Breaking News
Home / ਪੰਜਾਬ / ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ‘ਸਿਟ’ ਅੱਗੇ ਪੇਸ਼ ਹੋਏ ਸੁਖਬੀਰ

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ‘ਸਿਟ’ ਅੱਗੇ ਪੇਸ਼ ਹੋਏ ਸੁਖਬੀਰ

ਵਿਸ਼ੇਸ਼ ਜਾਂਚ ਟੀਮ ਨੇ ਅਕਾਲੀ ਦਲ ਦੇ ਪ੍ਰਧਾਨ ਅੱਗੇ ਲਾਈ ਸਵਾਲਾਂ ਦੀ ਝੜੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੀ ਸਰਕਾਰ ਸਮੇਂ ਸਾਲ 2015 ਵਿੱਚ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੀ ਤਫ਼ਤੀਸ਼ ‘ਚ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੀਜੀ ਵਾਰ ਪੁੱਛ-ਪੜਤਾਲ ਲਈ ਵਿਸ਼ੇਸ਼ ਜਾਂਚ ਟੀਮ (ਸਿਟ) ਅੱਗੇ ਪੇਸ਼ ਹੋਏ। ਇਸ ਤੋਂ ਪਹਿਲਾਂ ਉਹ ਕਾਂਗਰਸ ਸਰਕਾਰ ਵੇਲੇ ਇਸ ਮਾਮਲੇ ‘ਚ ਜਾਂਚ ਟੀਮ ਅੱਗੇ ਪੇਸ਼ ਹੋ ਚੁੱਕੇ ਹਨ ਪਰ ‘ਆਪ’ ਸਰਕਾਰ ਬਣਨ ‘ਤੇ ਉਹ ਪਹਿਲੀ ਵਾਰ ‘ਸਿਟ’ ਅੱਗੇ ਪੇਸ਼ ਹੋਏ।
ਇਸ ਦੌਰਾਨ ਏਡੀਜੀਪੀ ਰੈਂਕ ਦੇ ਪੁਲਿਸ ਅਧਿਕਾਰੀ ਐੱਲਕੇ ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਸੁਖਬੀਰ ਬਾਦਲ ਤੋਂ ਲੰਮੀ ਪੁੱਛ-ਪੜਤਾਲ ਕੀਤੀ।
ਅਕਾਲੀ-ਭਾਜਪਾ ਸਰਕਾਰ ਵਿੱਚ ਪੰਜਾਬ ਦੇ ਗ੍ਰਹਿ ਮੰਤਰੀ ਹੋਣ ਦੇ ਨਾਤੇ ‘ਸਿਟ’ ਨੇ ਅਕਾਲੀ ਪ੍ਰਧਾਨ ਅੱਗੇ ਮਾਮਲੇ ਦੀ ਸਮੁੱਚੀ ਪ੍ਰਕਿਰਿਆ ਅਤੇ ਘਟਨਾ ਨਾਲ ਸਬੰਧਤ ਸਵਾਲਾਂ ਦੀ ਝੜੀ ਲਾਈ।
ਇਸ ਦੌਰਾਨ ‘ਸਿਟ’ ਵੱਲੋਂ ਸੁਖਬੀਰ ਬਾਦਲ ਨੂੰ ਪੁੱਛਿਆ ਗਿਆ ਕਿ ਗ੍ਰਹਿ ਮੰਤਰੀ ਵਜੋਂ ਇਸ ਗੋਲੀ ਕਾਂਡ ਦੀ ਜਾਣਕਾਰੀ ਉਨ੍ਹਾਂ ਨੂੰ ਕਦੋਂ, ਕਿਸ ਤਰ੍ਹਾਂ ਅਤੇ ਕਿਸ ਦੇ ਰਾਹੀਂ ਮਿਲੀ।
ਪੁਲਿਸ ਅਧਿਕਾਰੀਆਂ ਨੇ ਸਵਾਲ ਕੀਤਾ ”ਜਦੋਂ ਗ੍ਰਹਿ ਮੰਤਰੀ ਹੁੰਦਿਆਂ ਤੁਹਾਨੂੰ ਪਤਾ ਲੱਗ ਗਿਆ ਸੀ ਕਿ ਕੋਟਕਪੂਰਾ ‘ਚ ਪੁਲਿਸ ਗੋਲੀ ਕਾਂਡ ਵਾਪਰ ਗਿਆ ਹੈ ਅਤੇ ਕਈ ਵਿਅਕਤੀ ਜ਼ਖ਼ਮੀ ਹੋ ਗਏ ਹਨ ਤਾਂ ਉਸ ਤੋਂ ਬਾਅਦ ਕਿਸ ਤਰ੍ਹਾਂ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਤੇ ਪੁਲਿਸ ਨੂੰ ਗੋਲੀ ਚਲਾਉਣ ਦਾ ਹੁਕਮ ਕਿਸ ਪੱਧਰ ‘ਤੇ ਦਿੱਤਾ ਗਿਆ”।
ਪੁਲਿਸ ਅਧਿਕਾਰੀਆਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ‘ਸਿਟ’ ਦੇ ਜਿਹੜੇ ਸਵਾਲਾਂ ਦੇ ਜਵਾਬ ਦਿੱਤੇ ਗਏ ਹਨ, ਉਨ੍ਹਾਂ ਦੀ ਪ੍ਰਮਾਣਿਕਤਾ ਦੇਖੀ ਜਾਵੇਗੀ ਤੇ ਪੁਲਿਸ ਦਾ ਰਿਕਾਰਡ ਵੀ ਘੋਖਿਆ ਜਾਵੇਗਾ। ਮਹੱਤਵਪੂਰਨ ਤੱਥ ਇਹ ਹੈ ਕਿ ਕੋਟਕਪੂਰਾ ਗੋਲੀ ਕਾਂਡ ਦੀ ਤਫ਼ਤੀਸ਼ ਵਿੱਚ ਸੁਖਬੀਰ ਸਿੰਘ ਬਾਦਲ ‘ਸਿਟ’ ਦੇ ਸਾਹਮਣੇ ਤੀਜੀ ਵਾਰ ਪੇਸ਼ ਹੋਏ ਹਨ।
ਇਸ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਤੋਂ ਇਸ ਮਾਮਲੇ ਵਿੱਚ ਸਭ ਤੋਂ ਪਹਿਲਾਂ ਪੁੱਛ-ਪੜਤਾਲ ਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਵਾਲੀ ‘ਸਿਟ’ ਵੱਲੋਂ ਕੀਤੀ ਗਈ ਸੀ। ਇਸ ‘ਸਿਟ’ ਵੱਲੋਂ ਅਦਾਲਤ ਵਿੱਚ ਪੇਸ਼ ਕੀਤੀ ਰਿਪੋਰਟ ਨੂੰ ਜਦੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰੱਦ ਕਰ ਦਿੱਤਾ ਸੀ ਤਾਂ ਕੈਪਟਨ ਸਰਕਾਰ ਵੱਲੋਂ ਐਲ.ਕੇ. ਯਾਦਵ ਦੀ ਅਗਵਾਈ ਹੇਠ ਦੁਬਾਰਾ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਸੀ। ਯਾਦਵ ਦੀ ਅਗਵਾਈ ਵਾਲੀ ‘ਸਿਟ’ ਨੇ ਸੁਖਬੀਰ ਬਾਦਲ ਨੂੰ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਵੀ ਪੁੱਛ-ਪੜਤਾਲ ਲਈ ਸੱਦਿਆ ਗਿਆ ਸੀ। ਇਸ ‘ਸਿਟ’ ਵੱਲੋਂ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ‘ਚ ਹੁਣ ਤੱਕ ਰਿਪੋਰਟ ਨਹੀਂ ਦਿੱਤੀ ਗਈ। ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਇਸ ਮਾਮਲੇ ਨੂੰ ਛੇਤੀ ਸਿਰੇ ਚੜ੍ਹਾਉਣਾ ਚਾਹੁੰਦੀ ਹੈ ਤਾਂ ਜੋ ਆਮ ਆਦਮੀ ਪਾਰਟੀ, ਅਕਾਲੀ ਦਲ ਤੇ ਕਾਂਗਰਸ ਵਾਂਗ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਨਾ ਹੋਵੇ। ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਦੋਂ ‘ਸਿਟ’ ਦੇ ਮੂਹਰੇ ਪੇਸ਼ ਹੋਣ ਗਏ ਤਾਂ ਉਨ੍ਹਾਂ ਨਾਲ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਸੀ।
‘ਆਪ’ ਵੱਲੋਂ ਜਾਂਚ ਦਾ ਸਿਆਸੀਕਰਨ ਕੀਤਾ ਜਾ ਰਿਹੈ: ਸੁਖਬੀਰ
ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਪਿਛਲੀ ਕਾਂਗਰਸ ਸਰਕਾਰ ਦੇ ਰਾਹ ‘ਤੇ ਚੱਲ ਰਹੀ ਹੈ ਤੇ ਜਾਂਚ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ‘ਆਪ’ ਸਰਕਾਰ ਨੇ ਇਨ੍ਹਾਂ ਮਾਮਲਿਆਂ ਵਿਚ ਕੋਈ ਕਾਰਵਾਈ ਨਹੀਂ ਕੀਤੀ ਤੇ ਹੁਣ ਆਪਣੀਆਂ ਅਸਫ਼ਲਤਾਵਾਂ ‘ਤੇ ਪਰਦਾ ਪਾਉਣ ਵਾਸਤੇ ਸਿਆਸੀ ਬਦਲਾਖੋਰੀ ‘ਤੇ ਉੱਤਰ ਆਈ ਹੈ। ਬਾਦਲ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਨੇ ਜਿਹੜੇ ਸਵਾਲ ਉਨ੍ਹਾਂ ਨੂੰ ਪੁੱਛੇ ਹਨ, ਉਨ੍ਹਾਂ ਦੇ ਜਵਾਬ ਸਰਕਾਰ ਪਹਿਲਾਂ ਹੀ ਜਾਣਦੀ ਹੈ। ਇਨ੍ਹਾਂ ਦੇ ਜਵਾਬ ਸਰਕਾਰ ਕੋਲ ਹਨ ਪਰ ਇਸ ਦੇ ਬਾਵਜੂਦ ਸਰਕਾਰ ਅਕਾਲੀ ਦਲ ਅਤੇ ਅਕਾਲੀ ਆਗੂਆਂ ਨੂੰ ਬਦਨਾਮ ਕਰਨ ਵਾਸਤੇ ਇਹ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਆਗੂ ਇਨ੍ਹਾਂ ਮਾਮਲਿਆਂ ਦੀ ਜਾਂਚ ਕਰ ਰਹੀਆਂ ਵਿਸ਼ੇਸ਼ ਜਾਂਚ ਟੀਮਾਂ ਨਾਲ ਪੂਰਾ ਸਹਿਯੋਗ ਕਰਨ ਲਈ ਤਿਆਰ ਹਨ।

 

Check Also

ਦਿਲਜੀਤ ਦੁਸਾਂਝ ਨੇ ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਮਾਨ ਬੋਲੇ : ਛੋਟੇ ਭਰਾ ਨਾਲ ਮੁਲਾਕਾਤ ਕਰਕੇ ਮਿਲਿਆ ਮਨ ਨੂੰ ਸਕੂਨ ਚੰਡੀਗੜ੍ਹ/ਬਿਊਰੋ …