ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਕੀਤੀ ਗਈ ਪੁੱਛਗਿੱਛ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਏਡੀਜੀਪੀ ਐਲ ਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਸਾਹਮਣੇ ਪੇਸ਼ ਹੋਏ। ਸੁਖਬੀਰ ਸਿੰਘ ਬਾਦਲ ਦੇ ਨਾਲ ਦਲਜੀਤ ਸਿੰਘ ਚੀਮਾ, ਬੀਬੀ ਜਗੀਰ ਕੌਰ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ। ਐਸਆਈਟੀ ਵੱਲੋਂ 3 ਘੰਟੇ ਦੀ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਬਦਲਾਖੋਰੀ ਨੀਤੀ ਤਹਿਤ ਕੰਮ ਕਰ ਰਹੀ ਹੈ। ਇਕ ਮਹੀਨੇ ਅੰਦਰ ਸੁਖਬੀਰ ਸਿੰਘ ਬਾਦਲ ਦੀ ਐਸਆਈਟੀ ਸਾਹਮਣੇ ਇਹ ਦੂਜੀ ਪੇਸ਼ੀ ਸੀ। ਇਸ ਤੋਂ ਪਹਿਲਾਂ 6 ਸਤੰਬਰ ਨੂੰ ਸੁਖਬੀਰ ਸਿੰਘ ਬਾਦਲ ਪੰਜਾਬ ਪੁਲਿਸ ਦੇ ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਏ ਸਨ ਅਤੇ ਉਨ੍ਹਾਂ ਕੋਲੋਂ ਬਹਿਬਲ ਕਲਾਂ ਗੋਲੀਕਾਂਡ ਸਬੰਧੀ ਪੁੱਛਗਿੱਛ ਕੀਤੀ ਗਈ ਸੀ। ਬਹਿਬਲ ਕਲਾਂ ਗੋਲੀਕਾਂਡ ਸਮੇਂ ਸੁਖਬੀਰ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ ਅਤੇ ਗ੍ਰਹਿ ਵਿਭਾਗ ਉਨ੍ਹਾਂ ਕੋਲ ਹੀ ਸੀ। ਇਸ ਗੋਲੀਕਾਂਡ ਦੌਰਾਨ ਦੋ ਸਿੱਖ ਨੌਜਵਾਨਾਂ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਐਸ ਆਈ ਟੀ ਇਹ ਜਾਣਨਾ ਚਾਹੁੰਦੀ ਹੈ ਕਿ ਬੇਅਦਬੀ ਦੇ ਰੋਸ ਵਜੋਂ ਸ਼ਾਂਤਮਈ ਧਰਨਾ ਦੇ ਰਹੀਆਂ ਸਿੱਖ ਸੰਗਤਾਂ ’ਤੇ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਨ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …