ਕਿਹਾ : ਸਿੱਖ ਪੰਥ ਨੂੰ ਕਮਜ਼ੋਰ ਕਰਨ ਦੀਆਂ ਹੋ ਰਹੀਆਂ ਹਨ ਸਾਜਿਸ਼ਾਂ
ਅੰਮਿ੍ਰਤਸਰ/ਬਿੳੂਰੋ ਨਿੳੂਜ਼
ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਨ੍ਹਾਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ, ਸੁਪਰੀਮ ਕੋਰਟ ਦੇ ਫੈਸਲੇ ਪਿੱਛੇ ਸਿੱਖ ਪੰਥ ਨੂੰ ਕਮਜ਼ੋਰ ਕਰਨ ਦੀ ਸਾਜਿਸ਼ ਦੱਸਿਆ। ਉਨ੍ਹਾਂ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲੋਂ ਵੱਖ ਕਰਨ ਪਿੱਛੇ ਕੇਂਦਰ ਦਾ ਹੱਥ ਦੱਸਿਆ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪਹਿਲਾਂ ਹੀ 2024 ਤੱਕ ਖੇਤਰੀ ਪਾਰਟੀਆਂ ਨੂੰ ਖਤਮ ਕਰਨ ਦਾ ਸੋਚੀ ਬੈਠੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਿਚ ਸਿੱਖਾਂ ਦਾ ਅਹਿਮ ਯੋਗਦਾਨ ਰਿਹਾ ਹੈ ਅਤੇ ਇਸ ਨੂੰ ਦੇਖ ਕੇ ਕੇਂਦਰ ਸਰਕਾਰ ਬੌਖਲਾ ਗਈ ਹੈ। ਇਸ ਕਰਕੇ ਹੀ ਕੇਂਦਰ ਸਰਕਾਰ ਨੇ ਸਿੱਖਾਂ ਵਿਚ ਵੰਡੀਆਂ ਪਾਉਣ ਦੀ ਕੋਸ਼ਿਸ਼ ਕੀਤੀ ਹੈ ਤਾਂ ਕਿ ਸਿੱਖ ਆਪਸ ਵਿਚ ਲੜਦੇ ਰਹਿਣ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਭਾਰਤ ਦੇਸ਼ ਆਜ਼ਾਦ ਹੋਣ ਤੋਂ ਪਹਿਲਾਂ ਹੀ ਸਿੱਖਾਂ ਨੇ ਆਪਣੇ ਗੁਰਦੁਆਰੇ ਅੰਗਰੇਜ਼ਾਂ ਤੋਂ ਆਜ਼ਾਦ ਕਰਵਾ ਲਏ ਸਨ। ਇਸਦੇ ਲਈ ਕਈ ਸਿੱਖਾਂ ਨੇ ਕੁਰਬਾਨੀਆਂ ਦਿੱਤੀਆਂ ਹਨ ਅਤੇ ਪੂਰੇ ਵਿਸ਼ਵ ਦੇ ਸਿੱਖ ਇਕ ਦੂਜੇ ਦੇ ਨਾਲ ਜੁੜੇ ਹਨ। ਉਨ੍ਹਾਂ ਕੁਰਬਾਨੀਆਂ ਨੂੰ ਯਾਦ ਕਰਕੇ ਅੱਜ ਸਾਰੇ ਸਿੱਖਾਂ ਨੂੰ ਇਕ ਹੋਣਾ ਹੋਵੇਗਾ, ਨਹੀਂ ਤਾਂ ਉਹ ਸਮਾਂ ਦੂਰ ਨਹੀਂ, ਜਦ ਸਿੱਖਾਂ ਵਿਚ ਹੋਰ ਆਪਸੀ ਦੂਰੀਆਂ ਵਧਾ ਦਿੱਤੀਆਂ ਜਾਣਗੀਆਂ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …