Breaking News
Home / ਪੰਜਾਬ / ਮੁਹਾਲੀ ਹਵਾਈ ਅੱਡੇ ਦਾ ਨਾਮ ‘ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਚੰਡੀਗੜ੍ਹ’ ਰੱਖਿਆ

ਮੁਹਾਲੀ ਹਵਾਈ ਅੱਡੇ ਦਾ ਨਾਮ ‘ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਚੰਡੀਗੜ੍ਹ’ ਰੱਖਿਆ

ਏਅਰਪੋਰਟ ਦੇ ਨਾਮ ਵਿਚ ਮੁਹਾਲੀ, ਪੰਚਕੂਲਾ ਨਾ ਹੋਣ ਤੋਂ ਨਰਾਜ਼ਗੀ, ਰਾਜਾ ਵੜਿੰਗ, ਸੁਖਜਿੰਦਰ ਰੰਧਾਵਾ ਅਤੇ ਸੁਖਬੀਰ ਬਾਦਲ ਨੇ ਚੁੱਕੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ਹੀਦ ਭਗਤ ਸਿੰਘ ਦੀ 115ਵੀਂ ਜੈਅੰਤੀ ਮੌਕੇ ਮੁਹਾਲੀ ਏਅਰਪੋਰਟ ਦਾ ਨਾਮ ਬਦਲ ਕੇ ‘ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਚੰਡੀਗੜ੍ਹ’ ਰੱਖ ਦਿੱਤਾ ਗਿਆ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁੱਧਵਾਰ ਨੂੰ ਦੁਪਹਿਰ ਸਮੇਂ ਇਸਦਾ ਅਧਿਕਾਰਤ ਤੌਰ ‘ਤੇ ਉਦਘਾਟਨ ਕਰਦੇ ਹੋਏ ਕਿਹਾ ਕਿ ਹੁਣ ਜ਼ਿਆਦਾ ਲੋਕ ਸ਼ਹੀਦ ਭਗਤ ਸਿੰਘ ਦੀ ਸੋਚ ਅਤੇ ਫਲਸਫੇ ਨੂੰ ਸਮਝ ਸਕਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਵਾਈ ਅੱਡੇ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਉਧਰ ਦੂਜੇ ਪਾਸੇ ਇਸ ਹਵਾਈ ਅੱਡੇ ਦੇ ਨਾਮ ਵਿਚ ਮੁਹਾਲੀ ਅਤੇ ਪੰਚਕੂਲਾ ਨਾ ਜੁੜਨ ਕਰਕੇ ਸਿਆਸਤ ਵੀ ਸ਼ੁਰੂ ਹੋ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਹਵਾਈ ਅੱਡੇ ਦੇ ਨਾਮ ਨਾਲ ਮੁਹਾਲੀ ਨਾ ਜੋੜਨ ‘ਤੇ ਇਤਰਾਜ਼ ਪ੍ਰਗਟਾਇਆ ਕੀਤਾ ਹੈ। ਇਸੇ ਦੌਰਾਨ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਹਵਾਈ ਅੱਡੇ ਦੇ ਨਾਮ ਵਿਚ ਪੰਚਕੂਲਾ ਜੋੜਨ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਏਅਰਪੋਰਟ ਭਾਰਤੀ ਹਵਾਈ ਸੈਨਾ ਦੇ ਅਧੀਨ ਆਉਂਦਾ ਹੈ। ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ, ਏਏਆਈ, ਪੰਜਾਬ ਸਰਕਾਰ ਅਤੇ ਹਰਿਆਣਾ ਸਰਕਾਰ ਦਾ ਇਕ ਜਾਇੰਟ ਵੈਂਚਰ ਹੈ।
ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਕੇਂਦਰੀ ਮੰਤਰੀ ਜਨਰਲ ਵੀ.ਕੇ. ਸਿੰਘ, ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਤੇ ਗ੍ਰਹਿ ਮੰਤਰੀ ਅਨਿਲ ਵਿੱਜ ਅਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਆਦਿ ਮੌਜੂਦ ਸਨ। ਇਸ ਤੋਂ ਪਹਿਲਾਂ ਸੀਤਾਰਾਮਨ ਨੇ ਉਕਤ ਮਹਿਮਾਨਾਂ ਦੀ ਮੌਜੂਦਗੀ ਵਿੱਚ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਵਾਲੀ ਤਖ਼ਤੀ ਤੋਂ ਪਰਦਾ ਚੁੱਕਿਆ।
ਮੁੱਖ ਮੰਤਰੀ ਅਤੇ ਰਾਜਪਾਲ ਨੇ ਨਹੀਂ ਮਿਲਾਈਆਂ ਨਜ਼ਰਾਂ
ਹਵਾਈ ਅੱਡੇ ਦੇ ਉਦਘਾਟਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬੀਐਲ ਪੁਰੋਹਿਤ ਕਰੀਬ ਡੇਢ ਘੰਟੇ ਤੱਕ ਇਕੱਠੇ ਬੈਠੇ ਰਹੇ, ਪਰ ਨਾ ਇਸ ਦੌਰਾਨ ਉਨ੍ਹਾਂ ਦੀਆਂ ਨਜ਼ਰਾਂ ਮਿਲੀਆਂ ਅਤੇ ਨਾ ਹੀ ਕੋਈ ਗੱਲ ਕੀਤੀ। ਭਗਵੰਤ ਮਾਨ ਨੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਅਤੇ ਸੰਸਦ ਮੈਂਬਰ ਕਿਰਨ ਖੇਰ ਨਾਲ ਗੱਲਾਂ ਤਾਂ ਕੀਤੀਆਂ ਪਰ ਰਾਜਪਾਲ ਵੱਲ ਵੇਖਿਆ ਵੀ ਨਹੀਂ। ਜਾਣ ਤੋਂ ਪਹਿਲਾਂ ਦੋਵਾਂ ਵਿਚਕਾਰ ਰਸਮੀ ਮੁਲਾਕਾਤ ਜ਼ਰੂਰ ਹੋਈ। ਜ਼ਿਕਰਯੋਗ ਹੈ ਕਿ 22 ਸਤੰਬਰ ਦਾ ਇਜਲਾਸ ਰੱਦ ਕਰਨ ਤੋਂ ਬਾਅਦ ਰਾਜਪਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਪਹਿਲੀ ਵਾਰ ਸਟੇਜ ਸਾਂਝੀ ਕੀਤੀ ਹੈ।

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …