Breaking News
Home / Special Story / ਪੰਜਾਬ ‘ਚ ਆਮ ਆਦਮੀ ਦੀ ਸਰਕਾਰ ਡੇਗਣ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ : ਹਰਪਾਲ ਚੀਮਾ

ਪੰਜਾਬ ‘ਚ ਆਮ ਆਦਮੀ ਦੀ ਸਰਕਾਰ ਡੇਗਣ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ : ਹਰਪਾਲ ਚੀਮਾ

ਵਿੱਤ ਮੰਤਰੀ ਨੇ ਭਾਜਪਾ ‘ਤੇ ਲਾਇਆ ਵਿਧਾਇਕਾਂ ਨੂੰ 25-25 ਕਰੋੜ ਦੀ ਪੇਸ਼ਕਸ਼ ਕਰਨ ਦਾ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ‘ਤੇ ਆਰੋਪ ਲਗਾਇਆ ਕਿ ਉਹ ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਡੇਗਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।
ਪਾਰਟੀ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਨੇ ‘ਆਪ’ ਦੇ 10 ਵਿਧਾਇਕਾਂ ਨਾਲ ਸੰਪਰਕ ਕਰਕੇ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਲਈ 25-25 ਕਰੋੜ ਰੁਪਏ ਦੇਣ ਦੀ ਪੇਸ਼ਕਸ਼ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ‘ਚ ਭਾਜਪਾ ਦੀ ਸਰਕਾਰ ਬਣਨ ‘ਤੇ ਮੰਤਰੀ ਬਨਾਉਣ ਤੇ ਹੋਰ ਵੀ ਕਈ ਤਰ੍ਹਾਂ ਦੇ ਲਾਲਚ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕਾਂ ‘ਤੇ ਦਬਾਅ ਬਣਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਈਡੀ ਅਤੇ ਸੀਬੀਆਈ ਦਾ ਡਰਾਵਾ ਦਿੱਤਾ ਜਾ ਰਿਹਾ ਹੈ। ਚੀਮਾ ਨੇ ਕਿਹਾ ਕਿ ਭਾਜਪਾ ਨੇ ਪਹਿਲਾਂ ‘ਅਪਰੇਸ਼ਨ ਲੋਟਸ’ ਤਹਿਤ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕਰਕੇ ਤੇ ਪੈਸੇ ਦੇ ਜ਼ੋਰ ‘ਤੇ ਗੋਆ, ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਸਰਕਾਰਾਂ ਡੇਗ ਦਿੱਤੀਆਂ। ਉਸ ਤੋਂ ਬਾਅਦ ਦਿੱਲੀ ਵਿੱਚ ‘ਆਪ’ ਦੀ ਸਰਕਾਰ ਡੇਗਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਾ ਹੋ ਸਕੀ। ਉਸ ਤੋਂ ਬਾਅਦ ਹੁਣ ਪੰਜਾਬ ਵਿੱਚ 92 ਵਿਧਾਇਕਾਂ ਦੇ ਬਹੁਮਤ ਵਾਲੀ ਸਰਕਾਰ ਡੇਗਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ 25-25 ਕਰੋੜ ਰੁਪਏ ਇਕੱਲੇ ਵਿਧਾਇਕ ਨੂੰ ਅਤੇ 3-4 ਵਿਧਾਇਕ ਨਾਲ ਲਿਆਉਣ ਵਾਲੇ ਵਿਧਾਇਕ ਨੂੰ 50 ਤੋਂ 70 ਕਰੋੜ ਰੁਪਏ ਤੱਕ ਦੀ ਪੇਸ਼ਕਸ਼ ਕੀਤੀ ਗਈ ਹੈ। ਇਸ ਬਾਰੇ ‘ਆਪ’ ਵਿਧਾਇਕਾਂ ਕੋਲ ਸਾਰੀਆਂ ਰਿਕਾਰਡਿੰਗਾਂ ਅਤੇ ਹੋਰ ਸਬੂਤ ਹਨ। ਵਿੱਤ ਮੰਤਰੀ ਨੇ ਕਿਹਾ ਕਿ ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੰਜਾਬ ‘ਚ ਸਰਕਾਰ ਬਨਾਉਣ ਲਈ ‘ਆਪ’ ਦੇ 35 ਵਿਧਾਇਕਾਂ ਦੀ ਲੋੜ ਹੈ ਜਦਕਿ ਰਹਿੰਦੇ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਪਹਿਲਾਂ ਹੀ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਕਾਬਜ਼ ਮੋਦੀ ਸਰਕਾਰ ਕੋਲ ਪੰਜਾਬ ਦੀ ਆਰਥਿਕ ਮਦਦ ਕਰਨ ਲਈ ਇਕ ਪੈਸਾ ਵੀ ਨਹੀਂ ਹੈ ਪਰ ਪੰਜਾਬ ਦੇ ਵਿਧਾਇਕ ਖਰੀਦਣ ਲਈ 1375 ਕਰੋੜ ਰੁਪਏ ਦਾ ਕਾਲਾ ਧਨ ਹੈ। ਇਹ ਧਨ ਕਿੱਥੋਂ ਆਇਆ ਹੈ ਅਤੇ ਕਿੱਥੇ ਪਿਆ ਹੈ, ਉਸ ਦੀ ਜਾਂਚ ਕਰਵਾਉਣ ਦੀ ਲੋੜ ਹੈ। ‘ਆਪ’ ਆਗੂ ਨੇ ਕਿਹਾ ਕਿ ਪਹਿਲਾਂ ਭਾਜਪਾ ਨੇ ਪਹਿਲਾਂ ਦਿੱਲੀ ਵਿੱਚ 800 ਕਰੋੜ ਰੁਪਏ ਖਰਚ ਕੇ ‘ਆਪ’ ਵਿਧਾਇਕ ਖਰੀਦਣ ਦੀ ਕੋਸ਼ਿਸ਼ ਕੀਤੀ ਹੁਣ ਪੰਜਾਬ ਵਿੱਚ 1375 ਕਰੋੜ ਰੁਪਏ ਖਰਚਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਚੀਮਾ ਨੇ ਕਿਹਾ ਕਿ ਉਹ ਉਕਤ ਮਾਮਲੇ ਸਬੰਧੀ ਕਾਨੂੰਨੀ ਸਲਾਹ ਲੈ ਰਹੇ ਹਨ ਤਾਂ ਜੋ ਭਾਜਪਾ ਆਗੂਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਭਾਜਪਾ ਨੂੰ ਚੁਣੌਤੀ ਦਿੱਤੀ ਕਿ ‘ਆਪ’ ਦਾ ਕੋਈ ਵੀ ਵਿਧਾਇਕ ਵਿਕਾਊ ਨਹੀਂ ਹੈ ਅਤੇ ਨਾ ਹੀ ਭਾਜਪਾ ਦੀਆਂ ਗੱਲਾਂ ‘ਚ ਆਉਣਗੇ।
ਚੀਮਾ ਆਰੋਪਾਂ ਦੇ ਸਬੂਤ ਪੇਸ਼ ਕਰਨ: ਅਸ਼ਵਨੀ ਸ਼ਰਮਾ
ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਹਰਪਾਲ ਚੀਮਾ ਵੱਲੋਂ ਲਗਾਏ ਗਏ ਆਰੋਪਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਜੇਕਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਆਰੋਪਾਂ ਵਿੱਚ ਕੋਈ ਸਚਾਈ ਹੈ ਤਾਂ ਸਬੂਤ ਜਨਤਾ ਦੇ ਸਾਹਮਣੇ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਚੀਮਾ ਦਾ ਬਿਆਨ ਆਮ ਆਦਮੀ ਪਾਰਟੀ ਦੀ ਬੁਖਲਾਹਟ ਦਾ ਨਤੀਜਾ ਹੈ। ਦਿੱਲੀ ਵਿੱਚ ‘ਆਪ’ ਆਗੂਆਂ ਦੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਹੋਣ ਅਤੇ ‘ਆਪ’ ਆਗੂਆਂ ਦੇ ਜੇਲ੍ਹ ਜਾਣ ਕਾਰਨ ਇਹ ਸਭ ਦਹਿਸ਼ਤ ਵਿੱਚ ਹਨ। ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿੱਚ ਪਹਿਲਾਂ ਆਬਕਾਰੀ ਘੁਟਾਲਾ ਸਾਹਮਣੇ ਆਇਆ, ਫਿਰ ਸਕੂਲ ਘੁਟਾਲਾ, ਫਿਰ ਬੱਸ ਖਰੀਦ ਘੁਟਾਲਾ ਅਤੇ ਪਤਾ ਨਹੀਂ ਹੁਣ ਹੋਰ ਕਿਹੜੇ-ਕਿਹੜੇ ਘੁਟਾਲਿਆਂ ਦਾ ਪਰਦਾਫਾਸ਼ ਹੋਣਾ ਬਾਕੀ ਹੈ।
ਅਪਰੇਸ਼ਨ ਲੋਟਸ: ‘ਆਪ’ ਵਿਧਾਇਕਾਂ ਦੀ ਸ਼ਿਕਾਇਤ ਮਗਰੋਂ ਕੇਸ ਦਰਜ
ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਹਵਾਲੇ; ਵਿਧਾਇਕਾਂ ਨੇ ਡੀਜੀਪੀ ਨੂੰ ਸਬੂਤ ਸੌਂਪੇ
ਚੰਡੀਗੜ÷ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਡੇਗਣ ਲਈ ਪਾਰਟੀ ਦੇ 10 ਵਿਧਾਇਕਾਂ ਨੂੰ ਧਮਕਾਉਣ ਅਤੇ 25-25 ਕਰੋੜ ਰੁਪਏ ਦੀ ਪੇਸ਼ਕਸ਼ ਕਰਨ ਸਬੰਧੀ ਭਾਜਪਾ ਖ਼ਿਲਾਫ਼ ਚੰਡੀਗੜ÷ ‘ਚ ਡੀਜੀਪੀ ਗੌਰਵ ਯਾਦਵ ਨੂੰ ਸ਼ਿਕਾਇਤ ਕੀਤੀ। ਇਸ ਮਗਰੋਂ ਪੰਜਾਬ ਪੁਲਿਸ ਨੇ ‘ਆਪ’ ਵਿਧਾਇਕਾਂ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਪੁਲਿਸ ਥਾਣਾ ਸਟੇਟ ਕ੍ਰਾਈਮ, ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 8, ਧਾਰਾ 171-ਬੀ ਅਤੇ 120-ਬੀ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ। ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਇਕ ਦਰਜਨ ਦੇ ਕਰੀਬ ‘ਆਪ’ ਵਿਧਾਇਕਾਂ ਨੇ ਡੀਜੀਪੀ ਨਾਲ ਮੁਲਾਕਾਤ ਕੀਤੀ ਸੀ। ਉਨ÷ ਾਂ ਭਾਜਪਾ ਆਗੂਆਂ ਵੱਲੋਂ ‘ਆਪ’ ਵਿਧਾਇਕਾਂ ਨੂੰ ਧਮਕਾਉਣ ਅਤੇ ਰੁਪਏ ਦੀ ਪੇਸ਼ਕਸ਼ ਕਰਨ ਸਬੰਧੀ ਆਡੀਓ ਰਿਕਾਰਡਿੰਗ ਅਤੇ ਹੋਰ ਸਬੂਤ ਸੌਂਪ ਕੇ ‘ਅਪਰੇਸ਼ਨ ਲੋਟਸ’ ਦੀ ਨਿਰਪੱਖ ਜਾਂਚ ਕਰਨ ਦੀ ਮੰਗ ਕੀਤੀ। ਡੀਜੀਪੀ ਨੂੰ ਸ਼ਿਕਾਇਤ ਕਰਨ ਗਏ ਵਿਧਾਇਕਾਂ ਵਿੱਚ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ, ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਕੁਲਵੰਤ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਦਿਨੇਸ਼ ਚੱਢਾ, ਰਮਨ ਅਰੋੜਾ, ਨਰਿੰਦਰ ਕੌਰ ਭਰਾਜ, ਰਜਨੀਸ਼ ਦਹੀਆ, ਰੁਪਿੰਦਰ ਸਿੰਘ ਹੈਪੀ, ਸ਼ੀਤਲ ਅੰਗੁਰਾਲ, ਅਤੇ ਲਾਭ ਸਿੰਘ ਉਗੋਕੇ ਸਣੇ ਹੋਰ ਵਿਧਾਇਕ ਹਾਜ਼ਰ ਸਨ। ‘ਆਪ’ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਨੇ ਉਨ÷ ਾਂ ਦੇ 10 ਤੋਂ ਵੱਧ ਵਿਧਾਇਕਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ।
ਭਾਜਪਾ ‘ਤੇ ਲਾਏ ਦੋਸ਼ ਸਾਬਤ ਕਰਨ ਹਰਪਾਲ ਚੀਮਾ : ਅਸ਼ਵਨੀ ਸ਼ਰਮਾ
ਕਿਹਾ : ਆਪਣੇ ਵਾਅਦੇ ਪੂਰੇ ਨਾ ਕਰਨ ‘ਤੇ ਲੋਕ ਰੋਹ ਕਾਰਨ ਬੁਖਲਾਏ ਵਿੱਤ ਮੰਤਰੀ
ਲੁਧਿਆਣਾ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਭਾਜਪਾ ਉੱਤੇ ‘ਆਪ’ ਵਿਧਾਇਕਾਂ ਨੂੰ ਖ਼ਰੀਦਣ ਦੇ ਲਗਾਏ ਆਰੋਪਾਂ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ। ਲੁਧਿਆਣਾ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ‘ਆਪ’ ਸਰਕਾਰ ਉੱਪਰ ਲੱਗ ਰਹੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਅਤੇ ਵਾਅਦੇ ਪੂਰੇ ਨਾ ਕਰਨ ‘ਤੇ ਲੋਕ ਰੋਹ ਨੂੰ ਵੇਖਦਿਆਂ ਵਿੱਤ ਮੰਤਰੀ ਬੁਖਲਾਹਟ ਵਿੱਚ ਹਨ। ਉਨ੍ਹਾਂ ਕਿਹਾ ਕਿ ਹਰਪਾਲ ਸਿੰਘ ਚੀਮਾ ਵੱਲੋਂ ਲਗਾਏ ਗਏ ਆਰੋਪ ਜਾਂ ਤਾਂ ਉਹ ਸਾਬਤ ਕਰਨ ਨਹੀਂ ਤਾਂ ਭਾਰਤੀ ਜਨਤਾ ਪਾਰਟੀ ਇਸ ਖਿਲਾਫ ਚੁੱਪ ਕਰਕੇ ਨਹੀਂ ਬੈਠੇਗੀ ਅਤੇ ਆਪਣੀ ਆਵਾਜ਼ ਬੁਲੰਦ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਆਪਸੀ ਖਿੱਚੋਤਾਣ ਕਾਰਨ ਪਹਿਲਾਂ ਅਰਵਿੰਦ ਕੇਜਰੀਵਾਲ ਝੂਠ ਦਾ ਸਹਾਰਾ ਲੈ ਰਹੇ ਸਨ ਅਤੇ ਹੁਣ ਪਾਰਟੀ ਦੀ ਪੰਜਾਬ ਇਕਾਈ ਨੇ ਵੀ ਇਹ ਖੇਡ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਲੋਕਾਂ ਦਾ ਧਿਆਨ ਅਸਲ ਮਸਲਿਆਂ ਤੋਂ ਭਟਕਾਇਆ ਜਾ ਸਕੇ। ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਹਰ ਵਰਗ ਦੁਖੀ ਹੈ, ਕਿਉਂਕਿ ਸਰਕਾਰ ਨੇ ਛੇ ਮਹੀਨਿਆਂ ‘ਚ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।

Check Also

ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੁੱਧ ਦੇਸ਼-ਵਿਦੇਸ਼ਾਂ ‘ਚ ਭੁੱਖ ਹੜਤਾਲ

ਭਾਰਤ ਦੀ ਆਜ਼ਾਦੀ ਅਤੇ ਸੰਵਿਧਾਨ ਖ਼ਤਰੇ ‘ਚ : ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ : ਪੰਜਾਬ …