ਭਗਵੰਤ ਮਾਨ ਸਰਕਾਰ ਦੇ ਹੱਕ ਵਿੱਚ ਪੇਸ਼ ਕੀਤਾ ਜਾਵੇਗਾ ਭਰੋਸਗੀ ਮਤਾ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਵਿਧਾਨ ਸਭਾ ਦੇ ਸਪੈਸ਼ਲ ਇਜਲਾਸ ਦੀ ਕਾਰਵਾਈ 22 ਸਤੰਬਰ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਜਲਾਸ ਤੋਂ ਪਹਿਲਾਂ ‘ਆਪ’ ਸਰਕਾਰ ਦੇ ਮੰਤਰੀਆਂ ਨੇ ਅੱਜ ਚੰਡੀਗੜ੍ਹ ’ਚ ਹੋਈ ਕੈਬਨਿਟ ਮੀਟਿੰਗ ਵਿਚ ਇਹ ਫੈਸਲਾ ਲਿਆ ਹੈ। ਇਸ ਤੋਂ ਇਲਾਵਾ ਕੈਬਨਿਟ ਵਿਚ ਕਈ ਹੋਰ ਮਾਮਲਿਆਂ ’ਤੇ ਵੀ ਚਰਚਾ ਕੀਤੀ ਗਈ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 174 (1) ਅਧੀਨ ਸਦਨ ਦਾ ਵਿਸ਼ੇਸ਼ ਇਜਲਾਸ ਸੱਦਣ ਲਈ ਪੰਜਾਬ ਦੇ ਰਾਜਪਾਲ ਨੂੰ ਸਿਫ਼ਾਰਸ਼ ਕਰਨ ਦੀ ਪ੍ਰਵਾਨਗੀ ਵੀ ਦੇ ਦਿੱਤੀ। ਬੁਲਾਰੇ ਨੇ ਅੱਗੇ ਕਿਹਾ ਕਿ ਇਹ ਇਜਲਾਸ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਸ਼ੁਰੂ ਹੋਵੇਗਾ, ਜਿਸ ਮਗਰੋਂ ਸੂਬਾ ਸਰਕਾਰ ਦੇ ਪੱਖ ਵਿੱਚ ਭਰੋਸਗੀ ਦਾ ਮਤਾ ਪੇਸ਼ ਕੀਤਾ ਜਾਵੇਗਾ।