾਰਤ ਬੈਂਚ ਨੇ ਉਕਤ ਹੁਕਮ ਪਾਸ ਕਰਕੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਲੰਘੇ ਕੱਲ੍ਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਘਰ-ਘਰ ਆਟਾ ਵੰਡਣ ਵਾਲੀ ਸਕੀਮ ’ਤੇ ਵੀ ਰੋਕ ਲਗਾ ਦਿੱਤੀ ਸੀ।