ਡੀਜੀਪੀ ਗੌਰਵ ਯਾਦਵ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿੳੂਰੋ ਨਿੳੂਜ਼
ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ’ਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਇਸ ਮਾਮਲੇ ’ਚ ਹਿਮਾਚਲ ਪ੍ਰਦੇਸ਼ ਤੋਂ ਇਕ ਵਿਦਿਆਰਥੀ ਅਤੇ 2 ਹੋਰਾਂ ਸਮੇਤ 3 ਗਿ੍ਰਫਤਾਰੀਆਂ ਹੋਈਆਂ ਹਨ, ਜਿਨ੍ਹਾਂ ਕੋਲੋਂ ਇਲੈਕਟ੍ਰਾਨਿਕ ਉਪਕਰਣ ਵੀ ਜ਼ਬਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਗੰਭੀਰ ਅਤੇ ਸੰਵੇਦਨਸ਼ੀਲ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਵੇਗੀ ਤੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਗੁਰਪ੍ਰੀਤ ਦਿਓ ਦੀ ਨਿਗਰਾਨੀ ਹੇਠ ਤਿੰਨ ਮੈਂਬਰੀ ਮਹਿਲਾ ਐੱਸ.ਆਈ.ਟੀ. ਮਾਮਲੇ ਦੀ ਜਾਂਚ ਕਰੇਗੀ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਯੂਨੀਵਰਸਿਟੀ ਨੇ ਲਾਪ੍ਰਵਾਹੀ ਦੇ ਆਰੋਪ ਹੇਠ ਦੋ ਵਾਰਡਨਾਂ ਨੂੰ ਮੁਅੱਤਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀਆਂ ਦੀਆਂ ਮੰਗਾਂ ਸਬੰਧੀ ਮਾਮਲਿਆਂ ਨੂੰ ਸੁਲਝਾਉਣ ਲਈ ਵਿਦਿਆਰਥੀਆਂ ਤੇ ਸੀਨੀਅਰ ਅਹੁਦੇਦਾਰਾਂ ਦੀ ਇਕ ਸਾਂਝੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸੇ ਦੌਰਾਨ ਯੂਨੀਵਰਸਿਟੀ ਨੇ ਵੀ ਟਵੀਟ ਕੀਤਾ ਕਿ ਅਸੀਂ ਹਮੇਸ਼ਾ ਆਪਣੇ ਵਿਦਿਆਰਥੀਆਂ ਨਾਲ ਹਾਂ, ਭਾਵੇਂ ਕਿ ਉਨ੍ਹਾਂ ਦੀਆਂ ਅਕਾਦਮਿਕ ਇੱਛਾਵਾਂ ਦੀ ਗੱਲ ਹੋਵੇ ਜਾਂ ਉਨ੍ਹਾਂ ਦੀ ਸੁਰੱਖਿਆ ਜਾਂ ਭਲਾਈ ਦਾ ਮਾਮਲਾ ਹੋਵੇ। ਅਸੀਂ ਆਪਣੇ ਵਿਦਿਆਰਥੀਆਂ ਪ੍ਰਤੀ ਆਪਣੀ ਇਸ ਵਚਨਬੱਧਤਾ ਨੂੰ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ।