ਸੰਦੇਸ਼ ਦੇਣ ਲਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤੀ ਅਪੀਲ
ਅੰਮਿ੍ਰਤਸਰ/ਬਿੳੂਰੋ ਨਿੳੂਜ਼
ਪੰਜਾਬ ਵਿਚ ਪਰਾਲੀ ਸਾੜਨ ਤੋਂ ਰੋਕਣ ਵਿਚ ਅਸਮਰਥ ਹੋਈ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਹੁਣ ਸ੍ਰੀ ਅਕਾਲ ਤਖਤ ਸਾਹਿਬ ਦਾ ਰੁਖ ਕੀਤਾ ਹੈ। ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹੁਣ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ ਹਨ। ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਪੰਜਾਬ ’ਚ ਪਰਾਲੀ ਸਾੜਨ ਦੇ ਮੁੱਦੇ ’ਤੇ ਗੱਲਬਾਤ ਕੀਤੀ ਹੈ ਅਤੇ ਕੌਮ ਦੇ ਨਾਮ ਸੰਦੇਸ਼ ਦੇਣ ਸਮੇਂ ਪਰਾਲੀ ਦਾ ਮੁੱਦਾ ਉਠਾਉਣ ਦੀ ਅਪੀਲ ਕੀਤੀ ਹੈ। ਗੌਰਤਲਬ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਝੋਨੇ ਦੀ ਪਰਾਲੀ ਨੂੰ ਸਾੜਨ ਦਾ ਮੁੱਦਾ ਚਰਚਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਖਾਸਕਰ ਅੰਮਿ੍ਰਤਸਰ ਇਸ ਮਾਮਲੇ ਵਿਚ ਪੰਜਾਬ ’ਚ ਪਹਿਲੇ ਸਥਾਨ ’ਤੇ ਹੈ। ਪਰਾਲੀ ਸਾੜੇ ਜਾਣ ਦੇ ਚੱਲਦਿਆਂ ਦਿੱਲੀ ਦੇ ਵਾਤਾਵਰਣ ਵਿਚ ਵੀ ਇਸਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸੇ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲ ਕੇ ਇਹੀ ਮੰਗ ਕੀਤੀ ਹੈ ਕਿ ਪੰਜਾਬ ’ਚ ਕਿਸਾਨਾਂ ਵਲੋਂ ਲਗਾਤਾਰ ਪਰਾਲੀ ਸਾੜੀ ਜਾ ਰਹੀ ਹੈ, ਜਿਸ ਨੂੰ ਰੋਕਣ ਲਈ ਹੁਣ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੁਕਮ ਜਾਰੀ ਕੀਤਾ ਜਾਵੇ। ਧਾਲੀਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਸੰਦੇਸ਼ ਕੋਈ ਸਿੱਖ ਨਹੀਂ ਟਾਲਦਾ ਹੈ। ਇਹੀ ਕਾਰਨ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਹ ਸੁਨੇਹਾ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਕੋਲ ਪਹੁੰਚੇ ਹਨ। ਧਾਲੀਵਾਲ ਵਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪੇ ਪੱਤਰ ਵਿਚ ਵਾਤਾਵਰਣ ਨੂੰ ਬਚਾਉਣ ਦਾ ਹੀ ਸੰਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ।