Breaking News
Home / ਪੰਜਾਬ / ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਮੁੜ ਸ਼ੁਰੂ ਕਰਨ ਦਾ ਐਲਾਨ

ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਮੁੜ ਸ਼ੁਰੂ ਕਰਨ ਦਾ ਐਲਾਨ

ਸ਼ਹੀਦ-ਏ-ਆਜ਼ਮ ਦੀ ਜਨਮ ਵਰ੍ਹੇਗੰਢ ਮੌਕੇ ਖਟਕੜ ਕਲਾਂ ‘ਚ ਰਾਜ ਪੱਧਰੀ ਸਮਾਗਮ
ਬੰਗਾ/ਬਿਊਰੋ ਨਿਊਜ਼ : ਸ਼ਹੀਦ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਮੁੜ ਸ਼ੁਰੂ ਕਰਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ਼ਹੀਦ ਦੇ ਨਾਂ ਉਤੇ ਚੇਅਰ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਖਟਕੜ ਕਲਾਂ ਵਿੱਚ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਐਵਾਰਡ ਵੱਖ-ਵੱਖ ਖੇਤਰਾਂ ਵਿਚ ਵਿਲੱਖਣ ਯੋਗਦਾਨ ਪਾਉਣ ਵਾਲੇ 46 ਨੌਜਵਾਨਾਂ ਨੂੰ ਹਰ ਸਾਲ ਦਿੱਤਾ ਜਾਵੇਗਾ। ਐਵਾਰਡ ਵਿੱਚ ਪ੍ਰਸ਼ੰਸਾ ਪੱਤਰ ਤੋਂ ਇਲਾਵਾ 51000 ਰੁਪਏ ਦਾ ਨਗਦ ਇਨਾਮ ਵੀ ਹੋਵੇਗਾ। ਇਸ ਦੌਰਾਨ ਮੁੱਖ ਮੰਤਰੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿੱਚ ਸੂਬਾ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਚੇਅਰ ਸਥਾਪਤ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਚੇਅਰ ਸ਼ਹੀਦ ਭਗਤ ਦੇ ਜੀਵਨ ਤੇ ਵਿਚਾਰਧਾਰਾ ਉਤੇ ਖੋਜ ਕਰਨ ਦੀ ਜ਼ਿੰਮੇਵਾਰੀ ਨਿਭਾਉਣ ਦੇ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰੇਗੀ। ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਲੋਕਾਂ ਨੂੰ ਇਹ ਪ੍ਰਣ ਕਰਨ ਦਾ ਸੱਦਾ ਦਿੱਤਾ ਕਿ ਉਹ ਚੰਗੇ ਮੌਕਿਆਂ ਦੀ ਤਲਾਸ਼ ਵਿਚ ਆਪਣਾ ਵਤਨ ਛੱਡ ਕੇ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਹ ਅਹਿਦ ਲੈਣਾ ਚਾਹੀਦਾ ਹੈ ਕਿ ਬਿਹਤਰ ਜ਼ਿੰਦਗੀ ਦੀ ਭਾਲ ਵਿਚ ਦੇਸ਼ ਛੱਡ ਕੇ ਜਾਣ ਦੀ ਬਜਾਏ ਇੱਥੇ ਹੀ ਸ਼ਾਸਨ ਪ੍ਰਣਾਲੀ ਨੂੰ ਸੁਧਾਰਾਂਗੇ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ।
ਇਸੇ ਤਰ੍ਹਾਂ ਹੁਸੈਨੀਵਾਲਾ ਵਿੱਚ ਵੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਸਿਰਫ਼ ਇੱਕ ਵਿਅਕਤੀ ਨਹੀਂ ਬਲਕਿ ਸੰਸਥਾ ਸਨ, ਅਤੇ ਦੇਸ਼ ਦੀ ਤਰੱਕੀ ਲਈ ਸਾਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ ‘ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਬਲਿਦਾਨ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦਾ ਰਹੇਗਾ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …