ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਾਈਵ ਹੋ ਕੇ ਐਲਾਨ ਕੀਤਾ ਗਿਆ ਹੈ ਕਿ 27 ਸਤੰਬਰ ਨੂੰ ਇਕ ਵਾਰ ਫ਼ਿਰ ਤੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਵਾਂਗੇ, ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ ਕਿ ਲੋਕਤੰਤਰ ਲੋਕਾਂ ਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਸਾਜਿਸ਼ ਦੇ ਤਹਿਤ ਵਿਰੋਧੀ ਸਰਕਾਰਾਂ ਨੂੰ ਤੋੜ ਰਹੀ ਹੈ ਅਤੇ ਕਾਂਗਰਸ ਪਾਰਟੀ ਇਸ ਕੰਮ ਲਈ ਭਾਰਤੀ ਜਨਤਾ ਪਾਰਟੀ ਦਾ ਸਾਥ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਫ਼ਲੇ ’ਚ ਰੋਜ਼ਾਨਾ ਵਾਧਾ ਹੋ ਰਿਹਾ ਹੈ, ਜਿਸ ਤੋਂ ਭਾਜਪਾ ਬੁਰੀ ਤਰ੍ਹਾਂ ਘਬਰਾਈ ਹੋਈ ਹੈ। ਉਨ੍ਹਾਂ ਕਿ ਆਮ ਆਦਮੀ ਪਾਰਟੀ ਤੋਂ ਕਿਸੇ ਨੂੰ ਵੀ ਡਰਨ ਦੀ ਲੋੜ ਨਹੀਂ ਕਿਉਂਕਿ ਇਹੀ ਪਾਰਟੀ ਦੇਸ਼ ਨੂੰ ਤਰੱਕੀ ਵੱਲ ਲੈ ਕੇ ਜਾਵੇਗੀ ਨਾ ਕਿ ਕਿਸੇ ਨੂੰ ਤੰਗ ਪ੍ਰੇਸ਼ਾਨ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ 2 ਦਿਨ ਪਹਿਲਾਂ ਸੈਸ਼ਨ ਬੁਲਾਉਣ ਦੀ ਆਗਿਆ ਦੇ ਦਿੱਤੀ ਸੀ ਅਤੇ ਐਨ ਮੌਕੇ ’ਤੇ ਆ ਕੇ ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਨੂੰ ਰੱਦ ਕਰ ਦਿੱਤਾ। ਇਸ ਸਾਰੀ ਕਾਰਵਾਈ ਦੇ ਖਿਲਾਫ਼ ਪੰਜਾਬ ਸਰਕਾਰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਏਗੀ ਤਾਂ ਜੋ ਲੋਕਾਂ ਅਤੇ ਰਾਜ ਦੀ ਰੱਖਿਆ ਕੀਤੀ ਜਾ ਸਕੇ।