1.9 C
Toronto
Thursday, November 27, 2025
spot_img
Homeਭਾਰਤਕੈਪਟਨ ਅਮਰਿੰਦਰ ਸਿੰਘ ਭਾਜਪਾ 'ਚ ਸ਼ਾਮਲ

ਕੈਪਟਨ ਅਮਰਿੰਦਰ ਸਿੰਘ ਭਾਜਪਾ ‘ਚ ਸ਼ਾਮਲ

‘ਪੰਜਾਬ ਲੋਕ ਕਾਂਗਰਸ’ ਦਾ ਵੀ ਭਾਜਪਾ ਵਿਚ ਹੋਇਆ ਰਲੇਵਾਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਇਸਦੇ ਨਾਲ ਹੀ ਕੈਪਟਨ ਅਮਰਿੰਦਰ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਵੀ ਭਾਜਪਾ ਵਿਚ ਰਲੇਵਾਂ ਹੋ ਗਿਆ ਹੈ। ਕੇਂਦਰੀ ਮੰਤਰੀ ਨਰਿੰਦਰ ਤੋਮਰ ਅਤੇ ਕਿਰਨ ਰਿਜੀਜੂ ਦੀ ਹਾਜ਼ਰੀ ਵਿਚ ਕੈਪਟਨ ਅਮਰਿੰਦਰ ਦੀ ਭਾਜਪਾ ਵਿਚ ਸ਼ਮੂਲੀਅਤ ਹੋਈ ਹੈ। ਇਸ ਮੌਕੇ ਭਾਜਪਾ ਦਾ ਹੋਰ ਕੋਈ ਸੀਨੀਅਰ ਆਗੂ ਹਾਜ਼ਰ ਨਹੀਂ ਸੀ, ਹਾਲਾਂਕਿ ਪਹਿਲਾਂ ਇਹ ਕਿਹਾ ਗਿਆ ਸੀ ਕਿ ਕੈਪਟਨ ਅਮਰਿੰਦਰ ਵੱਡੇ ਨੇਤਾਵਾਂ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ ਹੋਣਗੇ। ਇਸ ਮੌਕੇ ਪੰਜਾਬ ਨਾਲ ਸਬੰਧਤ ਸੀਨੀਅਰ ਆਗੂ ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਵੀ ਹਾਜ਼ਰ ਸਨ।
ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਹੋਰਨਾਂ ਆਗੂਆਂ ਵਿੱਚ ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ, ਕੇਵਲ ਸਿੰਘ, ਸਾਬਕਾ ਵਿਧਾਇਕ ਪ੍ਰੇਮ ਮਿੱਤਲ, ਹਰਚੰਦ ਕੌਰ, ਹਰਜਿੰਦਰ ਠੇਕੇਦਾਰ, ਬਲਬੀਰ ਰਾਣੀ ਸੋਢੀ, ਕੈਪਟਨ ਦੇ ਪੁੱਤਰ ਰਣਇੰਦਰ ਸਿੰਘ, ਧੀ ਬੀਬਾ ਜਯਾ ਇੰਦਰ ਕੌਰ, ਨਿਰਵਾਨ ਸਿੰਘ, ਕਮਲਜੀਤ ਸੈਨੋ ਆਦਿ ਸ਼ਾਮਲ ਸਨ। ਕੈਪਟਨ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਭਾਜਪਾ ਵਿੱਚ ਰਸਮੀ ਰਲੇਵੇਂ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਵੀ ਮੁਲਾਕਾਤ ਕੀਤੀ।
ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਸਾਬਕਾ ਮੁੱਖ ਮੰਤਰੀ ਦਾ ਭਾਜਪਾ ਵਿਚ ਸਵਾਗਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਨੇ ਹਮੇਸ਼ਾ ਰਾਸ਼ਟਰੀ ਹਿੱਤਾਂ ਨੂੰ ਪੱਖਪਾਤੀ ਹਿੱਤਾਂ ਤੋਂ ਉੱਪਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਵਿੱਚ ਭਾਜਪਾ ਹੋਰ ਮਜ਼ਬੂਤ ਹੋਵੇਗੀ। ਅਮਰਿੰਦਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਦਾ ਉਨ੍ਹਾਂ ‘ਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪੰਜਾਬ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਹਰ ਸੰਭਵ ਯਤਨ ਕਰਨਗੇ। ਚੇਤੇ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ ਕਾਂਗਰਸ ਹਾਈ ਕਮਾਂਡ ਦੇ ਕਹਿਣ ‘ਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕੁਝ ਦਿਨਾਂ ਮਗਰੋਂ ਕਾਂਗਰਸ ਨੂੰ ਅਲਵਿਦਾ ਆਖਦਿਆਂ ਉਨ੍ਹਾਂ ਪੰਜਾਬ ਅਸੈਂਬਲੀ ਚੋਣਾਂ ਤੋਂ ਐਨ ਪਹਿਲਾਂ ‘ਪੰਜਾਬ ਲੋਕ ਕਾਂਗਰਸ’ ਨਾਂ ਦੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਸੀ। ਉਨ੍ਹਾਂ ਵਿਧਾਨ ਸਭਾ ਚੋਣਾਂ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਨਾਲ ਗਠਜੋੜ ਤਹਿਤ ਲੜੀਆਂ ਸਨ।

RELATED ARTICLES
POPULAR POSTS