26.6 C
Toronto
Tuesday, May 19, 2026
spot_img
Homeਪੰਜਾਬਪਰਾਲੀ ਦੇ ਢੁੱਕਵੇਂ ਪ੍ਰਬੰਧ ਲਈ ਪੰਜਾਬ 'ਚ 56 ਹਜ਼ਾਰ ਮਸ਼ੀਨਾਂ ਵੰਡੀਆਂ ਜਾਣਗੀਆਂ

ਪਰਾਲੀ ਦੇ ਢੁੱਕਵੇਂ ਪ੍ਰਬੰਧ ਲਈ ਪੰਜਾਬ ‘ਚ 56 ਹਜ਼ਾਰ ਮਸ਼ੀਨਾਂ ਵੰਡੀਆਂ ਜਾਣਗੀਆਂ

ਪਰਾਲੀ ਸਾੜਨ ਤੋਂ ਰੋਕਣ ਲਈ ਹਰ ਸੰਭਵ ਕਦਮ ਚੁੱਕੇਗੀ ਸਰਕਾਰ : ਧਾਲੀਵਾਲ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਵਾਢੀ ਦੇ ਆਗਾਮੀ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਲਈ ਹਰ ਸੰਭਵ ਕਦਮ ਚੁੱਕੇਗੀ। ਲੁਧਿਆਣਾ ਦੇ ਸਰਕਟ ਹਾਊਸ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਪਰਾਲੀ ਦੇ ਪ੍ਰਬੰਧਨ ਲਈ ਕਮਰਕੱਸੇ ਕਰ ਲਏ ਹਨ ਅਤੇ ਇਸ ਸੀਜ਼ਨ ਵਿੱਚ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ 56000 ਮਸ਼ੀਨਾਂ ਵੰਡੀਆਂ ਜਾਣਗੀਆਂ, ਜਿਸ ਨਾਲ ਸੂਬੇ ਵਿੱਚ ਮਸ਼ੀਨਾਂ ਦੀ ਕੁੱਲ ਗਿਣਤੀ 1,46,422 ਹੋ ਜਾਵੇਗੀ। ਇਸ ਤੋਂ ਪਹਿਲਾਂ 2018 ਤੋਂ 2022 ਤੱਕ ਕਿਸਾਨਾਂ ਨੂੰ 90,422 ਮਸ਼ੀਨਾਂ ਵੰਡੀਆਂ ਜਾ ਚੁੱਕੀਆਂ ਹਨ।
ਇਸ ਸਾਲ ਮਸ਼ੀਨਾਂ ਦੀ ਵੰਡ ਦੇ ਪ੍ਰੋਗਰਾਮ ਵਿੱਚ ਨਵੀਂ ਪਹਿਲ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਹੁਣ ਛੋਟੇ ਕਿਸਾਨਾਂ ਨੂੰ ਵੀ ਸੁਪਰਸੀਡਰ, ਹੈਪੀ ਸੀਡਰ, ਜ਼ੀਰੋ ਡਰਿੱਲ ਵਰਗੀਆਂ ਮਸ਼ੀਨਾਂ ਮਿਲਣਗੀਆਂ ਕਿਉਂਕਿ ਅਜਿਹੀਆਂ 500 ਮਸ਼ੀਨਾਂ ਸੂਬੇ ਦੇ 154 ਬਲਾਕਾਂ ਵਿੱਚ ਭੇਜੀਆਂ ਜਾਣਗੀਆਂ।
ਧਾਲੀਵਾਲ ਨੇ ਦੱਸਿਆ ਕਿ 15 ਸਤੰਬਰ ਤੋਂ ਬਾਅਦ ਉਨ੍ਹਾਂ ਸਮੇਤ ਖੇਤੀਬਾੜੀ ਵਿਭਾਗ ਦੇ ਦਰਜਾ ਚਾਰ ਮੁਲਾਜ਼ਮਾਂ ਤੋਂ ਲੈ ਕੇ ਡਾਇਰੈਕਟਰ ਰੈਂਕ ਤੱਕ ਦੇ ਅਧਿਕਾਰੀ ਫੀਲਡ ਵਿੱਚ ਹੀ ਰਹਿਣਗੇ ਅਤੇ ਘਰ-ਘਰ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਕਰਨਗੇ। ਇਸ ਦੌਰਾਨ ਧਾਲੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਕਈ ਕਿਸਾਨ ਖੇਤੀ ਸੰਦਾਂ ‘ਤੇ ਸਬਸਿਡੀ ਦਾ ਲਾਭ ਲੈਣ ਵਿੱਚ ਅਸਫਲ ਰਹੇ ਅਤੇ ਖੇਤੀ ਸੰਦਾਂ ‘ਤੇ ਸਬਸਿਡੀ ਵਿੱਚ 150 ਕਰੋੜ ਰੁਪਏ ਦਾ ਘਪਲਾ ਸਾਹਮਣੇ ਆਇਆ ਹੈ, ਜਿਸ ਦੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪ ਦਿੱਤੀ ਗਈ ਹੈ।

RELATED ARTICLES
POPULAR POSTS