ਬਾਦਲ ਪਿਓ-ਪੁੱਤ ਕੋਲੋਂ ਸਿੱਟ ਨੇ ਕੀਤੀ ਪੁੱਛਗਿੱਛ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਸਮੇਂ ਸਾਲ 2015 ਦੌਰਾਨ ਵਾਪਰੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਦੀ ਤਫ਼ਤੀਸ਼ ਸਬੰਧੀ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਬੁੱਧਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛ-ਗਿੱਛ ਕੀਤੀ ਗਈ। ਇਸ ਮਾਮਲੇ ਵਿਚ ਸਿੱਟ ਨੇ ਵੀਰਵਾਰ ਨੂੰ ਸੁਖਬੀਰ ਸਿੰਘ ਬਾਦਲ ਕੋਲੋਂ ਵੀ ਪੁੱਛਗਿੱਛ ਕੀਤੀ ਹੈ। ‘ਸਿਟ’ ਦੇ ਮੁਖੀ ਐੱਲ.ਕੇ. ਯਾਦਵ ਦੀ ਅਗਵਾਈ ਹੇਠ ਤਿੰਨ ਪੁਲਿਸ ਅਧਿਕਾਰੀਆਂ ਦੀ ਟੀਮ ਨੇ ਸਾਬਕਾ ਮੁੱਖ ਮੰਤਰੀ ਤੋਂ ਉਨ੍ਹਾਂ ਦੀ ਚੰਡੀਗੜ੍ਹ ‘ਚ ਸੈਕਟਰ 9 ਸਥਿਤ ਨਿੱਜੀ ਰਿਹਾਇਸ਼ ਵਿੱਚ ਦੋ ਘੰਟੇ ਤੋਂ ਵੱਧ ਸਮਾਂ ਪੁੱਛ-ਪੜਤਾਲ ਕੀਤੀ। ਜ਼ਿਕਰਯੋਗ ਹੈ ਕਿ ਬਰਗਾੜੀ ਵਿੱਚ ਲੱਗੇ ਧਰਨੇ ਕਾਰਨ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਪੁਲਿਸ ਨੂੰ ਜਾਂਚ ਦਾ ਅਮਲ ਛੇਤੀ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ ਹਨ।
ਜਾਣਕਾਰੀ ਅਨੁਸਾਰ ਵਿਸ਼ੇਸ਼ ਜਾਂਚ ਟੀਮ ਬਾਦਲਾਂ ਦੀ ਸੈਕਟਰ 9 ਸਥਿਤ ਨਿੱਜੀ ਰਿਹਾਇਸ਼ ‘ਤੇ ਪੁੱਛਗਿੱਛ ਕਰਨ ਲਈ ਪਹੁੰਚੀ ਸੀ। ਪੁਲਿਸ ਅਧਿਕਾਰੀਆਂ ਦੀ ਟੀਮ ਨੇ ਸਾਬਕਾ ਮੁੱਖ ਮੰਤਰੀ ਤੋਂ ਕੋਟਕਪੂਰਾ ਪੁਲਿਸ ਗੋਲੀ ਕਾਂਡ ਨਾਲ ਸਬੰਧਤ ਸਵਾਲ ਪੁੱਛੇ। ਸੂਤਰਾਂ ਦਾ ਦੱਸਣਾ ਹੈ ਕਿ ਸਿਟ ਨੇ ਉਨ੍ਹਾਂ ਨੂੰ ਪੁੱਛਿਆ ਕਿ ਮੁੱਖ ਮੰਤਰੀ ਹੁੰਦਿਆਂ ਇਸ ਗੋਲੀ ਕਾਂਡ ਦੀ ਜਾਣਕਾਰੀ ਕਦੋਂ, ਕਿਵੇਂ ਅਤੇ ਕਿਸ ਰਾਹੀਂ ਲੱਗੀ। ਕੋਟਕਪੂਰਾ ਵਿੱਚ ਪੁਲਿਸ ਗੋਲੀ ਕਾਂਡ ਕਿਵੇਂ ਅਤੇ ਕਿਉਂ ਵਾਪਰਿਆ। ਸਰਕਾਰ ਵੱਲੋਂ ਘਟਨਾ ਉਪਰੰਤ ਕਿਸ ਤਰ੍ਹਾਂ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਤੇ ਪੁਲਿਸ ਨੂੰ ਗੋਲੀ ਚਲਾਉਣ ਦਾ ਹੁਕਮ ਕਿਸ ਪੱਧਰ ‘ਤੇ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਸਾਬਕਾ ਮੁੱਖ ਮੰਤਰੀ ਨੇ ‘ਸਿਟ’ ਵੱਲੋਂ ਕੀਤੇ ਜਿਨ੍ਹਾਂ ਸਵਾਲਾਂ ਦਾ ਜਵਾਬ ਦਿੱਤਾ ਹੈ, ਉਨ੍ਹਾਂ ਦੀ ਪ੍ਰਮਾਣਿਕਤਾ ਦੇਖੀ ਜਾਵੇਗੀ ਤੇ ਪੁਲਿਸ ਦਾ ਰਿਕਾਰਡ ਵੀ ਘੋਖਿਆ ਜਾਵੇਗਾ। ਸਾਬਕਾ ਮੁੱਖ ਮੰਤਰੀ ਨੂੰ ਕੋਟਕਪੂਰਾ ਗੋਲੀ ਕਾਂਡ ਦੀ ਤਫਤੀਸ਼ ਵਿੱਚ ਦੂਜੀ ਵਾਰ ‘ਸਿਟ’ ਦੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ ਹੈ। ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਤੋਂ ਇਸ ਗੋਲੀ ਕਾਂਡ ਦੇ ਮਾਮਲੇ ਵਿੱਚ ਸਭ ਤੋਂ ਪਹਿਲਾਂ ਪੁੱਛਗਿੱਛ ਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਵਾਲੀ ‘ਸਿਟ’ ਵੱਲੋਂ ਕੀਤੀ ਗਈ ਸੀ। ਇਸ ਸਿੱਟ ਵੱਲੋਂ ਅਦਾਲਤ ਵਿੱਚ ਪੇਸ਼ ਕੀਤੀ ਰਿਪੋਰਟ ਨੂੰ ਜਦੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰੱਦ ਕਰ ਦਿੱਤਾ ਤਾਂ ਕੈਪਟਨ ਸਰਕਾਰ ਵੱਲੋਂ ਐਲ.ਕੇ. ਯਾਦਵ ਦੀ ਅਗਵਾਈ ਹੇਠ ਨਵੀਂ ‘ਸਿਟ’ ਕਾਇਮ ਕੀਤੀ ਗਈ। ‘ਸਿਟ’ ਨੇ ਸੁਖਬੀਰ ਸਿੰਘ ਬਾਦਲ ਨੂੰ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਵੀ ਪੁੱਛਗਿੱਛ ਲਈ ਸੱਦਿਆ ਸੀ, ਪਰ ਪ੍ਰਕਾਸ਼ ਸਿੰਘ ਬਾਦਲ ਤੋਂ ਹੁਣ ‘ਆਪ’ ਸਰਕਾਰ ਦੇ ਗਠਨ ਤੋਂ ਬਾਅਦ ਪੁੱਛਗਿੱਛ ਕੀਤੀ ਗਈ ਹੈ। ਇਸ ਸਿਟ ਵੱਲੋਂ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਵਿੱਚ ਹੁਣ ਤੱਕ ਰਿਪੋਰਟ ਨਹੀਂ ਦਿੱਤੀ ਗਈ। ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਇਸ ਮਾਮਲੇ ਨੂੰ ਜਲਦੀ ਨੇਪਰੇ ਚਾੜ੍ਹਨਾ ਚਾਹੁੰਦੀ ਹੈ, ਤਾਂ ਜੋ ਅਕਾਲੀਆਂ ਤੇ ਕਾਂਗਰਸੀਆਂ ਵਾਂਗ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਨਾ ਹੋਵੇ। ਕੋਟਕਪੂਰਾ ਅਤੇ ਬਹਿਬਲ ਕਲਾਂ ਪੁਲਿਸ ਗੋਲੀ ਕਾਂਡਾਂ ਲਈ ਵਿਰੋਧੀਆਂ ਵੱਲੋਂ ਬਾਦਲ ਪਰਿਵਾਰ ਨੂੰ ਲਗਾਤਾਰ ਨਿਸ਼ਾਨੇ ‘ਤੇ ਲਿਆ ਜਾ ਰਿਹਾ ਹੈ।
ਇਹ ਵੀ ਜ਼ਿਕਰਯੋਗ ਹੈ ਕਿ ਇਨ੍ਹਾਂ ਮਾਮਲਿਆਂ ਦੀ ਪੜਤਾਲ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੇਵਾ ਮੁਕਤ ਜੱਜ ਜਸਟਿਸ ਰਣਜੀਤ ਸਿੰਘ ਵੱਲੋਂ ਜਾਂਚ ਰਿਪੋਰਟ ਕੈਪਟਨ ਸਰਕਾਰ ਨੂੰ ਸੌਂਪੀ ਗਈ ਸੀ। ਸਿਆਸੀ ਪਾਰਟੀਆਂ ਲਈ ਚਿੰਤਾ ਦੀ ਗੱਲ ਇਹ ਵੀ ਹੈ ਕਿ ਪੰਜਾਬ ‘ਚ ਸੱਤ ਸਾਲ ਪਹਿਲਾਂ ਵਾਪਰੀਆਂ ਇਨ੍ਹਾਂ ਘਟਨਾਵਾਂ ਦਾ ਸਿਆਸੀ ਅਸਰ ਅਜੇ ਤੱਕ ਵੇਖਣ ਨੂੰ ਮਿਲਦਾ ਹੈ। ਇਹੀ ਵਜ੍ਹਾ ਹੈ ਕਿ ‘ਆਪ’ ਸਰਕਾਰ ਨੇ ਇਨ੍ਹਾਂ ਮਾਮਲਿਆਂ ਦੀ ਪੜਤਾਲ ਵਿੱਚ ਤੇਜ਼ੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਉਧਰ ਬਰਗਾੜੀ ਵਿੱਚ ਸਿੱਖ ਸੰਗਠਨਾਂ ਨੇ ਮੋਰਚਾ ਲਾਇਆ ਹੋਇਆ ਹੈ। ਇਸ ਲਈ ਸਰਕਾਰ ਨੇ ਜਾਂਚ ਪੜਤਾਲ ਜਲਦੀ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਜਦੋਂ ਕੋਟਕਪੂਰਾ ‘ਚ ਪੁਲਿਸ ਗੋਲੀ ਕਾਂਡ ਵਾਪਰਿਆ ਸੀ, ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਸਨ ਅਤੇ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਗ੍ਰਹਿ ਮੰਤਰੀ ਸਨ। ‘ਸਿਟ ਦੇ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਾਂ’ : ‘ਸਿੱਟ’ ਵੱਲੋਂ ਕੀਤੀ ਪੁੱਛਗਿੱਛ ‘ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸਿਹਤ ਭਾਵੇਂ ਨਾਸਾਜ਼ ਹੈ, ਪਰ ਉਹ ਪੁਲਿਸ ਦੇ ਹਰ ਸਵਾਲ ਦਾ ਜਵਾਬ ਦੇਣ ਲਈ ਹਰ ਸਮੇਂ ਤਿਆਰ ਹਨ ਕਿਉਂਕਿ ਮਾਮਲਾ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਨਾਲ ਜੁੜਿਆ ਹੋਇਆ ਹੈ। ਸਾਬਕਾ ਮੁੱਖ ਮੰਤਰੀ ਦੀ ਸਿਹਤ ਪਿਛਲੇ ਕਈ ਦਿਨਾਂ ਤੋਂ ਜ਼ਿਆਦਾ ਨਾਸਾਜ਼ ਹੈ। ਉਹ ਚੰਡੀਗੜ੍ਹ ਦੇ ਸੈਕਟਰ 9 ਵਿੱਚ ਆਪਣੀ ਨਿੱਜੀ ਰਿਹਾਇਸ਼ ‘ਤੇ ਡਾਕਟਰਾਂ ਦੀ ਦੇਖ ਰੇਖ ਹੇਠ ਰਹਿ ਰਹੇ ਹਨ।
ਸੁਖਬੀਰ ਬਾਦਲ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਮੁੜ ਸਿੱਟ ਅੱਗੇ ਹੋਏ ਪੇਸ਼
ਕਿਹਾ : ਜਾਂਚ ਟੀਮ ਨੇ ਜਿਹੜੀ ਜਾਣਕਾਰੀ ਮੰਗੀ, ਉਹੀ ਕੀਤੀ ਮੁਹੱਈਆ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਵੀਰਵਾਰ ਨੂੰ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਮੁੜ ਸਿੱਟ ਅੱਗੇ ਪੇਸ਼ ਹੋਏ। ਐਲ ਕੇ ਯਾਦਵ ਦੀ ਅਗਵਾਈ ਵਾਲੀ ਐਸ ਆਈ ਟੀ ਦੀ ਜਾਂਚ ਟੀਮ ਨੇ ਸੁਖਬੀਰ ਸਿੰਘ ਬਾਦਲ ਕੋਲੋਂ ਚੰਡੀਗੜ੍ਹ ਦੇ ਸੈਕਟਰ 32 ਸਥਿਤ ਆਫਿਸਰਜ਼ ਇੰਸਟੀਚਿਊਟ ਵਿਖੇ ਪੁੱਛਗਿੱਛ ਕੀਤੀ ਗਈ। ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਜਾਂਚ ਟੀਮ ਨੇ ਜੋ ਜਾਣਕਾਰੀ ਉਨ੍ਹਾਂ ਕੋਲੋਂ ਮੰਗੀ ਸੀ, ਉਹ ਪੂਰੀ ਤਰ੍ਹਾਂ ਜਾਂਚ ਟੀਮ ਨੂੰ ਮੁਹੱਈਆ ਕਰਵਾ ਕੇ ਆਏ ਹਨ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਟੀਮ ਨੂੰ ਪੁੱਛਗਿੱਛ ਦੀ ਫਿਰ ਤੋਂ ਲੋੜ ਪਈ ਤਾਂ ਉਹ ਮੁੜ ਹਾਜ਼ਰ ਹੋਣ ਲਈ ਤਿਆਰ ਹਨ। ਸੁਖਬੀਰ ਬਾਦਲ ਨੇ ਅੱਗੇ ਕਿਹ ਕਿ ਕੋਟਕਪੂਰਾ ਗੋਲੀ ਕਾਂਡ ਨੂੰ ਲਟਕਾਇਆ ਨਾ ਜਾਵੇ ਅਤੇ ਛੇਤੀ ਤੋਂ ਛੇਤੀ ਇਨਸਾਫ਼ ਕੀਤਾ ਜਾਵੇ। ਜਿਸ ਸਮੇਂ ਕੋਟਕਪੂਰਾ ਗੋਲੀ ਕਾਂਡ ਵਾਪਰਿਆ ਸੀ ਉਸ ਸਮੇਂ ਪੰਜਾਬ ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਸੀ। ਸੁਖਬੀਰ ਸਿੰਘ ਬਾਦਲ ਉਸ ਸਰਕਾਰ ਵਿਚ ਉਪ ਮੁੱਖ ਮੰਤਰੀ ਸਨ ਅਤੇ ਗ੍ਰਹਿ ਵਿਭਾਗ ਵੀ ਉਨ੍ਹਾਂ ਕੋਲ ਹੀ ਸੀ। ਇਸ ਤੋਂ ਪਹਿਲਾਂ ਵੀ ਸਿੱਟ ਸੁਖਬੀਰ ਬਾਦਲ ਕੋਲੋਂ ਪੁੱਛਗਿੱਛ ਕਰ ਚੁੱਕੀ ਹੈ। ਧਿਆਨ ਰਹੇ ਕਿ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਲੰਘੇ ਕੱਲ੍ਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਵੀ ਸਿੱਟ ਨੇ ਉਨ੍ਹਾਂ ਦੀ ਰਿਹਾਇਸ਼ ਵਿਖੇ ਪਹੁੰਚ ਕੇ ਪੁੱਛਗਿੱਛ ਕੀਤੀ ਸੀ।