ਕਿਹਾ : ਪੁਰਾਣੀ ਪੈਨਸ਼ਨ ਬਹਾਲੀ ’ਤੇ ਪੰਜਾਬ ਸਰਕਾਰ ਵਚਨਬੱਧ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੁਰਾਣੀ ਪੈਨਸ਼ਨ ਪ੍ਰਣਾਲੀ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ’ਤੇ ਵਿਚਾਰ ਕਰ ਰਹੇ ਹਾਂ ਤੇ ਮੁੱਖ ਸਕੱਤਰ ਨੂੰ ਪੁਰਾਣੀ ਪੈਨਸ਼ਨ ਪ੍ਰਣਾਲੀ ਦੀ ਬਹਾਲੀ ਲਈ ਕੰਮ ਕਰਨ ਵਾਸਤੇ ਕਹਿ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਦੇ ਫੈਸਲੇ ’ਤੇ ਪੰਜਾਬ ਸਰਕਾਰ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੁਲਾਜ਼ਮ ਲਗਾਤਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕਰ ਰਹੇ ਹਨ ਤੇ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਸਰਕਾਰੀ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਵੀ ਕੀਤਾ ਸੀ। ਉਧਰ ਦੂਜੇ ਪਾਸੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੀਆਂ ਨਵੀਆਂ ਸਕੀਮਾਂ ’ਤੇ ਹਾਈਕੋਰਟ ਵਲੋਂ ਰੋਕ ਵੀ ਲਗਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਸਰਕਾਰ ਦੀ ਘਰ-ਘਰ ਆਟਾ ਦਾਲ ਵੰਡਣ ਦੀ ਨਵੀਂ ਸਕੀਮ ਅਤੇ ਨਵੀਂ ਮਾਈਨਿੰਗ ਪਾਲਿਸੀ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਸੀ।