ਰਾਜਪਾਲ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ ਵੀਸੀ ਦੀ ਨਿਯੁਕਤੀ ਵਾਲੀ ਫਾਈਲ ਕੀਤੀ ਵਾਪਸ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਰੱਦ ਕੀਤੇ ਜਾਣ ਤੋਂ ਬਾਅਦ ਪੈਦਾ ਹੋਇਆ ਤਣਾਅ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਜਿਸ ਦੇ ਨਤੀਜੇ ਵਜੋਂ ਹੁਣ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਲਈ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਫਾਈਲ ’ਤੇ ਇਤਰਾਜ਼ ਲਗਾ ਕੇ ਵਾਪਸ ਕਰ ਦਿੱਤੀ ਹੈ। ਧਿਆਨ ਰਹੇ ਕਿ ਪੰਜਾਬ ਸਰਕਾਰ ਨੇ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਦੀ ਨਿਯੁਕਤੀ ਨਾਲ ਸਬੰਧਤ ਫਾਈਲ ਰਾਜਪਾਲ ਨੂੰ ਭੇਜੀ ਸੀ। ਪ੍ਰੰਤੂ ਰਾਜਪਾਲ ਨੇ ਇਹ ਫਾਈਲ ਵਾਪਸ ਭੇਜਦਿਆਂ ਵੀਸੀ ਦੀ ਨਿਯੁਕਤੀ ਲਈ ਤਿੰਨ ਨਾਂ ਭੇਜਣ ਦੀ ਪੰਜਾਬ ਸਰਕਾਰ ਨੂੰ ਹਦਾਇਤ ਦਿੱਤੀ ਹੈ।

