Breaking News
Home / ਹਫ਼ਤਾਵਾਰੀ ਫੇਰੀ / ਸੈਸ਼ਨ ਰੱਦ ਸਿਆਸੀ ਡਰਾਮਾ ਜਾਰੀ

ਸੈਸ਼ਨ ਰੱਦ ਸਿਆਸੀ ਡਰਾਮਾ ਜਾਰੀ

ਪਹਿਲਾਂ ਰਾਜਪਾਲ ਨੇ ਦਿੱਤੀ ਮਨਜ਼ੂਰੀ, ਫਿਰ ਕਿਹਾ ਭਰੋਸੇ ਦੇ ਵੋਟ ਵਾਲਾ ਮਤਾ ਲਿਆਉਣ ਦੀ ਕੋਈ ਤਜਵੀਜ਼ ਹੀ ਨਹੀਂ
ਚੰਡੀਗੜ੍ਹ : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਦਿੱਲੀ ਸਰਕਾਰ ਦੇ ਰਾਹ ਤੁਰਦਿਆਂ ਪੰਜਾਬ ਵਿਚ ਵੀ ਭਰੋਸੇ ਦਾ ਵੋਟ ਹਾਸਲ ਲਈ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਸੀ। ਜਿਸ ਨੂੰ ਪਹਿਲਾਂ ਰਾਜਪਾਲ ਬੀ.ਐਲ. ਪੁਰੋਹਿਤ ਨੇ ਮਨਜੂਰੀ ਦੇ ਦਿੱਤੀ, ਪਰ ਬਾਅਦ ਵਿਚ ਇਜਲਾਸ ਦੀ ਮਿਤੀ ਤੋਂ ਇਕ ਦਿਨ ਪਹਿਲਾਂ ਰਾਜਪਾਲ ਨੇ ਇਸ ਇਜਲਾਸ ਨੂੰ ਰੱਦ ਕਰ ਦਿੱਤਾ। ਰਾਜਪਾਲ ਹੋਰਾਂ ਦਾ ਕਹਿਣਾ ਸੀ ਕਿ ਭਰੋਸੇ ਦਾ ਵੋਟ ਹਾਸਲ ਕਰਨ ਵਾਲਾ ਮਤਾ ਲਿਆਉਣ ਦੀ ਕੋਈ ਤਜਵੀਜ਼ ਹੀ ਨਹੀਂ ਹੈ। ਉਹ ਇਸ ਕਰਕੇ ਕਿ ਵਿਰੋਧੀ ਪਾਰਟੀਆਂ ਨੇ ਪੰਜਾਬ ਸਰਕਾਰ ਨੂੰ ਭਰੋਸੇ ਦਾ ਵੋਟ ਹਾਸਲ ਕਰਨ ਲਈ ਨਹੀਂ ਕਿਹਾ ਸੀ। ਰਾਜਪਾਲ ਦੇ ਫੈਸਲੇ ਨੂੰ ਆਮ ਆਦਮੀ ਪਾਰਟੀ ਦੀਆਂ ਵਿਰੋਧੀ ਧਿਰਾਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਨੇ ਸਹੀ ਦੱਸਿਆ ਅਤੇ ਕਿਹਾ ਕਿ ਇਸ ਵਿਸ਼ੇਸ਼ ਇਜਲਾਸ ਨਾਲ ਪੰਜਾਬ ਦੇ ਖਜ਼ਾਨੇ ‘ਤੇ ਬੇਲੋੜਾ ਬੋਝ ਪੈਣਾ ਸੀ। ਇਸਦੇ ਚੱਲਦਿਆਂ ਹੁਣ ਸਿਆਸੀ ਡਰਾਮਾ ਵੀ ਸ਼ੁਰੂ ਹੋ ਗਿਆ ਹੈ। ਭਗਵੰਤ ਮਾਨ ਸਰਕਾਰ ਰਾਜਪਾਲ ਦੇ ਫੈਸਲੇ ਤੋਂ ਖਫਾ ਹੋ ਗਈ ਅਤੇ ਉਸ ਨੇ ਹੁਣ ਸੁਪਰੀਮ ਕੋਰਟ ਦਾ ਰੁਖ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ 27 ਸਤੰਬਰ ਨੂੰ ਵਿਧਾਨ ਸਭਾ ਦਾ ਇਜਲਾਸ ਸੱਦਿਆ ਜਾਵੇਗਾ, ਜਿਸ ਵਿਚ ਬਿਜਲੀ ਤੇ ਪਰਾਲੀ ਦੇ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਇਹ ਫੈਸਲਾ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਿਆ ਗਿਆ। ਉਨ੍ਹਾਂ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਵਲੋਂ ਵਿਧਾਨ ਸਭਾ ਦਾ ਇਜਲਾਸ ਰੱਦ ਕਰਨ ‘ਤੇ ਰੋਸ ਦੀ ਪ੍ਰਗਟਾਇਆ। ਇਸ ਤੋਂ ਪਹਿਲਾਂ ‘ਆਪ’ ਵਿਧਾਇਕਾਂ ਨੇ ਵਿਧਾਨ ਸਭਾ ਤੋਂ ਰਾਜ ਭਵਨ ਵੱਲ ਸ਼ਾਂਤੀ ਮਾਰਚ ਵੀ ਕੀਤਾ। ਉਧਰ ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਤੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵੱਲ ਰੋਸ ਮਾਰਚ ਕੀਤਾ। ਇਸ ਮੌਕੇ ਭਾਜਪਾ ਵਰਕਰਾਂ ਨੇ ਆਮ ਆਦਮੀ ਪਾਰਟੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਭਾਜਪਾ ਵਰਕਰਾਂ ਨੇ ਰਾਜਪਾਲ ਦੇ ਵਿਸ਼ੇਸ਼ ਇਜਲਾਸ ਰੱਦ ਕਰਨ ਦੇ ਫੈਸਲੇ ਦੀ ਹਮਾਇਤ ਕੀਤੀ ਹੈ।
ਹੁਣ 27 ਸਤੰਬਰ ਨੂੰ ਸੱਦਿਆ ਜਾਵੇਗਾ ਇਜਲਾਸ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ 27 ਸਤੰਬਰ ਨੂੰ ਇਕ ਵਾਰ ਫ਼ਿਰ ਤੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਵਾਂਗੇ, ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ ਕਿ ਲੋਕਤੰਤਰ ਲੋਕਾਂ ਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਸਾਜਿਸ਼ ਦੇ ਤਹਿਤ ਵਿਰੋਧੀ ਸਰਕਾਰਾਂ ਨੂੰ ਤੋੜ ਰਹੀ ਹੈ ਅਤੇ ਕਾਂਗਰਸ ਪਾਰਟੀ ਇਸ ਕੰਮ ਲਈ ਭਾਰਤੀ ਜਨਤਾ ਪਾਰਟੀ ਦਾ ਸਾਥ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਫ਼ਲੇ ‘ਚ ਰੋਜ਼ਾਨਾ ਵਾਧਾ ਹੋ ਰਿਹਾ ਹੈ, ਜਿਸ ਤੋਂ ਭਾਜਪਾ ਬੁਰੀ ਤਰ੍ਹਾਂ ਘਬਰਾਈ ਹੋਈ ਹੈ। ਇਸ ਸਾਰੀ ਕਾਰਵਾਈ ਦੇ ਖਿਲਾਫ਼ ਪੰਜਾਬ ਸਰਕਾਰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਏਗੀ ਤਾਂ ਜੋ ਲੋਕਾਂ ਤੇ ਰਾਜ ਦੀ ਰੱਖਿਆ ਕੀਤੀ ਜਾ ਸਕੇ।

 

Check Also

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਖੁੱਲ੍ਹੇ

ਅੰਮ੍ਰਿਤਸਰ : ਉੱਤਰਾਖੰਡ ਵਿਖੇ 15 ਹਜ਼ਾਰ ਫੁੱਟ ਦੀ ਉਚਾਈ ‘ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ …