ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ਼ ਨਿੰਦਾ ਮਤਾ ਕੀਤਾ ਗਿਆ ਪਾਸ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜਾ ਸਿੰਘ ਸੁਮੰਦਰੀ ਹਾਲ ਵਿਖੇ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਮੇਤ ਪੰਜ ਸਿੰਘ ਸਾਹਿਬਾਨਾਂ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ਼ ਇਕ ਪੰਥਕ ਇਕੱਠ ਕਰਕੇ ਪੰਥਕ ਰਾਏ ਲੈਣ ਲਈ ਮਤਾ ਪੇਸ਼ ਕੀਤਾ ਗਿਆ। ਇਹ ਮਤਾ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤਾ ਗਿਆ। ਐਡਵੋਕੇਟ ਧਾਮੀ ਨੇ ਕਿਹਾ ਕਿ 7 ਅਕਤੂਬਰ ਤੋਂ ਬਾਅਦ ਟਕਸਾਲਾਂ, ਧਾਰਮਿਕ ਜਥੇਬੰਦੀਆਂ ਦਾ ਇਕੱਠ ਤੇਜਾ ਸਿੰਘ ਸੁਮੰਦਰੀ ਹਾਲ ਵਿਖੇ ਸੱਦਿਆ ਜਾਵੇਗਾ। ਇਸ ਇਕੱਤਰਤਾ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵੱਖਰਾ ਐਕਟ ਬਣਾਉਣ ਖਿਲਾਫ਼ ਨਿੰਦਾ ਮਤਾ ਪੇਸ਼ ਕੀਤਾ ਗਿਆ ਜਿਸ ਨੂੰ ਸੰਗਤਾਂ ਵੱਲੋਂ ਪ੍ਰਵਾਨ ਕੀਤਾ ਗਿਆ। ਇਸ ਤੋਂ ਇਲਾਵਾ ਪਾਸ ਮਤੇ ’ਚ ਹਰਿਆਣਾ ਗੁਰਦੁਆਰਾ ਐਕਟ ਨੂੰ ਮਾਨਤਾ ਦੇਣ ਵਾਲੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਰੱਦ ਕਰਦਿਆਂ, ਸਿੱਖ ਸੰਗਤਾਂ ਨੇ ਚੀਫ਼ ਆਫ਼ ਇੰਡੀਆ ਨੂੰ ਅਪੀਲ ਕੀਤੀ ਕਿ ਹਰਿਆਣਾ ਕਮੇਟੀ ਮਾਮਲੇ ’ਚ ਸ਼ੋ੍ਰਮਣੀ ਕਮੇਟੀ ਦਾ ਪੱਖ ਸੁਣਨ ਲਈ ਪੰਜ ਮੈਂਬਰੀ ਸੰਵਿਧਾਨਕ ਬੈਂਚ ਕਾਇਮ ਕੀਤਾ ਜਾਵੇ।