3 ਅਕਤੂਬਰ ਨੂੰ ਹੋਵੇਗੀ ਵੋਟਿੰਗ, ਕਾਂਗਰਸੀ ਵਿਧਾਇਕਾਂ ਨੂੰ ਸਸਪੈਂਡ ਕਰਕੇ ਕੱਢਿਆ ਬਾਹਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ’ਚ ਅੱਜ ਆਮ ਆਦਮੀ ਪਾਰਟੀ ਨੇ ਭਰੋਸੇ ਦੇ ਵੋਟ ਲਈ ਮਤਾ ਪੇਸ਼ ਕਰ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਨੂੰ ਪੇਸ਼ ਕੀਤਾ ਗਿਆ ਜਦਕਿ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਵੱਲੋਂ ਇਸ ਦਾ ਸਮਰਥਨ ਕੀਤਾ ਗਿਆ ਅਤੇ ਇਸ ਸਬੰਧੀ ਵੋਟਿੰਗ ਹੁਣ ਤਿੰਨ ਅਕਤੂਬਰ ਨੂੰ ਹੋਵੇਗੀ। ਇਸ ਤੋਂ ਪਹਿਲਾਂ ਕਾਂਗਰਸੀ ਵਿਧਾਇਕਾਂ ਨੇ ਭਰੋਸੇ ਦੇ ਵੋਟ ਲਈ ਪੇਸ਼ ਕੀਤੇ ਗਏ ਮਤੇ ਨੂੰ ਕਾਨੂੰਨ ਦੇ ਖਿਲਾਫ਼ ਦੱਸਿਆ। ਕਾਂਗਰਸ ਵਿਧਾਇਕਾਂ ਨੇ ਵਿਧਾਨ ਸਭਾ ਅੰਦਰ ਜਮ ਕੇ ਨਾਅਰੇਬਾਜ਼ੀ ਅਤੇ ਹੰਗਾਮਾ ਕੀਤਾ। ਜਿਸ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਨੂੰ ਬਾਹਰ ਜਾਣ ਲਈ ਕਿਹਾ। ਜਦੋ ਕਾਂਗਰਸੀ ਵਿਧਾਇਕਾਂ ਨੇ ਆਪਣਾ ਵਿਰੋਧ ਜਾਰੀ ਰੱਖਿਆ ਤਾਂ ਉਨ੍ਹਾਂ ਨੂੰ ਅੱਜ ਦੇ ਦਿਨ ਲਈ ਵਿਧਾਨ ਸਭਾ ਤੋਂ ਸਸਪੈਂਡ ਕਰਕੇ ਵਿਧਾਨ ਸਭਾ ਤੋਂ ਬਾਹਰ ਕੱਢ ਦਿੱਤਾ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਬਾਹਰ ਜਾ ਕੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਉਧਰ ਭਾਰਤੀ ਜਨਤਾ ਪਾਰਟੀ ਅਪ੍ਰੇਸ਼ਨ ਲੋਟਸ ਦੇ ਆਰੋਪਾਂ ਨੂੰ ਝੂਠਾ ਦੱਸਦੀ ਹੋਈ ਸਦਨ ਤੋਂ ਵਾਕਆਊਟ ਕਰ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਮ ਕੇ ਵਿਰੋਧੀਆਂ ’ਤੇ ਨਿਸ਼ਾਨੇ ਸਾਧੇ ਅਤੇ ਕਿਹਾ ਕਿ ਭਾਜਪਾ ਖਿਆਲੀ ਪੁਲਾਓ ਬਣਾ ਰਹੀ ਅਤੇ ਕਾਂਗਰਸ ਕੀ ਕਰ ਰਹੀ ਹੈ ਇਹ ਪੰਜਾਬ ਦੇ ਲੋਕ ਦੇਖ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਘੇਰਦਿਆਂ ਕਿਹਾ ਕਿ ਚੋਣਾਂ ’ਚ ਮਿਲੀ ਹਾਰ ਤੋਂ ਬਾਅਦ ਚੰਨੀ ਕਿੱਥੇ ਚਲੇ ਗਏ ਹਨ।