Breaking News
Home / ਭਾਰਤ / ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਨੂੰ ਪੰਜਾਬ ਆਉਣ ਦਾ ਸੱਦਾ

ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਨੂੰ ਪੰਜਾਬ ਆਉਣ ਦਾ ਸੱਦਾ

ਕਿਹਾ : ਰਾਸ਼ਟਰਪਤੀ ਦਾ ਪੰਜਾਬ ਆਉਣ ‘ਤੇ ਕੀਤਾ ਜਾਵੇਗਾ ਨਿੱਘਾ ਸਵਾਗਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਬੇ ਦਾ ਦੌਰਾ ਕਰਨ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਰਾਸ਼ਟਰਪਤੀ ਭਵਨ ਵਿੱਚ ਸ੍ਰੀਮਤੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਆਉਣ ਦਾ ਸੱਦਾ ਦਿੱਤਾ। ਸ੍ਰੀਮਤੀ ਮੁਰਮੂ ਨੂੰ ਆਖਿਆ ਕਿ ਪੰਜਾਬ ਸੱਭਿਅਤਾ ਦਾ ਪੰਘੂੜਾ ਹੋਣ ਦੇ ਨਾਲ ਨਾਲ ਇਸ ਦੀ ਅਮੀਰ ਸੱਭਿਆਚਾਰਕ ਵਿਰਾਸਤ ਹੈ। ਇਸ ਦਾ ਅਹਿਸਾਸ ਇਸ ਪਵਿੱਤਰ ਧਰਤੀ ਦੇ ਦਰਸ਼ਨ ਕਰ ਕੇ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਪੰਜਾਬੀਆਂ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਨ ਦੇ ਨਾਲ ਇਸ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਦੇਖਣ ਲਈ ਲਾਜ਼ਮੀ ਤੌਰ ‘ਤੇ ਸੂਬੇ ਦਾ ਦੌਰਾ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਆਉਣ ‘ਤੇ ਸਮੁੱਚੇ ਸੂਬਾ ਵਾਸੀਆਂ ਵੱਲੋਂ ਰਾਸ਼ਟਰਪਤੀ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ। ਮੀਡੀਆ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਜਰਮਨੀ ਦੌਰਾ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਵੇਗਾ। ਭਗਵੰਤ ਮਾਨ ਨੇ ਕਿਹਾ ਕਿ ਬਰਲਿਨ, ਮਿਊਨਿਖ ਅਤੇ ਫਰੈਂਕਫਰਟ ਦੇ ਦੌਰੇ ਦੌਰਾਨ ਉਹ ਨਿਰਮਾਣ, ਸੈਰ-ਸਪਾਟਾ, ਫਾਰਮਾਸਿਊਟੀਕਲ ਅਤੇ ਹੋਰ ਉਨ੍ਹਾਂ ਮੋਹਰੀ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਨਗੇ ਜੋ ਪੰਜਾਬ ਵਿੱਚ ਨਿਵੇਸ਼ ਕਰਨ ਦੇ ਇੱਛੁਕ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯਤਨਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇਸ਼ ਅਤੇ ਵਿਸ਼ਵ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰੇ। ਮੁੱਖ ਮੰਤਰੀ ਨੇ ਸੂਬੇ ਨੂੰ ਉਦਯੋਗਿਕ ਧੁਰੇ ਵਜੋਂ ਉਭਾਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇੱਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਦੂਜੇ ਪਾਸੇ, ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਹੈ ਜਿਸ ਸਦਕਾ ਨਿਵੇਸ਼ਕ ਸੂਬੇ ਵਿੱਚ ਆਉਣ ਅਤੇ ਇੱਥੇ ਆਪਣਾ ਕਾਰੋਬਾਰ ਵਧਾਉਣ ਵਿੱਚ ਦਿਲਚਸਪੀ ਦਿਖਾ ਰਹੇ ਹਨ।

 

Check Also

ਜੋਤੀਰਾਦਿੱਤਿਆ ਸਿੰਧੀਆ ਦੀ ਮਾਤਾ ਰਾਜਮਾਤਾ ਮਾਧਵੀ ਰਾਜੇ ਦਾ ਦਿਹਾਂਤ

ਨੇਪਾਲ ਦੇ ਰਾਜਘਰਾਣੇ ਨਾਲ ਮਾਧਵੀ ਰਾਜੇ ਦਾ ਸੀ ਰਿਸ਼ਤਾ ਨਵੀਂ ਦਿੱਲੀ/ਬਿਊਰ ਨਿਊਜ਼ ਭਾਰਤ ਦੀ ਸਰਕਾਰ …