ਚੰਡੀਗੜ੍ਹ/ਬਿਊਰੋ ਨਿਊਜ਼ : ਆਪਣਾ ਇਲਾਜ ਕਰਵਾ ਕੇ ਵਿਦੇਸ਼ ਤੋਂ ਪਰਤਣ ਮਗਰੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਗਰਮ ਦਿਖਾਈ ਦੇ ਰਹੇ ਹਨ।
ਲੰਡਨ ਤੋਂ ਪਰਤਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਕਰਨ ਮਗਰੋਂ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਆਪਣੇ ਪੁਰਾਣੇ ਸਾਥੀਆਂ ਨਾਲ ਵੀ ਕਈ ਮੀਟਿੰਗਾਂ ਕੀਤੀਆਂ ਹਨ ਤਾਂ ਜੋ ਭਵਿੱਖ ਦੀ ਰਣਨੀਤੀ ਤਿਆਰ ਕੀਤੀ ਜਾ ਸਕੇ।
ਇਸੇ ਤਹਿਤ ਉਨ੍ਹਾਂ ਵਲੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ ਹੈ। ਅਮਿਤ ਸ਼ਾਹ ਨਾਲ ਮੁਲਾਕਾਤ ਬਾਰੇ ਉਨ੍ਹਾਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਅਤੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੁਖਾਵੇਂ ਮਾਹੌਲ ਵਿਚ ਵਧੀਆ ਮੁਲਾਕਾਤ ਹੋਈ, ਜਿਸ ਦੌਰਾਨ ਪੰਜਾਬ ਦੇ ਕਈ ਮਸਲਿਆਂ ਸਮੇਤ ਹੋਰ ਅਹਿਮ ਮੁੱਦਿਆਂ ‘ਤੇ ਗੰਭੀਰਤਾ ਨਾਲ ਚਰਚਾ ਹੋਈ।
ਕੈਪਟਨ ਨੇ ਕਿਹਾ ਕਿ ਗ੍ਰਹਿ ਮੰਤਰੀ ਨਾਲ ਮੁਲਾਕਾਤ ਦੌਰਾਨ ਰਾਸ਼ਟਰੀ ਸੁਰੱਖਿਆ, ਪੰਜਾਬ ਵਿਚ ਨਾਰਕੋ ਅੱਤਵਾਦ ਦੇ ਵੱਧ ਰਹੇ ਮਾਮਲਿਆਂ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਭਵਿੱਖ ਦੇ ਰੂਪ-ਰੇਖਾ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਖੁੱਲ੍ਹ ਕੇ ਚਰਚਾ ਕੀਤੀ ਚਰਚਾ ਕੀਤੀ।