ਕੇਂਦਰ ਸਰਕਾਰ ਦੇ ਨਾਂ ਮੰਗ ਪੱਤਰ ਦੇ ਕੇ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਖਿਲਾਫ ਕਾਰਵਾਈ ਮੰਗੀ
ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਸੋਮਵਾਰ ਨੂੰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸੂਬੇ ਭਰ ‘ਚ ਡਿਪਟੀ ਕਮਿਸ਼ਨਰਾਂ ਤੇ ਐੱਸਡੀਐੱਮ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ, ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕੀਆਂ ਅਤੇ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਦਿੱਤੇ ਗਏ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਆਪੋ ਆਪਣੇ ਧੜਿਆਂ ਦੀ ਅਗਵਾਈ ਕੀਤੀ ਗਈ ਜਦੋਂਕਿ ਦੋ ਦਰਜਨ ਦੇ ਕਰੀਬ ਹੋਰ ਕਿਸਾਨ ਜਥੇਬੰਦੀਆਂ ਨੇ ਵੀ ਸਾਂਝੇ ਤੌਰ ‘ਤੇ ਪ੍ਰਦਰਸ਼ਨ ਕੀਤੇ। ਕਿਸਾਨ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ, ਸੁਖਦੇਵ ਸਿੰਘ ਕੋਕਰੀ ਕਲਾਂ, ਝੰਡਾ ਸਿੰਘ ਜੇਠੂਕੇ, ਹਰਿੰਦਰ ਕੌਰ ਬਿੰਦੂ, ਨਿਰਭੈ ਸਿੰਘ ਢੁੱਡੀਕੇ, ਮਨਜੀਤ ਸਿੰਘ ਧਨੇਰ, ਡਾ. ਦਰਸ਼ਨ ਪਾਲ, ਹਰਮੀਤ ਸਿੰਘ ਕਾਦੀਆਂ, ਮਨਜੀਤ ਸਿੰਘ ਰਾਏ, ਸਤਨਾਮ ਸਿੰਘ ਅਜਨਾਲਾ, ਸਤਨਾਮ ਸਿੰਘ ਬਹਿਰੂ, ਰੁਲਦੂ ਸਿੰਘ ਮਾਨਸਾ, ਬਲਦੇਵ ਸਿੰਘ ਨਿਹਾਲਗੜ੍ਹ, ਮੇਜਰ ਸਿੰਘ ਪੁੰਨਾਵਾਲ, ਅਵਤਾਰ ਸਿੰਘ ਮੇਹਲੋਂ, ਬੂਟਾ ਸਿੰਘ ਸ਼ਾਦੀਪੁਰ, ਗੁਰਬਖਸ਼ ਸਿੰਘ ਬਰਨਾਲਾ, ਸਤਨਾਮ ਸਿੰਘ ਪੰਨੂ, ਸਰਵਣ ਸਿੰਘ ਪੰਧੇਰ ਆਦਿ ਨੇ ਪ੍ਰਦਰਸ਼ਨਾਂ ਦੀ ਅਗਵਾਈ ਕੀਤੀ ਅਤੇ ਸੰਬੋਧਨ ਕੀਤਾ।
ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪਿਛਲੇ ਸਾਲ 3 ਅਕਤੂਬਰ ਦੇ ਦਿਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੋਨੀਆ ਕਸਬੇ ਵਿੱਚ ਸ਼ਾਂਤਮਈ ਅੰਦੋਲਨ ਕਰ ਕੇ ਪਰਤ ਰਹੇ ਕਿਸਾਨਾਂ ਨੂੰ ਜੀਪ ਥੱਲੇ ਦਰੜ ਕੇ ਚਾਰ ਕਿਸਾਨਾਂ ਤੇ ਇੱਕ ਪੱਤਰਕਾਰ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ ਅਤੇ ਇਸ ਹਾਦਸੇ ‘ਚ 13 ਤੋਂ ਵੱਧ ਕਿਸਾਨ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਸਨ। ਉਨ੍ਹਾਂ ਕਿਹਾ ਕਿ ਸ਼ਹੀਦ ਕਿਸਾਨਾਂ ਦੀਆਂ ਅੰਤਿਮ ਰਸਮਾਂ ਦੌਰਾਨ ਯੂਪੀ ਸਰਕਾਰ ਨੇ ਕਿਸਾਨ ਆਗੂਆਂ ਨਾਲ ਕੁਝ ਮੰਗਾਂ ਬਾਰੇ ਸਮਝੌਤਾ ਕੀਤਾ ਸੀ ਪਰ ਉਨ੍ਹਾਂ ਵਿੱਚੋਂ ਬਹੁਤੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ। ਇਸ ਤੋਂ ਦੁਖੀ ਦੇਸ਼ ਭਰ ਦੇ ਕਿਸਾਨਾਂ ਤੇ ਹੋਰ ਵਰਗਾਂ ਦੇ ਲੋਕਾਂ ਨੇ ਸ਼ਹੀਦਾਂ ਨੂੰ ਪਹਿਲੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਦੇ ਹੋਏ ਕੇਂਦਰ ਸਰਕਾਰ ਦੇ ਪੁਤਲੇ ਫੂਕ ਕੇ ਗੁੱਸਾ ਜ਼ਾਹਰ ਕੀਤਾ ਹੈ। ਬੁਲਾਰਿਆਂ ਵੱਲੋਂ ਮੰਗ ਕੀਤੀ ਗਈ ਕਿ ਅਜੈ ਮਿਸ਼ਰਾ ਟੈਨੀ ਨੂੰ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕਰ ਕੇ ਤੁਰੰਤ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜਿਆ ਜਾਵੇ। ਜੇਲ੍ਹੀਂ ਡੱਕੇ ਬੇਗੁਨਾਹ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ ਤੇ ਝੂਠੇ ਕੇਸ ਵਾਪਸ ਲਏ ਜਾਣ। ਸ਼ਹੀਦਾਂ ਦੇ ਪਰਿਵਾਰਾਂ ਵਾਅਦੇ ਮੁਤਾਬਕ ਨੌਕਰੀ ਦਿੱਤੀ ਜਾਵੇ। ਜ਼ਖ਼ਮੀ ਕਿਸਾਨਾਂ ਨੂੰ ਪ੍ਰਵਾਨਿਤ 10-10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ।