19.2 C
Toronto
Wednesday, September 17, 2025
spot_img
Homeਪੰਜਾਬਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਭਰ ਵਿਚ ਕਾਲੇ ਚੋਲੇ ਪਾ ਕੇ...

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਭਰ ਵਿਚ ਕਾਲੇ ਚੋਲੇ ਪਾ ਕੇ ਰੋਸ ਮੁਜ਼ਾਹਰੇ

ਸ਼੍ਰੋਮਣੀ ਕਮੇਟੀ ਦੇ ਸੱਦੇ ‘ਤੇ ਡੀਸੀ ਦਫ਼ਤਰਾਂ ਅੱਗੇ ਧਰਨੇ
ਬੰਦੀ ਸਿੰਘਾਂ ਨਾਲ ਨਿਆਂ ਨਹੀਂ ਕਰ ਰਹੀਆਂ ਸਰਕਾਰਾਂ : ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੇ ਸੱਦੇ ‘ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਸ਼੍ਰੋਮਣੀ ਕਮੇਟੀ ਮੈਂਬਰਾਂ, ਕਰਮਚਾਰੀਆਂ ਤੇ ਅਧਿਕਾਰੀਆਂ ਵੱਲੋਂ ਧਰਨੇ ਦਿੱਤੇ ਗਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਾਲੇ ਚੋਲੇ, ਕਾਲੀਆਂ ਦਸਤਾਰਾਂ ਤੇ ਲੋਹੇ ਦੀਆਂ ਜ਼ੰਜੀਰਾਂ ਪਹਿਨ ਕੇ ਸਰਕਾਰਾਂ ਖਿਲਾਫ ਰੋਸ ਪ੍ਰਗਟਾਉਂਦਿਆਂ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਨੇ ਹੱਥਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵਾਲੀਆਂ ਤਖਤੀਆਂ ਚੁੱਕੀਆਂ ਹੋਈਆਂ ਸਨ। ਅੰਮ੍ਰਿਤਸਰ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕਰਦਿਆਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਧਾਮੀ ਨੇ ਕਿਹਾ ਕਿ ਸਮੁੱਚੀ ਸਿੱਖ ਕੌਮ ਵੱਲੋਂ ਲੰਬੇ ਸਮੇਂ ਤੋਂ ਸਿੱਖ ਬੰਦੀਆਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਕਾਨੂੰਨ ਸਭ ਲਈ ਇਕਸਾਰ ਹੈ ਤੇ ਸੰਵਿਧਾਨ ਵੀ ਹਰੇਕ ਨੂੰ ਬਰਾਬਰ ਹੱਕ ਦਿੰਦਾ ਹੈ, ਪਰ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਸਰਕਾਰਾਂ ਨਿਆਂ ਨਹੀਂ ਕਰ ਰਹੀਆਂ।
ਉਨ੍ਹਾਂ ਕਿਹਾ ਕਿ ਕਿਸੇ ਵੀ ਜ਼ੁਲਮ ਦੀ ਨਿਰਧਾਰਤ ਸਜ਼ਾ ਹੁੰਦੀ ਹੈ, ਜੋ ਬੰਦੀ ਸਿੰਘ ਪੂਰੀ ਕਰ ਚੁੱਕੇ ਹਨ, ਪਰ ਸਰਕਾਰਾਂ ਸਿੱਖ ਬੰਦੀਆਂ ਨੂੰ ਜਾਣ-ਬੁੱਝ ਕੇ ਉਨ੍ਹਾਂ ਦੇ ਹੱਕਾਂ ਤੋਂ ਵਾਂਝਿਆਂ ਰੱਖ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਿੱਖ ਪੰਥ ਦਾ ਅਹਿਮ ਮੁੱਦਾ ਹੈ ਤੇ ਇਸ ਲਈ ਹਰ ਪੱਧਰ ‘ਤੇ ਸੰਘਰਸ਼ ਲੜਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਤਿੱਖੀ ਰੋਸ ਲਹਿਰ ਜਾਰੀ ਰੱਖਣ ਦੇ ਨਾਲ-ਨਾਲ ਕਾਨੂੰਨੀ ਪੱਖ ਵਿਚਾਰਨ ਲਈ 17 ਸਤੰਬਰ ਨੂੰ ਚੰਡੀਗੜ੍ਹ ਵਿੱਚ ਸੇਵਾਮੁਕਤ ਸਿੱਖ ਜੱਜਾਂ ਤੇ ਸੀਨੀਅਰ ਵਕੀਲਾਂ ਦੀ ਇੱਕ ਮੀਟਿੰਗ ਬੁਲਾਈ ਗਈ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਇਸ ਮੰਗ ਤਹਿਤ ਦਸਤਖ਼ਤੀ ਮੁਹਿੰਮ ਆਰੰਭੀ ਜਾਵੇਗੀ। ਇਸ ਮੌਕੇ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਰਜ ਕਰ ਰਹੇ ਪੰਥ ਦਰਦੀਆਂ ਨੂੰ ਇਕੱਠੇ ਹੋ ਕੇ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਰੋਸ ਧਰਨੇ ਵਿਚ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੇਂਦਰ ਤੇ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਅਪਣਾਈ ਜਾ ਰਹੀ ਪੱਖਪਾਤ ਵਾਲੀ ਨੀਤੀ ਦੀ ਆਲੋਚਨਾ ਕੀਤੀ ਅਤੇ ਪੰਥਕ ਆਵਾਜ਼ ਨਾ ਸੁਣਨ ‘ਤੇ ਕਰੜਾ ਸੰਘਰਸ਼ ਆਰੰਭਣ ਦਾ ਸੁਨੇਹਾ ਦਿੱਤਾ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ, ਮੈਂਬਰ, ਕਰਮਚਾਰੀ ਤੇ ਹੋਰ ਇੱਥੇ ਗੁਰਦੁਆਰਾ ਸਾਰਾਗੜ੍ਹੀ ਨੇੜੇ ਇਕੱਠੇ ਹੋਏ ਤੇ ਇੱਥੋਂ ਮੋਟਰਸਾਈਕਲਾਂ ਅਤੇ ਸਕੂਟਰਾਂ ‘ਤੇ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਪੁੱਜੇ।

 

 

RELATED ARTICLES
POPULAR POSTS