3 ਨਵੰਬਰ ਨੂੰ ਪੈਣਗੀਆਂ ਵੋਟਾਂ- 6 ਨਵੰਬਰ ਨੂੰ ਆਉਣਗੇ ਨਤੀਜੇ
ਚੰਡੀਗੜ੍ਹ/ਬਿੳੂਰੋ ਨਿੳੂਜ਼
ਭਾਰਤੀ ਚੋਣ ਕਮਿਸ਼ਨ ਨੇ ਹਰਿਆਣਾ ਦੇ ਆਦਮਪੁਰ ਵਿਧਾਨ ਸਭਾ ਹਲਕੇ ਸਮੇਤ ਛੇ ਸੂਬਿਆਂ ਦੀਆਂ ਸੱਤ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਰਾਜਾਂ ਵਿੱਚ ਹਰਿਆਣਾ, ਮਹਾਰਾਸ਼ਟਰ, ਬਿਹਾਰ, ਤੇਲੰਗਾਨਾ, ਯੂਪੀ ਅਤੇ ਉੜੀਸਾ ਸ਼ਾਮਲ ਹਨ। ਚੋਣ ਕਮਿਸ਼ਨ ਸੱਤ ਵਿਧਾਨ ਸਭਾਵਾਂ ਦੀਆਂ ਜ਼ਿਮਨੀ ਚੋਣਾਂ ਲਈ 7 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕਰੇਗਾ ਜਿਸ ਦੇ ਨਾਲ ਹੀ ਨਾਮਜ਼ਦਗੀਆਂ ਭਰਨ ਦਾ ਅਮਲ ਸ਼ੁਰੂ ਹੋ ਜਾਵੇਗਾ। ਨਾਮਜ਼ਦਗੀ ਕਾਗਜ਼ 14 ਅਕਤੂਬਰ ਤੱਕ ਜਮ੍ਹਾਂ ਕਰਵਾਏ ਜਾ ਸਕਣਗੇ। ਨਾਮਜ਼ਦਗੀਆਂ ਦੀ ਪੜਤਾਲ 15 ਅਕਤੂਬਰ ਨੂੰ ਹੋਵੇਗੀ ਅਤੇ 17 ਅਕਤੂਬਰ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ ਹੋਵੇਗੀ। 3 ਨਵੰਬਰ ਨੂੰ ਆਦਮਪੁਰ ਸਮੇਤ ਸਾਰੇ ਸੱਤ ਸਰਕਲਾਂ ਵਿੱਚ ਉਪ ਚੋਣ ਲਈ ਵੋਟਾਂ ਪੈਣਗੀਆਂ। ਚੋਣ ਨਤੀਜੇ 6 ਨਵੰਬਰ ਨੂੰ ਐਲਾਨੇ ਜਾਣਗੇ। ਚੋਣ ਪ੍ਰੋਗਰਾਮ ਦੇ ਐਲਾਨ ਦੇ ਨਾਲ ਹੀ ਇਨ੍ਹਾਂ ਸੱਤਾਂ ਸਰਕਲਾਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਦੱਸਣਯੋਗ ਹੈ ਕਿ ਹਿਸਾਰ ਜ਼ਿਲ੍ਹੇ ਦੀ ਆਦਮਪੁਰ ਸੀਟ ਇੱਥੋਂ ਕਾਂਗਰਸ ਦੀ ਟਿਕਟ ’ਤੇ ਵਿਧਾਇਕ ਰਹੇ ਕੁਲਦੀਪ ਬਿਸ਼ਨੋਈ ਦੇ ਅਸਤੀਫੇ ਮਗਰੋਂ ਖ਼ਾਲੀ ਹੋ ਗਈ ਸੀ। ਬਿਸ਼ਨੋਈ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ ਹਨ।