ਭਾਜਪਾ ਆਗੂ ਤਜਿੰਦਰ ਸਿੰਘ ਬੱਗਾ ਅਤੇ ਕੁਮਾਰ ਵਿਸ਼ਵਾਸ ’ਤੇ ਦਰਜ ਐਫਆਈਆਰ ਰੱਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਭਾਜਪਾ ਆਗੂ ਤਜਿੰਦਰ ਸਿੰਘ ਬੱਗਾ ਅਤੇ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਦੇ ਖਿਲਾਫ ਦਰਜ ਐਫਆਈਆਰ ਰੱਦ ਕਰ ਦਿੱਤੀ ਹੈ। ਅੱਜ ਬੁੱਧਵਾਰ ਨੂੰ ਹਾਈਕੋਰਟ ਨੇ ਇਸ ਸਬੰਧ ਵਿਚ ਫੈਸਲਾ ਸੁਣਾਇਆ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਖਿਲਾਫ ਕੀਤੀਆਂ ਟਿੱਪਣੀਆਂ ਦੇ ਮਾਮਲੇ ਵਿਚ ਤਜਿੰਦਰ ਬੱਗਾ ਅਤੇ ਕੁਮਾਰ ਵਿਸ਼ਵਾਸ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਇਨ੍ਹਾਂ ਦੋਵਾਂ ਆਗੂਆਂ ਵਲੋਂ ਪਰਚੇ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਦਿੱਲੀ ਦੇ ਭਾਜਪਾ ਆਗੂ ਤਜਿੰਦਰ ਸਿੰਘ ਬੱਗਾ ਖਿਲਾਫ ‘ਆਪ’ ਨੇ ਇਸ ਕਰਕੇ ਕੇਸ ਦਰਜ ਕਰਾਇਆ ਸੀ ਕਿ ਉਸ ਨੇ ਅਰਵਿੰਦ ਕੇਜਰੀਵਾਲ ਖਿਲਾਫ ਟਵੀਟ ਕੀਤੇ ਹਨ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਬੱਗਾ ਨੂੰ ਦਿੱਲੀ ਜਾ ਕੇ ਗਿ੍ਰਫਤਾਰ ਕਰ ਲਿਆ ਸੀ। ਇਸਦੇ ਚੱਲਦਿਆਂ ਬੱਗਾ ਮਾਮਲੇ ਵਿਚ ਹਾਈਕੋਰਟ ਨੇ ਕਿਹਾ ਕਿ ਉਨ੍ਹਾਂ ਟਵੀਟ ਪੰਜਾਬ ’ਚ ਆ ਕੇ ਨਹੀਂ ਕੀਤੇ ਅਤੇ ਉਨ੍ਹਾਂ ਦੇ ਟਵੀਟ ਭੜਕਾਊ ਨਹੀਂ ਹਨ। ਇਸੇ ਤਰ੍ਹਾਂ ਕੁਮਾਰ ਵਿਸ਼ਵਾਸ ਖਿਲਾਫ ਆਮ ਆਦਮੀ ਪਾਰਟੀ ਨੇ ਰੋਪੜ ਵਿਚ ਕੇਸ ਦਰਜ ਕਰਵਾਇਆ ਸੀ। ਕੁਮਾਰ ਵਿਸ਼ਵਾਸ ’ਤੇ ਆਰੋਪ ਲਗਾਏ ਸਨ ਕਿ ਉਸ ਵਲੋਂ ਕੀਤੀਆਂ ਟਿੱਪਣੀਆਂ ਕਰਕੇ ਆਮ ਆਦਮੀ ਪਾਰਟੀ ਦੀ ਛਵੀ ਖਰਾਬ ਹੋਈ ਹੈ। ਕੇਸ ਦਰਜ ਹੋਣ ਤੋਂ ਬਾਅਦ ਪੰਜਾਬ ਪੁਲਿਸ ਕੁਮਾਰ ਵਿਸ਼ਵਾਸ ਦੇ ਗਾਜ਼ੀਆਬਾਦ ਸਥਿਤ ਘਰ ਵਿਚ ਵੀ ਪਹੁੰਚੀ ਸੀ ਅਤੇ ਉਨ੍ਹਾਂ ਨੂੰ ਨੋਟਿਸ ਭੇਜ ਕੇ ਜਾਂਚ ਵਿਚ ਸ਼ਾਮਲ ਹੋਣ ਲਈ ਕਿਹਾ ਸੀ। ਹਾਈਕੋਰਟ ਦੇ ਇਸ ਫੈਸਲੇ ਨਾਲ ਪੰਜਾਬ ਸਰਕਾਰ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ।