ਮੀਤ ਹੇਅਰ ਖਿਲਾਫ ਜੰਮ ਕੇ ਹੋਈ ਨਾਅਰੇਬਾਜ਼ੀ
ਬਰਨਾਲਾ/ਬਿਊਰੋ ਨਿਊਜ਼ : ਬਰਨਾਲਾ ਵਿਚ ਉਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਘਰ ਘੇਰਨ ਜਾ ਰਹੇ ਅਧਿਆਪਕਾਂ, ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ‘ਤੇ ਪੁਲਿਸ ਨੇ ਜੰਮ ਕੇ ਲਾਠੀਚਾਰਜ ਕੀਤਾ।
ਮੀਡੀਆ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਮਹਿਲਾ ਅਧਿਆਪਕਾਂ ਨੂੰ ਸੜਕ ‘ਤੇ ਦੌੜਾ-ਦੌੜਾ ਕੇ ਕੁੱਟਿਆ ਗਿਆ। ਇਸ ਤੋਂ ਬਾਅਦ ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕਰਕੇ ਥਾਣੇ ਲੈ ਗਈ। ਪੁਲਿਸ ਦੇ ਲਾਠੀਚਾਰਜ ਅਤੇ ਧੱਕੇਸ਼ਾਹੀ ਨਾਲ ਅਧਿਆਪਕਾਂ ਦੀਆਂ ਪੱਗਾਂ ਵੀ ਲੱਥ ਗਈਆਂ ਅਤੇ ਮਹਿਲਾ ਅਧਿਆਪਕਾਂ ਦੀਆਂ ਚੁੰਨੀਆਂ ਵੀ ਸਿਰਾਂ ਤੋਂ ਲੱਥ ਗਈਆਂ ਸਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਲਾਠੀਚਾਰਜ ਦੌਰਾਨ ਪੁਲਿਸ ਦੇ ਡੰਡੇ ਵੀ ਟੁੱਟ ਗਏ ਅਤੇ ਅੰਗਹੀਣ ਅਧਿਆਪਕ ਵੀ ਪੁਲਿਸ ਦੇ ਲਾਠੀਚਾਰਜ ਦਾ ਸ਼ਿਕਾਰ ਹੋ ਗਏ। ਦੱਸਿਆ ਗਿਆ ਹੈ ਕਿ ਅਧਿਆਪਕ, ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਲੰਘੇ ਕੱਲ੍ਹ ਬਰਨਾਲਾ ਵਿਚ ਇਕੱਠੇ ਹੋ ਗਏ ਸਨ ਅਤੇ ਉਹ ਸਿੱਖਿਆ ਮੀਤ ਹੇਅਰ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰ ਰਹੇ ਸਨ।