Breaking News
Home / ਦੁਨੀਆ / ਹਰਿਆਣਾ ਦੀ ਸਿੱਖ ਸੰਗਤ ਵੱਲੋਂ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ

ਹਰਿਆਣਾ ਦੀ ਸਿੱਖ ਸੰਗਤ ਵੱਲੋਂ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ

ਦਾਦੂਵਾਲ ਵੱਲੋਂ ਸੰਗਤ ਨੂੰ ਵਧਾਈ; ਮਠਿਆਈ ਵੰਡ ਕੇ ਕੀਤਾ ਖੁਸ਼ੀ ਦਾ ਪ੍ਰਗਟਾਵਾ
ਸਿਰਸਾ/ਬਿਊਰੋ ਨਿਊਜ਼ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹਰਿਆਣਾ ਦੀ ਸਿੱਖ ਸੰਗਤ ਨੇ ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ਖ਼ਾਰਜ ਕਰਨ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਕ ਵਿੱਚ ਫੈਸਲਾ ਦੇਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਮਗਰੋਂ ਹਰਿਆਣਾ ਦੀ ਸਿੱਖ ਸੰਗਤ ਨੂੰ ਸੂਬੇ ਅੰਦਰਲੇ ਗੁਰਦੁਆਰਿਆਂ ਦੀ ਸੰਭਾਲ ਦਾ ਮੌਕਾ ਮਿਲੇਗਾ। ਫੈਸਲਾ ਆਉਣ ਮਗਰੋਂ ਸਿੱਖ ਸੰਗਤ ਅਤੇ ਸਿਆਸੀ ਆਗੂਆਂ ਨੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੀ ਰਿਹਾਇਸ਼ ‘ਤੇ ਪਹੁੰਚ ਕੇ ਮਠਿਆਈ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਆਖਿਆ ਕਿ ਸੁਪਰੀਮ ਕੋਰਟ ਦਾ ਫ਼ੈਸਲਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਕ ਵਿੱਚ ਆਉਣ ਨਾਲ ਹਰਿਆਣਾ ਦੀ ਸਿੱਖ ਸੰਗਤ ਵਿੱਚ ਖ਼ੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੂਬੇ ਦੇ ਇਤਿਹਾਸਕ ਗੁਰਦੁਆਰਿਆਂ ਸਣੇ ਕਮੇਟੀ ਦੇ ਅਧੀਨ ਚੱਲਣ ਵਾਲੇ ਸਕੂਲ, ਕਾਲਜ ਤੇ ਹੋਰ ਆਦਾਰਿਆਂ ਦੀ ਸੰਭਾਲ ਦਾ ਮੌਕਾ ਮਿਲੇਗਾ। ਉਨ੍ਹਾਂ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਹਰਿਆਣਾ ਦੀ ਸੰਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਹਰਿਆਣਾ ਅਤੇ ਕੇਂਦਰ ਸਰਕਾਰ ਦੇ ਨਾਲ-ਨਾਲ ਅਦਾਲਤ ਵਿੱਚ ਹਰਿਆਣਾ ਦਾ ਪੱਖ ਰੱਖਣ ਵਾਲੇ ਵਕੀਲਾਂ ਦਾ ਵੀ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਹਰਿਆਣਾ ਵਿੱਚ ਸਿੱਖ ਸੰਗਤ ਵੱਲੋਂ ਵੱਡਾ ਸਮਾਗਮ ਕੀਤਾ ਜਾਵੇਗਾ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਲਈ ਸਹਿਯੋਗ ਕਰਨ ਵਾਲਿਆਂ ਦਾ ਸਨਮਾਨ ਕੀਤਾ ਜਾਵੇਗਾ।
ਜਥੇਦਾਰ ਦਾਦੂਵਾਲ ਵੱਲੋਂ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ
ਚੰਡੀਗੜ੍ਹ : ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਿੱਟ ਖਾਰਿਜ ਕੀਤੇ ਜਾਣ ਦੇ ਫ਼ੈਸਲੇ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਚੰਡੀਗੜ੍ਹ ‘ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਖੱਟਰ ਨੇ ਦਾਦੂਵਾਲ ਦੀ ਅਗਵਾਈ ‘ਚ ਸੰਤ ਕਬੀਰ ਕੁਟੀਰ ‘ਚ ਪਹੁੰਚੇ ਵਫ਼ਦ ਦਾ ਸਵਾਗਤ ਕੀਤਾ। ਖੱਟਰ ਨੇ ਸੁਪਰੀਮ ਕੋਰਟ ਵੱਲੋਂ ਸੁਣਾਏ ਗਏ ਫ਼ੈਸਲੇ ‘ਤੇ ਸਿੱਖ ਸੰਗਤ ਨੂੰ ਵਧਾਈ ਦਿੱਤੀ।

Check Also

ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ

ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …