ਕਿਹਾ : ਪੰਜਾਬ ਸਰਕਾਰ ਹਰ ਫਰੰਟ ’ਤੇ ਹੋਈ ਫੇਲ੍ਹ, ਭਿ੍ਰਸ਼ਟਾਚਾਰ ਵੀ ਜੋਰਾਂ ’ਤੇ
ਅੰਮਿ੍ਰਤਸਰ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਤੰਜ ਕਸਦਿਆਂ ਕਿਹਾ ਪੰਜਾਬ ਸਰਕਾਰ 6 ਮਹੀਨਿਆਂ ਦੀ ਕਾਰਗੁਜ਼ਾਰੀ ਦੌਰਾਨ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਅਤੇ ਪੰਜਾਬ ਅੰਦਰ ਭਿ੍ਰਸ਼ਟਾਚਾਰ ਵੀ ਜ਼ੋਰਾਂ ’ਤੇ ਹੈ। ਅਨੁਰਾਗ ਠਾਕੁਰ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਇਨਾਮ ਵੰਡ ਸਮਾਰੋਹ ਵਿਚ ਸ਼ਿਰਕਤ ਕਰਨ ਲਈ ਪਹੁੰਚੇ ਸਨ, ਜਿੱਥੇ ਉਨ੍ਹਾਂ 300 ਦੇ ਕਰੀਬ ਖਿਡਾਰੀਆਂ ਨੂੰ 2 ਕਰੋੜ ਰੁਪਏ ਦੇ ਇਨਾਮ ਤਕਸੀਮ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਹਾਲੇ ਛੇ ਮਹੀਨੇ ਹੋਏ ਹਨ ਅਤੇ ਇਹ ਪੰਜਾਬ ਦੀ ਅਜਿਹੀ ਪਹਿਲੀ ਸਰਕਾਰ ਹੈ ਜਿਹੜੀ ਆਪਣੇ ਤਿੰਨ ਮਹੀਨਿਆਂ ਦੇ ਕਾਰਜਕਾਲ ਦੌਰਾਨ ਹੀ ਲੋਕਾਂ ਦੇ ਮਨਾਂ ਤੋਂ ਬਿਲਕੁਲ ਹੀ ਉਤਰ ਚੁੱਕੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਬਹੁਤ ਵਾਅਦੇ ਕੀਤੇ ਗਏ ਪ੍ਰੰਤੂ ਹੁਣ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਜਿਨ੍ਹਾਂ ਵਿਚੋਂ ਇਕ ਹੈ ਪੰਜਾਬ ਦੀਆਂ ਬੀਬੀਆਂ ਨੂੰ ਇਲੈਕਸ਼ਨ ਜਿੱਤਣ ਤੋਂ ਬਾਅਦ 1000-1000 ਰੁਪਏ ਦੇਣ ਦਾ ਵਾਅਦਾ, ਪ੍ਰੰਤੂ ਉਹ ਵਾਅਦਾ ਵੀ ਹਾਲੇ ਤੱਕ ਹਵਾ ਦਾ ਬੁੱਲ੍ਹਾ ਹੀ ਬਣਿਆ ਹੋਇਆ ਨਜ਼ਰ ਆ ਰਿਹਾ ਹੈ। ਇਸ ਵਾਅਦੇ ਨੂੰ ਪੂਰਾ ਕਰਨ ਲਈ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਤਰ੍ਹਾਂ-ਤਰ੍ਹਾਂ ਦੇ ਬਹਾਨੇ ਬਣਾਏ ਜਾ ਰਹੇ ਹਨ।