ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਪਾਕਿਸਤਾਨ ’ਚ ਤਿਆਰੀਆਂ ਸ਼ੁਰੂ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪਾਕਿਸਤਾਨ ਵਿਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਪਾਕਿਸਤਾਨ ਦੇ ਲਾਹੌਰ ਵਿਚ ਇਸ ਨੂੰ ਲੈ ਕੇ ਨੈਸ਼ਨਲ ਲੈਵਲ ਦੀ ਬੈਠਕ ਵੀ ਹੋਈ ਹੈ, ਜਿਸ ਵਿਚ ਇਸ ਸਾਲ 8 ਹਜ਼ਾਰ ਵਿਦੇਸ਼ੀ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਦਾ ਫੈਸਲਾ ਲਿਆ ਗਿਆ ਹੈ, ਤਾਂ ਕਿ ਵਿਸ਼ਵ ਭਰ ਵਿਚੋਂ ਸ਼ਰਧਾਲੂ ਪਾਕਿਸਤਾਨ ਪਹੁੰਚ ਕੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬਾਨਾਂ ਵਿਚ ਨਤਮਸਤਕ ਹੋ ਸਕਣ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਲਾਹੌਰ ਵਿਚ ਬੁਲਾਈ ਗਈ ਬੈਠਕ ਹਬੀਬੁਰ ਰਹਿਮਾਨ ਗਿਲਾਨੀ ਦੀ ਅਗਵਾਈ ਵਿਚ ਹੋਈ ਹੈ। ਇਸ ਮੀਟਿੰਗ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ, ਸੁਰੱਖਿਆ ਏਜੰਸੀਆਂ ਦੇ ਅਧਿਕਾਰੀ ਅਤੇ ਸਿਹਤ ਵਿਭਾਗ ਤੇ ਰੇਲਵੇ ਵਿਭਾਗ ਨਾਲ ਸਬੰਧਤ ਅਧਿਕਾਰੀ ਵੀ ਸ਼ਾਮਲ ਹੋਏ। ਮੀਟਿੰਗ ਵਿਚ ਇਹ ਵੀ ਫੈਸਲਾ ਕੀਤਾ ਗਿਆ ਕਿ ਭਾਰਤ ਤੋਂ ਪਹੁੰਚਣ ਵਾਲੇ ਸ਼ਰਧਾਲੂਆਂ ਦਾ ਅਟਾਰੀ-ਵਾਹਗਾ ਸਰਹੱਦ ’ਤੇ ਸਵਾਗਤ ਕੀਤਾ ਜਾਵੇਗਾ। ਮੀਟਿੰਗ ਤੋਂ ਬਾਅਦ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਇਸ ਸਾਲ ਪਾਕਿਸਤਾਨ 8 ਹਜ਼ਾਰ ਵਿਦੇਸ਼ੀ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਵਾਲਾ ਹੈ। ਇਨ੍ਹਾਂ ਵਿਚ 3 ਹਜ਼ਾਰ ਸ਼ਰਧਾਲੂ ਭਾਰਤ ਤੋਂ ਹੋਣਗੇ ਅਤੇ 5 ਹਜ਼ਾਰ ਸ਼ਰਧਾਲੂ ਪੂਰੇ ਵਿਸ਼ਵ ਵਿਚੋਂ ਹੋਣਗੇ। ਇਸ ਤੋਂ ਇਲਾਵਾ ਪਾਕਿਸਤਾਨ ਵਿਚ ਵਸੇ 14 ਹਜ਼ਾਰ ਸਿੱਖ ਸ਼ਰਧਾਲੂ ਵੀ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਕਰ ਸਕਣਗੇ। ਇਹ ਵੀ ਜਾਣਕਾਰੀ ਦਿੱਤੀ ਗਈ ਕਿ ਵਿਦੇਸ਼ਾਂ ਤੋਂ ਪਹੁੰਚਣ ਵਾਲੇ ਸਿੱਖ ਸ਼ਰਧਾਲੂਆਂ ਨੂੰ 10 ਦਿਨ ਦਾ ਵੀਜ਼ਾ ਦਿੱਤਾ ਜਾਵੇਗਾ, ਜੋ 6 ਨਵੰਬਰ ਤੋਂ ਸ਼ੁਰੂ ਹੋਵੇਗਾ। ਇਨ੍ਹਾਂ 10 ਦਿਨਾਂ ਵਿਚ ਸਿੱਖ ਸ਼ਰਧਾਲੂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਇਲਾਵਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਵੀ ਕਰ ਸਕਣਗੇ।