Breaking News
Home / ਪੰਜਾਬ / ਸਿੰਜਾਈ ਘਪਲਾ

ਸਿੰਜਾਈ ਘਪਲਾ

ਦੋ ਸਾਬਕਾ ਮੰਤਰੀਆਂ ਅਤੇ ਤਿੰਨ ਸੇਵਾਮੁਕਤ ਅਧਿਕਾਰੀਆਂ ਖਿਲਾਫ ਲੁੱਕ ਆਊਟ ਸਰਕੂਲਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਅਕਾਲੀ-ਭਾਜਪਾ ਸਰਕਾਰ ਵੇਲੇ ਸਿੰਜਾਈ ਵਿਭਾਗ ‘ਚ ਹੋਏ ਕਥਿਤ ਬਹੁ-ਕਰੋੜੀ ਘੁਟਾਲੇ ‘ਚ ਵਿਜੀਲੈਂਸ ਬਿਊਰੋ ਵੱਲੋਂ ਕਾਰਵਾਈ ਆਰੰਭ ਦਿੱਤੀ ਗਈ ਹੈ।
ਸੂਤਰਾਂ ਮੁਤਾਬਕ ਵਿਜੀਲੈਂਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਆਗੂ ਜਨਮੇਜਾ ਸਿੰਘ ਸੇਖੋਂ, ਸ਼ਰਨਜੀਤ ਸਿੰਘ ਢਿੱਲੋਂ ਜੋ ਕਿ ਸਾਬਕਾ ਮੰਤਰੀ ਹਨ, ਸਮੇਤ ਤਿੰਨ ਸੇਵਾਮੁਕਤ ਆਈਏਐੱਸ ਅਧਿਕਾਰੀਆਂ ਖਿਲਾਫ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਕਰਵਾ ਦਿੱਤੇ ਗਏ ਹਨ। ਇਸ ਤਰ੍ਹਾਂ ਦੇਸ਼ ਦੇ ਸਮੁੱਚੇ ਹਵਾਈ ਅੱਡਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਵਿਜੀਲੈਂਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਤਫ਼ਤੀਸ਼ ਨੂੰ ਅੱਗੇ ਵਧਾਉਣ ਲਈ ਸਬੰਧਤ ਸਿਆਸਤਦਾਨਾਂ ਅਤੇ ਸੇਵਾਮੁਕਤ ਨੌਕਰਸ਼ਾਹਾਂ ਦੇ ਐਲਓਸੀ ਜਾਰੀ ਕਰਾਉਣੇ ਜ਼ਰੂਰੀ ਸਨ। ਵਿਜੀਲੈਂਸ ਸੂਤਰਾਂ ਮੁਤਾਬਕ ਜਿਨ੍ਹਾਂ ਸੇਵਾਮੁਕਤ ਆਈਏਐੱਸ ਅਧਿਕਾਰੀਆਂ ਦੇ ਐਲਓਸੀ ਜਾਰੀ ਕਰਾਏ ਗਏ ਹਨ ਉਨ੍ਹਾਂ ਵਿੱਚ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕੇ.ਬੀ.ਐੱਸ. ਸਿੱਧੂ ਅਤੇ ਸਾਬਕਾ ਸਕੱਤਰ ਕਾਹਨ ਸਿੰਘ ਪੰਨੂ ਦੇ ਨਾਂ ਸ਼ਾਮਲ ਹਨ।
ਸੂਤਰਾਂ ਮੁਤਾਬਕ ਵਿਜੀਲੈਂਸ ਨੂੰ ਇਨ੍ਹਾਂ ਵਿੱਚੋਂ ਇੱਕ ਅਧਿਕਾਰੀ ਦੇ ਪਹਿਲਾਂ ਤੋਂ ਹੀ ਵਿਦੇਸ਼ ਵਿੱਚ ਹੋਣ ਦੀ ਜਾਣਕਾਰੀ ਮਿਲੀ ਹੈ। ਅਕਾਲੀ ਦਲ ਨਾਲ ਸਬੰਧਤ ਸਿਆਸੀ ਆਗੂਆਂ ਵੱਲੋਂ ਵੀ ਆਪਣੇ ਬਚਾਅ ਲਈ ਭੱਜ-ਨੱਠ ਕੀਤੀ ਜਾ ਰਹੀ ਹੈ।
ਵਿਜੀਲੈਂਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਵੱਲੋਂ ਤਫ਼ਤੀਸ਼ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਲੰਘੇ ਹਫ਼ਤੇ ਹੀ ਫਾਈਲ ਬਿਊਰੋ ਕੋਲ ਪਹੁੰਚ ਗਈ ਸੀ ਤੇ ਉਸ ਤੋਂ ਬਾਅਦ ਐਲਓਸੀ ਜਾਰੀ ਕਰਨ ਦੀ ਕਾਰਵਾਈ ਆਰੰਭ ਦਿੱਤੀ ਗਈ ਸੀ। ਵਿਜੀਲੈਂਸ ਵੱਲੋਂ ਭੇਜੇ ਜਾਂਦੇ ਦਸਤਾਵੇਜ਼ਾਂ ਦੇ ਅਧਾਰ ‘ਤੇ ਇੰਟੈਲੀਜੈਂਸ ਵਿੰਗ ਵੱਲੋਂ ਐਲਓਸੀ ਜਾਰੀ ਕਰਨ ਦੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਸਬੰਧਤ ਵਿਅਕਤੀਆਂ ਸਬੰਧੀ ਠੋਸ ਜਾਣਕਾਰੀ ਭੇਜਣੀ ਜ਼ਰੂਰੀ ਹੁੰਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਜਰਮਨੀ ਦੌਰੇ ਉਤੇ ਜਾਣ ਤੋਂ ਐਨ ਪਹਿਲਾਂ ਕਥਿਤ ਬਹੁ-ਕਰੋੜੀ ਸਿੰਜਾਈ ਘੁਟਾਲੇ ਦੇ ਮਾਮਲੇ ਵਿੱਚ ਸਿਆਸਤਦਾਨਾਂ ਅਤੇ ਸੇਵਾਮੁਕਤ ਨੌਕਰਸ਼ਾਹਾਂ ਤੋਂ ਪੁੱਛ-ਪੜਤਾਲ ਦੀ ਪ੍ਰਵਾਨਗੀ ਦੇ ਦਿੱਤੀ ਸੀ।
ਵਿਜੀਲੈਂਸ ਨੇ ਠੇਕੇਦਾਰ ਗੁਰਿੰਦਰ ਸਿੰਘ ਤੋਂ ਕੀਤੀ ਪੁੱਛ-ਪੜਤਾਲ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸਿੰਜਾਈ ਵਿਭਾਗ ‘ਚ ਹੋਏ ਬਹੁ ਕਰੋੜੀ ਘਪਲੇ ਦੀ ਜਾਂਚ ਮੁੜ ਤੋਂ ਆਰੰਭ ਦਿੱਤੀ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਠੇਕੇਦਾਰ ਗੁਰਿੰਦਰ ਸਿੰਘ ਉਰਫ਼ ਭਾਪਾ ਤੋਂ ਵਿਜੀਲੈਂਸ ਦੇ ਅਧਿਕਾਰੀਆਂ ਨੇ ਘੰਟਿਆਂ ਬੱਧੀ ਪੁੱਛ-ਪੜਤਾਲ ਕੀਤੀ। ਵਿਜੀਲੈਂਸ ਦੇ ਏਆਈਜੀ ਮਨਮੋਹਨ ਸ਼ਰਮਾ ਦੀ ਅਗਵਾਈ ਵਾਲੀ ਟੀਮ ਨੇ ਉਸ ਤੋਂ ਸਿੰਜਾਈ ਘੁਟਾਲੇ ਨਾਲ ਸਬੰਧਤ ਕਈ ਸਵਾਲ ਪੁੱਛੇ। ਸੂਤਰਾਂ ਮੁਤਾਬਕ ਇਸ ਮਾਮਲੇ ਨਾਲ ਜੁੜੇ ਦੋ ਸਾਬਕਾ ਮੰਤਰੀਆਂ ਜਨਮੇਜਾ ਸਿੰਘ ਸੇਖੋਂ ਅਤੇ ਸ਼ਰਨਜੀਤ ਸਿੰਘ ਢਿੱਲੋਂ ਸਣੇ ਤਿੰਨ ਸੇਵਾਮੁਕਤ ਆਈਏਐੱਸ ਅਧਿਕਾਰੀਆਂ ਸਰਵੇਸ਼ ਕੌਸ਼ਲ, ਕੇ ਬੀ ਐੱਸ ਸਿੱਧੂ, ਕਾਹਨ ਸਿੰਘ ਪੰਨੂ, ਦੋਵੇਂ ਸਾਬਕਾ ਮੰਤਰੀਆਂ ਦੇ ਨਿੱਜੀ ਸਹਾਇਕਾਂ, ਸਿੰਜਾਈ ਵਿਭਾਗ ਦੇ ਇੰਜਨੀਅਰਾਂ ਅਤੇ ਠੇਕੇਦਾਰਾਂ ਨੂੰ ਵੀ ਬੁਲਾਇਆ ਜਾਵੇਗਾ। ਵਿਜੀਲੈਂਸ ਅਧਿਕਾਰੀਆਂ ਨੇ ਕਿਹਾ ਕਿ ਗੁਰਿੰਦਰ ਸਿੰਘ ਠੇਕੇਦਾਰ ਤੋਂ ਅਕਾਲੀ-ਭਾਜਪਾ ਸਰਕਾਰ ਸਮੇਂ ਟੈਂਡਰਾਂ ਦੀ ਅਲਾਟਮੈਂਟ ਲਈ ਲੁਕਵੀਆਂ ਸਕੀਮਾਂ ਕਿਵੇਂ ਲਾਈਆਂ ਜਾਂਦੀਆਂ ਸਨ ਅਤੇ ਨੌਕਰਸ਼ਾਹਾਂ ਤੇ ਸਾਬਕਾ ਮੰਤਰੀਆਂ ਦੀ ਕਿਸ ਤਰ੍ਹਾਂ ਦੀ ਭੂਮਿਕਾ ਰਹੀ ਹੈ, ਬਾਰੇ ਵੀ ਪੁੱਛ-ਗਿੱਛ ਕੀਤੀ ਜਾਵੇਗੀ। ਵਿਜੀਲੈਂਸ ਅਧਿਕਾਰੀਆਂ ਨੇ ਕਿਹਾ ਕਿ ਠੇਕੇਦਾਰ ਤੋਂ ਮੁਕੰਮਲ ਤੱਥ ਅਤੇ ਦਸਤਾਵੇਜ਼ ਹਾਸਲ ਕਰਨ ਮਗਰੋਂ ਹੀ ਸਾਬਕਾ ਮੰਤਰੀਆਂ ਅਤੇ ਸਾਬਕਾ ਅਫ਼ਸਰਾਂ ਨੂੰ ਤਫ਼ਤੀਸ਼ ਵਿੱਚ ਸ਼ਾਮਲ ਕੀਤਾ ਜਾਵੇਗਾ। ਵਿਜੀਲੈਂਸ ਅਧਿਕਾਰੀਆਂ ਮੁਤਾਬਕ ਠੇਕੇਦਾਰ ਨੇ ਇਸ ਤੋਂ ਪਹਿਲਾਂ ਹੋਈ ਤਫ਼ਤੀਸ਼ ਦੌਰਾਨ ਸਾਬਕਾ ਮੰਤਰੀਆਂ ਅਤੇ ਸੇਵਾਮੁਕਤ ਅਧਿਕਾਰੀਆਂ ਨੂੰ ਕਰੋੜਾਂ ਰੁਪਏ ਰਿਸ਼ਵਤ ਵਜੋਂ ਦੇਣ ਦਾ ਖੁਲਾਸਾ ਕੀਤਾ ਸੀ। ਵਿਜੀਲੈਂਸ ਵੱਲੋਂ ਠੇਕੇਦਾਰ ਦੀ ਸਾਬਕਾ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਆਹਮੋ-ਸਾਹਮਣੇ ਬਿਠਾ ਕੇ ਪੁੱਛ-ਗਿੱਛ ਕਰਨੇ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ।

 

 

Check Also

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਭਲਕੇ ਵਿਆਹ ਬੰਧਨ ’ਚ ਬੱਝਣਗੇ

ਪਟਿਆਲਾ ਵਿਚ ਹੋਣਗੇ ਵਿਆਹ ਸਮਾਗਮ, ਮੁੱਖ ਮੰਤਰੀ ਭਗਵੰਤ ਮਾਨ ਵੀ ਲੈਣਗੇ ਹਿੱਸਾ ਸੰਗਰੂਰ/ਬਿਊਰੋ ਨਿਊਜ਼ : …