ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਈ ਗਈ ਪਟੀਸ਼ਨ ਨੂੰ ਕੀਤਾ ਖਾਰਜ
ਅੰਮਿ੍ਰਤਸਰ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਅੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਕ ਵਿਚ ਵੱਡਾ ਫੈਸਲਾ ਸੁਣਾਉਂਦੇ ਹੋਏ ਉਸ ਦੀ ਮਾਨਤਾ ਨੂੰ ਬਰਕਰਾਰ ਰੱਖਣ ਦਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਹੋਈ ਸੁਣਵਾਈ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਾਨਤਾ ਰੱਦ ਕਰਨ ਵਾਲੀ ਪਾਈ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਦਰਅਸਲ ਮੁੱਦਾ ਗੁਰਦੁਆਰਿਆਂ ਦੀ ਆਮਦਨੀ ਨਾਲ ਜੁੜਿਆ ਹੋਇਆ ਹੈ ਅਤੇ ਇਹ ਐਕਟ ਭੁਪਿੰਦਰ ਸਿੰਘ ਹੁੱਡਾ ਸਰਕਾਰ ਵੱਲੋਂ ਲਿਆਂਦਾ ਗਿਆ ਸੀ। ਜਿਸ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ। ਧਿਆਨ ਰਹੇ ਕਿ ਇਹ ਪਟੀਸ਼ਨ ਸ਼ੋ੍ਰਮਣੀ ਕਮੇਟੀ ਮੈਂਬਰ ਹਰਭਜਨ ਸਿੰਘ ਵੱਲੋਂ ਦਾਇਰ ਕੀਤੀ ਗਈ ਸੀ। ਪਟੀਸ਼ਨਕਰਤਾ ਨੇ ਦਲੀਲ ਦਿੱਤੀ ਸੀ ਕਿ ਹਰਿਆਣਾ ਦੇ ਇਤਿਹਾਸਕ ਗੁਰਦੁਆਰਿਆਂ ’ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੰਟਰੋਲ ਹੈ ਪ੍ਰੰਤੂ ਹਰਿਆਣਾ ਸਰਕਾਰ ਵੱਲੋਂ ਤਾਕਤ ਦੀ ਵਰਤੋਂ ਕਰਕੇ ਇਤਿਹਾਸਕ ਗੁਰਦੁਆਰਿਆਂ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਈ ਗਈ ਇਸ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਅੱਜ ਖਾਰਜ ਕਰ ਦਿੱਤਾ ਅਤੇ ਨਾਲ ਹੀ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਦੀ ਸੰਵਿਧਾਨਕ ਮਾਨਤਾ ਨੂੰ ਬਰਕਰਾਰ ਰੱਖਿਆ ਹੈ।