ਆਮ ਆਦਮੀ ਪਾਰਟੀ ਦੇ 92 ਵਿਧਾਇਕਾਂ ਨੇ ਗਵਰਨਰ ਹਾਊਸ ਤੱਕ ਕੱਢਿਆ ਰੋਸ ਮਾਰਚ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦਰਮਿਆਨ ਸਿਆਸੀ ਜੰਗ ਸ਼ੁਰੂ ਹੋ ਗਈ ਹੈ। ਧਿਆਨ ਰਹੇ ਕਿ ਰਾਜਪਾਲ ਨੇ ਲੰਘੇ ਕੱਲ੍ਹ ਅਚਾਨਕ ਪੰਜਾਬ ਵਿਧਾਨ ਸਭਾ ਦਾ ਸੱਦਿਆ ਗਿਆ ਵਿਸ਼ੇਸ਼ ਸੈਸ਼ਨ ਅਚਾਨਕ ਰੱਦ ਕਰ ਦਿੱਤਾ ਸੀ। ਜਿੱਥੇ ਪੰਜਾਬ ਸਰਕਾਰ ਵੱਲੋਂ ਬਹੁਮਤ ਸਾਬਤ ਕਰਨ ਦੇ ਬਹਾਨੇ ਸ਼ਕਤੀ ਪ੍ਰਦਰਸ਼ਨ ਕੀਤਾ ਜਾਣਾ ਸੀ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਭੜਕ ਉਠੀ। ਅੱਜ ਪਹਿਲਾਂ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਕ ਮੀਟਿੰਗ ਹੋਈ, ਜਿਸ ਤੋਂ ਬਾਅਦ ਉਨ੍ਹਾਂ ਨੇ ਵਿਧਾਨ ਸਭਾ ਤੋਂ ਲੈ ਕੇ ਗਵਰਨਰ ਹਾਊਸ ਤੱਕ ਇਕ ਰੋਸ ਮਾਰਚ ਕੱਢਿਆ। ਰੋਸ ਮਾਰਚ ਤੋਂ ਬਾਅਦ ਕੈਬਨਿਟ ਮੀਟਿੰਗ ਸੱਦ ਕੇ ਆਉਂਦੀ 27 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਫਿਰ ਤੋਂ ਸੱਦ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਸੈਸ਼ਨ ਦੌਰਾਨ ਬਿਜਲੀ, ਪਰਾਲੀ ਵਰਗੇ ਗੰਭੀਰ ਮੁੱਦਿਆਂ ’ਤੇ ਚਰਚਾ ਹੋਵੇਗੀ। ਉਧਰ ਭਾਰਤੀ ਜਨਤਾ ਪਾਰਟੀ ਵੀ ਅੱਜ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਨਿਕਲੀ ਪ੍ਰੰਤੂ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰਸਤੇ ਵਿਚ ਹੀ ਰੋਕ ਲਿਆ। ਜਦੋਂ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਉਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ। ਭਾਜਪਾ ਵਰਕਰ ਹੱਥਾਂ ਵਿਚ ਤਖਤੀਆਂ ਫੜ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਰਹੇ ਸਨ ਅਤੇ ਇਸ ਮਾਰਚ ਦੀ ਅਗਵਾਈ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਕੀਤੀ ਗਈ।