Breaking News
Home / Special Story / ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿਚ’ਭਰੋਸਗੀ ਮਤਾ’ ਪੇਸ਼

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿਚ’ਭਰੋਸਗੀ ਮਤਾ’ ਪੇਸ਼

ਮੁੱਖ ਮੰਤਰੀ ਵੱਲੋਂ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ‘ਤੇ ਤਿੱਖੇ ਸਿਆਸੀ ਹਮਲੇ
ਭਾਰਤੀ ਜਨਤਾ ਪਾਰਟੀ ‘ਤੇ ਸਰਕਾਰ ਡੇਗਣ ਦੀ ਕੋਸ਼ਿਸ਼ ਦਾ ਆਰੋਪ ਲਾਇਆ
ਸਪੀਕਰ ਦੇ ਹੁਕਮਾਂ ‘ਤੇ ਮਾਰਸ਼ਲਾਂ ਨੇ ਕਾਂਗਰਸੀ ਵਿਧਾਇਕਾਂ ਨੂੰ ਸਦਨ ‘ਚੋਂ ਬਾਹਰ ਕੱਢਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਵੋਟ ਹਾਸਲ ਕਰਨ ਲਈ ਮਤਾ ਪੇਸ਼ ਕਰਨ ਮੌਕੇ ਹਾਕਮ ਧਿਰ ਅਤੇ ਕਾਂਗਰਸ ਦਰਮਿਆਨ ਤਿੱਖੀਆਂ ਝੜਪਾਂ ਹੋਈਆਂ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਭਰੋਸਗੀ ਮਤੇ ਨੂੰ ਗੈਰਕਾਨੂੰਨੀ ਤੇ ਗੈਰਸੰਵਿਧਾਨਕ ਕਰਾਰ ਦਿੱਤਾ। ਰੌਲੇ-ਰੱਪੇ ਕਰਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸਦਨ ਦੀ ਕਾਰਵਾਈ ਤਿੰਨ ਵਾਰੀ ਮੁਲਤਵੀ ਕਰਨੀ ਪਈ ਤੇ ਆਖਰ ਨੂੰ ਕਾਂਗਰਸ ਦੇ ਸਾਰੇ ਮੈਂਬਰਾਂ ਨੂੰ ਸਦਨ ਵਿੱਚੋਂ ਕੱਢਣ ਦੇ ਹੁਕਮ ਦਿੱਤੇ। ਇਸ ਦੌਰਾਨ ਇਕ ਦਿਨ ਲਈ ਸੱਦੇ ਇਜਲਾਸ ਦੀ ਮਿਆਦ 3 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ ਤੇ ਉਸੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਭਰੋਸਗੀ ਮਤੇ ‘ਤੇ ਬਹਿਸ ਦਾ ਜਵਾਬ ਦੇਣਗੇ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਜਿਵੇਂ ਹੀ ਸਦਨ ਵਿੱਚ ਭਰੋਸਗੀ ਮਤਾ ਪੇਸ਼ ਕਰਨ ਲਈ ਖੜ੍ਹੇ ਹੋਏ ਤਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਕਾਰਵਾਈ ਨੂੰ ਵਿਧਾਨ ਸਭਾ ਦੀ ਨਿਯਮਾਂਵਲੀ ਅਤੇ ਸੰਵਿਧਾਨ ਦੀ ਖਿਲਾਫ਼ਵਰਜ਼ੀ ਕਰਾਰ ਦਿੰਦਿਆਂ ਵਿਰੋਧ ਕੀਤਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜਦੋਂ ਮਤੇ ‘ਤੇ ਬੋਲਣਾ ਸ਼ੁਰੂ ਕੀਤਾ ਤਾਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਪਹਿਲਾਂ ਤਾਂ ਸਿਫ਼ਰ ਕਾਲ ਦੀ ਮੰਗ ਕੀਤੀ ਜਦੋਂ ਸਪੀਕਰ ਨੇ ਇਜਾਜ਼ਤ ਨਾ ਦਿੱਤੀ, ਤਾਂ ਸਦਨ ਵਿੱਚ ਮਾਹੌਲ ਅਸ਼ਾਂਤ ਬਣਦਾ ਦੇਖ ਸਪੀਕਰ ਨੇ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ। ਸਦਨ ਮੁੜ ਜੁੜਿਆ ਤਾਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਸ਼ੋਰ-ਸ਼ਰਾਬਾ ਸ਼ੁਰੂ ਕਰ ਦਿੱਤਾ। ਹਾਕਮ ਧਿਰ ਦੇ ਮੈਂਬਰਾਂ ਨੇ ਵੀ ਵਿਰੋਧੀ ਧਿਰ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਭਾਰੀ ਸ਼ੋਰ-ਸ਼ਰਾਬੇ ਦੌਰਾਨ ਜਦੋਂ ਸਦਨ ਦੀ ਕਾਰਵਾਈ ਵਿੱਚ ਵਿਘਨ ਪਿਆ ਤਾਂ ਸਪੀਕਰ ਵੱਲੋਂ ਕਾਂਗਰਸੀ ਮੈਂਬਰਾਂ ਨੂੰ ਲਗਾਤਾਰ ਤਾੜਨਾ ਕੀਤੀ ਜਾਣ ਲੱਗੀ। ਅਖੀਰ ਕਾਂਗਰਸ ਦੇ ਸਾਰੇ ਮੈਂਬਰਾਂ ਖਿਲਾਫ਼ ਕਾਰਵਾਈ ਕਰਦਿਆਂ ਮਾਰਸ਼ਲਾਂ ਨੂੰ ਹੁਕਮ ਦਿੱਤੇ ਕਿ ਕਾਂਗਰਸ ਦੇ ਸਾਰੇ ਵਿਧਾਇਕਾਂ ਨੂੰ ਸਦਨ ਵਿੱਚੋਂ ਬਾਹਰ ਕੱਢਿਆ ਜਾਵੇ। ਮਾਰਸ਼ਲ ਜਦੋਂ ਹੁਕਮਾਂ ਦੀ ਤਾਮੀਲ ਕਰਵਾਉਣ ਵਿੱਚ ਕਾਮਯਾਬ ਨਾ ਹੋਏ ਤਾਂ ਸਪੀਕਰ ਨੂੰ ਮੁੜ ਤੋਂ ਸਦਨ ਉਠਾਉਣਾ ਪਿਆ। ਸਦਨ ਮੁਲਤਵੀ ਹੋਣ ਸਮੇਂ ਵੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਰਮਿਆਨ ਤਣਾਅ ਬਣਿਆ ਰਿਹਾ। ਅਖੀਰ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਵੱਲੋਂ ਆਪਣੀ ਪਾਰਟੀ ਦੇ ਵਿਧਾਇਕਾਂ ਨੂੰ ਸ਼ਾਂਤ ਕੀਤੇ ਜਾਣ ਮਗਰੋਂ ਕਾਂਗਰਸ ਦੇ ਵਿਧਾਇਕ ਸਦਨ ਵਿੱਚੋਂ ਬਾਹਰ ਗਏ। ਇਸ ਸਮੇਂ ਦੌਰਾਨ ਦੋਵਾਂ ਪਾਰਟੀਆਂ ਦੇ ਵਿਧਾਇਕਾਂ ਦਰਮਿਆਨ ਤਲਖੀ ਵੀ ਹੋਈ। ਸਦਨ ਵਿੱਚ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਿਧਾਇਕ ਹੀ ਮੌਜੂਦ ਸਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਮਗਰੋਂ ਕਾਂਗਰਸੀ ਵਿਧਾਇਕਾਂ ਦੀ ਗੈਰਹਾਜ਼ਰੀ ਵਿੱਚ ਭਰੋਸੇ ਦਾ ਵੋਟ ਹਾਸਲ ਕਰਨ ਲਈ ਮਤਾ ਪੇਸ਼ ਕਰਦਿਆਂ ਕਿਹਾ ਕਿ ‘ਇਹ ਸਦਨ ਮੰਤਰੀ ਮੰਡਲ ਵਿੱਚ ਆਪਣਾ ਵਿਸ਼ਵਾਸ ਪ੍ਰਗਟ ਕਰਦਾ ਹੈ’। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਮੁੱਖ ਮੰਤਰੀ ਵੱਲੋਂ ਪੇਸ਼ ਮਤੇ ਦੀ ਤਾਈਦ ਕੀਤੀ। ਮੁੱਖ ਮੰਤਰੀ ਨੇ ਸਦਨ ਵਿੱਚ ਬੋਲਦਿਆਂ ਕਾਂਗਰਸ ਨੂੰ ਭਾਰਤੀ ਜਨਤਾ ਪਾਰਟੀ ਦੀ ‘ਬੀ’ ਟੀਮ ਕਰਾਰ ਦਿੰਦਿਆਂ ਦੋਵਾਂ ਪਾਰਟੀਆਂ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇਸ਼ ਭਰ ਵਿੱਚ ਪਿਛਲੇ ਦਰਵਾਜ਼ਿਓ ਆਪਣੀਆਂ ਸਰਕਾਰਾਂ ਬਣਾਉਣ ਲਈ ਦਲ-ਬਦਲੀ ਵਿਰੋਧੀ ਕਾਨੂੰਨ ਦੀ ਵਰਤੋਂ ਨਵੇਂ ਹਥਿਆਰ ਵਜੋਂ ਕਰ ਰਹੀ ਹੈ ਅਤੇ ਬਦਕਿਸਮਤੀ ਨਾਲ ਇਸ ਦੀ ਸਭ ਤੋਂ ਵੱਡੀ ਪੀੜਤ ਹੋਣ ਦੇ ਬਾਵਜੂਦ ਕਾਂਗਰਸ ਇਸ ਦੀ ਹਮਾਇਤ ਕਰ ਰਹੀ ਹੈ।
ਕਾਂਗਰਸ ਹੀ ਦੱਸ ਦੇਵੇ ਚੰਨੀ ਕਿੱਥੇ ਹੈ: ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਆਰੋਪ ਲਾਇਆ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਸਰਕਾਰ ਦੇ ਆਖਰੀ ਦਿਨਾਂ ਦੌਰਾਨ ਕਈ ਅਜਿਹੇ ਫੈਸਲੇ ਲਏ, ਜਿਨ੍ਹਾਂ ਕਰਕੇ ਮੌਜੂਦਾ ਸਰਕਾਰ ਸਾਹਮਣੇ ਸੰਕਟ ਖੜ੍ਹਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ, ਚੰਨੀ ਤੋਂ ਜਾਣਨਾ ਚਾਹੁੰਦੀ ਹੈ ਆਖਰੀ ਦਿਨਾਂ ਦੌਰਾਨ ਲਏ ਗਏ ਫੈਸਲੇ ਕਿਉਂ ਅਤੇ ਕਿਵੇਂ ਲਏ ਗਏ ਅਤੇ ਇਨ੍ਹਾਂ ਦਾ ਨਿਪਟਾਰਾ ਕਿਵੇਂ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕੋਈ ਖੁਰਾ-ਖੋਜ ਨਹੀਂ ਲੱਭ ਰਿਹਾ….ਕਾਂਗਰਸ ਪਾਰਟੀ ਹੀ ਦੱਸ ਦੇਵੇ ਕਿ ਉਸ ਦਾ ਸਾਬਕਾ ਮੁੱਖ ਮੰਤਰੀ ਅਤੇ ਲੰਘੀਆਂ ਚੋਣਾਂ ਦੌਰਾਨ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਇਸ ਸਮੇਂ ਕਿੱਥੇ ਹੈ?
ਮੇਰਾ ਟੈਲੀਫੋਨ ਹਮੇਸ਼ਾ ਚੱਲਦਾ ਹੈ : ਚੰਨੀ
ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਜਿਨ੍ਹਾਂ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿਚ ਕਿਹਾ ਸੀ ਕਿ ਉਹ ਲਾਪਤਾ ਹਨ, ਨੇ ਕਿਹਾ ਕਿ ਮੇਰਾ ਟੈਲੀਫ਼ੋਨ ਹਮੇਸ਼ਾ ਚੱਲਦਾ ਰਹਿੰਦਾ ਹੈ ਤੇ ਮੈਨੂੰ ਕਦੇ ਮੁੱਖ ਮੰਤਰੀ ਜਾਂ ਉਨ੍ਹਾਂ ਦੇ ਸਟਾਫ਼ ਦਾ ਟੈਲੀਫ਼ੋਨ ਨਹੀਂ ਆਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮੇਰੇ ਨਾਲ ਕਦੇ ਵੀ ਗੱਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੈਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਨ ਤੋਂ ਬਾਅਦ ਮਿਲਿਆ ਵੀ ਸੀ ਅਤੇ ਇਹ ਕਹਿ ਕੇ ਆਇਆ ਸੀ ਕਿ ਉਹ ਮੇਰੇ ਨਾਲ ਕਦੇ ਵੀ ਸੰਪਰਕ ਕਰ ਸਕਦੇ ਹਨ।
ਕਾਂਗਰਸ ਕੋਲ ‘ਆਪ’ ਸਰਕਾਰ ਵਿਰੁੱਧ ਕੋਈ ਮੁੱਦਾ ਨਹੀਂ: ਹਰਪਾਲ ਚੀਮਾ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਵਿੱਚ ਕਾਂਗਰਸ ਵੱਲੋਂ ਹੰਗਾਮਾ ਕਰਨ ਦੀ ਆਲੋਚਨਾ ਕੀਤੀ ਹੈ। ਪੰਜਾਬ ਭਵਨ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਇੰਦਰਬੀਰ ਸਿੰਘ ਨਿੱਝਰ ਤੇ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਕਾਂਗਰਸ ਭਾਜਪਾ ਦੀ ਬੀ-ਟੀਮ ਵਜੋਂ ਕੰਮ ਕਰ ਰਹੀ ਹੈ, ਜਿਸ ਵੱਲੋਂ ਲੋਕਤੰਤਰ ਦੀ ਹੱਤਿਆ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ‘ਆਪ’ ਦੀ ਪੰਜਾਬ ਸਰਕਾਰ ਵਿਰੁੱਧ ਕੋਈ ਵੀ ਮੁੱਦਾ ਨਹੀਂ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਵਿਧਾਨ ਸਭਾ ‘ਚ ਭਰੋਸਗੀ ਮਤੇ ਦਾ ਵਿਰੋਧ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵਿਧਾਇਕ ਵਿੰਗ ਨੇ ‘ਆਪ’ ਸਰਕਾਰ ਵੱਲੋਂ ਭਰੋਸਗੀ ਮਤਾ ਪੇਸ਼ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ‘ਆਪ’ ਨੇ ਇਹ ਕਾਰਵਾਈ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਿਧਾਨ ਸਭਾ ਦੀਆਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਲਾਹਾ ਲੈਣ ਲਈ ਕੀਤੀ ਹੈ।
ਵਿਧਾਨ ਸਭਾ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਭਰੋਸਗੀ ਮਤਾ ਪੇਸ਼ ਕਰਕੇ ਸੂਬਾ ਸਰਕਾਰ ਪੰਜਾਬ ਵਾਸੀਆਂ ਦਾ ਧਿਆਨ ਭਖਦੇ ਮਸਲਿਆਂ ਤੋਂ ਪਾਸੇ ਕਰਨਾ ਚਾਹੁੰਦੀ ਹੈ। ਇਸ ਤੋਂ ਪਹਿਲਾਂ ਯੂਥ ਅਕਾਲੀ ਆਗੂਆਂ ਨੇ ਵਿਧਾਨ ਸਭਾ ਤੱਕ ਮਾਰਚ ਕਰਨ ਮਗਰੋਂ ਗ੍ਰਿਫਤਾਰੀਆਂ ਵੀ ਦਿੱਤੀਆਂ।

ਵਿਧਾਨ ਸਭਾ ਦੇ ਬਾਹਰ ਕਾਂਗਰਸੀ ਵਿਧਾਇਕਾਂ ਨੇ ਚਲਾਇਆ ‘ਇਜਲਾਸ’
ਕਾਂਗਰਸੀ ਵਿਧਾਇਕਾਂ ਨੂੰ ਸਦਨ ‘ਚੋਂ ਬਾਹਰ ਕੱਢਣਾ ਜਮਹੂਰੀਅਤ ਦਾ ਕਤਲ: ਬਾਜਵਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਵਿੱਚ ਇਜਲਾਸ ਦੇ ਪਹਿਲੇ ਦਿਨ ਮੰਗਲਵਾਰ ਨੂੰ ਸਪੀਕਰ ਵੱਲੋਂ ਵਿਰੋਧੀ ਧਿਰ ਨੂੰ ਬਾਹਰ ਦਾ ਰਾਹ ਦਿਖਾਉਣ ‘ਤੇ ਰੋਹ ‘ਚ ਆਏ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਹੰਗਾਮਾ ਕਰਦਿਆਂ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਕਾਂਗਰਸੀ ਵਿਧਾਇਕਾਂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ‘ਚ ਵਿਧਾਨ ਸਭਾ ਦੇ ਬਾਹਰ ਰੋਸ ਧਰਨਾ ਦਿੱਤਾ ਅਤੇ ਮੌਕ ਸੈਸ਼ਨ ਵੀ ਚਲਾਇਆ।
ਇਸ ਦੌਰਾਨ ਕਾਂਗਰਸੀ ਵਿਧਾਇਕਾਂ ਨੇ ‘ਅਪਰੇਸ਼ਨ ਲੋਟਸ’ ਨੂੰ ਭਗਵੰਤ ਮਾਨ ਸਰਕਾਰ ਦੀ ਕਲਪਨਾ ਕਰਾਰ ਦਿੱਤਾ ਤੇ ਭਰੋਸਗੀ ਮਤੇ ਦੀ ਆਲੋਚਨਾ ਕੀਤੀ।
ਕਾਂਗਰਸੀ ਵਿਧਾਇਕਾਂ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ‘ਚ ਭਰੋਸਗੀ ਮਤਾ ਕਾਇਦੇ ਕਾਨੂੰਨ ਨੂੰ ਛਿੱਕੇ ਟੰਗ ਕੇ ਲੈ ਕੇ ਆਏ ਹਨ। ਉਨ੍ਹਾਂ ਕਿਹਾ ਕਿ ਜਿਸ ਮਤੇ ਨੂੰ ਰਾਜਪਾਲ ਨੇ ਪ੍ਰਵਾਨਗੀ ਨਹੀਂ ਦਿੱਤੀ ਉਸ ਮਤੇ ਨੂੰ ਸਪੀਕਰ ਨੇ ਪ੍ਰਵਾਨਗੀ ਦੇ ਕੇ ਲੋਕਰਾਜੀ ਕਦਰਾਂ ਕੀਮਤਾਂ ਦਾ ਘਾਣ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕਾਂ ਨੂੰ ਸਦਨ ‘ਚੋਂ ਬਾਹਰ ਕੱਢਣਾ ਜਮਹੂਰੀਅਤ ਦਾ ਕਤਲ ਹੈ।
ਬਾਜਵਾ ਨੇ ਕਿਹਾ ਕਿ ਵਿਰੋਧੀ ਧਿਰਾਂ ਨੇ ਕਦੇ ਵੀ ਸਰਕਾਰ ਵਿਰੁੱਧ ਬੇਭਰੋਸਗੀ ਮਤੇ ਦੀ ਮੰਗ ਨਹੀਂ ਸੀ ਕੀਤੀ, ਇਸ ਲਈ ਸਦਨ ‘ਚ ਬਹੁਮਤ ਸਾਬਤ ਕਰਨ ਦੀ ਕੋਈ ਲੋੜ ਨਹੀਂ ਸੀ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗ ਕੀਤੀ ਕਿ ਸਦਨ ਨੂੰ ਗੁਮਰਾਹ ਤੇ ਰਾਜਪਾਲ ਨੂੰ ਧੋਖੇ ‘ਚ ਰੱਖਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ।

ਭਾਜਪਾ ਨੇ ਸੈਸ਼ਨ ਦਾ ਬਾਈਕਾਟ ਕਰਕੇ ਲਾਈ ਜਨਤਾ ਦੀ ਵਿਧਾਨ ਸਭਾ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸਗੀ ਦਾ ਮਤਾ ਪੇਸ਼ ਕਰਨ ‘ਤੇ ਭਾਜਪਾ ਨੇ ਸੈਸ਼ਨ ਦਾ ਬਾਈਕਾਟ ਕਰਕੇ ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਨੇੜੇ ‘ਜਨਤਾ ਦੀ ਵਿਧਾਨ ਸਭਾ’ ਲਗਾਈ। ‘ਜਨਤਾ ਦੀ ਵਿਧਾਨ ਸਭਾ’ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਸਣੇ ਹੋਰਨਾਂ ਸੀਨੀਅਰ ਆਗੂਆਂ ਨੇ ਹਿੱਸਾ ਲਿਆ। ਭਾਜਪਾ ਨੇ ਭ੍ਰਿਸ਼ਟਾਚਾਰ, ਝੂਠੇ ਵਾਅਦੇ, ਕਿਸਾਨੀ, ਨਸ਼ਾਖੋਰੀ ਅਤੇ ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ਬਾਰੇ ‘ਆਪ’ ਸਰਕਾਰ ਨੂੰ ਘੇਰਿਆ। ‘ਜਨਤਾ ਦੀ ਵਿਧਾਨ ਸਭਾ’ ਵਿਚ ਸਪੀਕਰ ਦੀ ਭੂਮਿਕਾ ਸਾਬਕਾ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਅਦਾ ਕੀਤੀ। ਸੁਨੀਲ ਜਾਖੜ ਨੇ ‘ਆਪ’ ਸਰਕਾਰ ਦੀ ਗਤੀਵੀਧੀਆਂ ਖਿਲਾਫ ਨਿੰਦਾ ਮਤਾ ਪੇਸ਼ ਕੀਤਾ। ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ ਹੁੰਦਿਆਂ ਹੀ ਭਾਜਪਾ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਵਿਧਾਇਕ ਜੰਗੀ ਲਾਲ ਮਹਾਜਨ ਨੇ ਭਰੋਸਗੀ ਮਤੇ ਦਾ ਵਿਰੋਧ ਕਰਦਿਆਂ ਸਰਕਾਰ ਦੀ ਆਲੋਚਨਾ ਕੀਤੀ। ਦੋਵੇਂ ਵਿਧਾਇਕਾਂ ਨੇ ਸਦਨ ਦੀ ਕਾਰਵਾਈ ਦਾ ਬਾਈਕਾਟ ਕਰ ਦਿੱਤਾ। ਅਸ਼ਵਨੀ ਸ਼ਰਮਾ ਨੇ ਭਗਵੰਤ ਮਾਨ ਵੱਲੋਂ ਪੇਸ਼ ਕੀਤੇ ਗਏ ਭਰੋਸੇ ਦੇ ਮਤੇ ਵਿਰੁੱਧ ਰਾਜਪਾਲ ਤੋਂ ਪੰਜਾਬ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਅਤੇ ਰਾਘਵ ਚੱਢਾ ਦੇ ਇਸ਼ਾਰੇ ‘ਤੇ ਸੰਵਿਧਾਨ ਦੀਆਂ ਧੱਜੀਆਂ ਉਡਾਉਂਦੇ ਹੋਏ ਭਗਵੰਤ ਮਾਨ ਨੇ ਪੰਜਾਬੀਆਂ ਦਾ ਭਰੋਸਾ ਤੋੜਿਆ ਹੈ।

 

Check Also

ਲੋਕ ਸਭਾ ਚੋਣਾਂ ‘ਚ ਭਾਜਪਾ ਨੂੰ ਨਹੀਂ ਮਿਲਿਆ ਬਹੁਮਤ

ਭਾਜਪਾ ਨੂੰ ਸਿਰਫ਼ 241 ਸੀਟਾਂ ਨਾਲ ਕਰਨਾ ਪਿਆ ਸਬਰ ਚੋਣ ਨਤੀਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ …